ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ FIR ਦਰਜ

ਪੰਜਾਬ

ਚੰਡੀਗੜ੍ਹ, 22 ਫਰਵਰੀ, ਦੇਸ਼ ਕਲਿੱਕ ਬਿਓਰੋ :

ਗ਼ੈਰਕਾਨੂੰਨੀ ਖਣਨ ਵਿਰੁੱਧ ਵੱਡੀ ਅਤੇ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਅੱਜ ਇਥੇ ਰੂਪਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਤਿੰਨ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।

ਇਹ ਕਾਰਵਾਈ ਗ਼ੈਰਕਾਨੂੰਨੀ ਖਣਨ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਸ. ਹਰਜੋਤ ਸਿੰਘ ਬੈਂਸ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਨੂੰ ਗ਼ੈਰਕਾਨੂੰਨੀ ਖਣਨ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾਣ  ਤੋਂ ਬਾਅਦ ਸਾਹਮਣੇ ਆਈ ਹੈ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦੋ ਐਫ.ਆਈ.ਆਰਜ਼. ਥਾਣਾ ਨੰਗਲ ਵਿਖੇ ਦਰਜ ਕੀਤੀਆਂ ਗਈਆਂ ਹਨ ਅਤੇ ਇੱਕ ਕਲਵਾਂ ਚੌਕੀ ਵਿਖੇ ਦਰਜ ਕੀਤੀ ਗਈ ਹੈ। ਇਹ ਤਿੰਨ ਐਫਆਈਆਰਜ਼ ਮਾਈਨਜ਼ ਐਂਡ ਮਿਨਰਲਜ਼ ਡਿਵੈਲਪਮੈਂਟ ਰੂਲਜ਼ , 1957 ਦੀ ਧਾਰਾ 21 (1) ਅਤੇ 4 (1) ਤਹਿਤ ਦਰਜ ਕੀਤੀਆਂ ਗਈਆਂ ਹਨ।

ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਗ਼ੈਰਕਾਨੂੰਨੀ ਮਾਈਨਿੰਗ ਦੇ ਵਧਦੇ ਇਸ ਗੰਭੀਰ ਮੁੱਦੇ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਹੋਰ ਵੀ ਕਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਸਾਰੇ ਮਹੱਤਵਪੂਰਨ ਰੂਟਾਂ ਅਤੇ ਰਸਤਿਆਂ ’ਤੇ ਹਾਈ-ਰੈਜ਼ੋਲਿਊਸ਼ਨ ਨਾਈਟ ਵਿਜ਼ਨ ਕਲੋਜ਼ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਤੁਰੰਤ ਲਗਾਉਣ ਦੇ ਹੁਕਮ ਦਿੱਤੇ ਹਨ, ਜਿਨ੍ਹਾਂ ਰਾਹੀਂ ਮਾਈਨਿੰਗ ਸਮੱਗਰੀ ਦੀ ਢੋਆ-ਢੁਆਈ ਕੀਤੀ ਜਾ ਸਕਦੀ ਹੈ ਜਾਂ ਜਿਹੜੇ ਰਸਤੇ ਗੈਰ-ਕਾਨੂੰਨੀ ਮਾਈਨਿੰਗ ਲਈ ਹੌਟਸਪੌਟ ਵਜੋਂ ਪਛਾਣੇ ਗਏ ਖੇਤਰਾਂ ਵਿੱਚ ਹਨ। ਕੈਬਨਿਟ ਮੰਤਰੀ ਨੇ ਸੀਸੀਟੀਵੀ ਕੈਮਰੇ ਲਗਾਉਣ ਲਈ 15 ਦਿਨਾਂ ਦੀ ਸਖ਼ਤ ਸਮਾਂ-ਸੀਮਾ ਨਿਰਧਾਰਤ ਕੀਤੀ ਹੈ।

ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਹਰੇਕ ਕਰੱਸ਼ਰ ‘ਤੇ ਵਿਆਪਕ ਛਾਪੇਮਾਰੀ ਕਰਨ ਦੇ ਹੁਕਮ ਦਿੱਤੇ, ਨਾਲ ਹੀ ਕਿਸੇ ਵੀ ਕਿਸਮ ਦੀਆਂ ਬੇਨਿਯਮੀਆਂ ਦਾ ਪਤਾ ਲਗਾਉਣ ਲਈ ਉਨ੍ਹਾਂ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਦੀ ਜਵਾਬਦੇਹੀ ਵਧਾਉਣ ਦੇ ਨਾਲ-ਨਾਲ ਗੈਰ-ਕਾਨੂੰਨੀ ਖਣਨ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਮਿਲੀਭੁਗਤ ਖ਼ਿਲਾਫ਼ ਸਖਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਗ਼ੈਰਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਵਿਅਕਤੀ ਕਿਸੇ ਵੀ ਰਾਜਸੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ ਜਾਂ ਉਸ ਦਾ ਜਿੱਡਾ ਮਰਜ਼ੀ ਵੱਡਾ ਰੁਤਬਾ ਹੋਵੇ।

ਉਹਨਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ – ਭਾਵੇਂ ਉਸਦਾ ਰਾਜਨੀਤਿਕ ਸਬੰਧ ਜਾਂ ਰੁਤਬਾ ਕੋਈ ਵੀ ਹੋਵੇ। ਗੈਰ-ਕਾਨੂੰਨੀ ਖਣਨ ਵਿੱਚ ਸ਼ਾਮਲ ਕੋਈ ਵੀ ਵਿਅਕਤੀ ਇਸਦੇ ਗੰਭੀਰ ਨਤੀਜੇ ਭੁਗਤੇਗਾ। ਉਹਨਾਂ ਅੱਗੇ ਦੱਸਿਆ ਕਿ ਗੈਰ-ਕਾਨੂੰਨੀ ਖਣਨ ਇੱਕ ਗੰਭੀਰ ਅਪਰਾਧ ਹੈ।

ਸ. ਹਰਜੋਤ ਸਿੰਘ ਬੈਂਸ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਕੁਦਰਤੀ ਸਰੋਤਾਂ ਨੂੰ ਸੁਰੱਖਿਅਤ ਰੱਖਣ ਲਈ ਅੱਗੇ ਆਉਣ ਅਤੇ ਸੂਬਾ ਸਰਕਾਰ ਨਾਲ ਸਹਿਯੋਗ ਕਰਨ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਦੀ ਪਛਾਣ ਕਰਨ ਅਤੇ ਰਿਪੋਰਟ ਕਰਨ ਲਈ ਯੂਥ ਕਲੱਬਾਂ ਨੂੰ ਸ਼ਾਮਲ ਕਰਨ, ਜਿਸ ਨਾਲ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਵਿੱਚ ਮਦਦ ਮਿਲੇਗੀ।

ਉਹਨਾਂ ਅੱਗੇ ਕਿਹਾ ਕਿ ਗੈਰ-ਕਾਨੂੰਨੀ ਖਣਨ ਪੰਜਾਬ ਦੇ ਵਾਤਾਵਰਣ ਅਤੇ ਆਰਥਿਕਤਾ ਲਈ ਸਿੱਧਾ ਖ਼ਤਰਾ ਹੈ। ਉਹ ਕਿਸੇ ਨੂੰ ਵੀ ਨਿੱਜੀ ਲਾਭ ਲਈ ਆਪਣੀ ਧਰਤੀ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦੇਣਗੇ। ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਆਪਣੀ ਜ਼ਮੀਨ ਤੇ ਕੁਦਰਤੀ ਸਰੋਤਾਂ ਦੀ ਰਾਖੀ ਦੇ ਕਾਰਜਾਂ ਵਿੱਚ ਪੂਰੀ ਪਾਰਦਰਸ਼ਤਾ ਬਣਾਈ ਰੱਖਣ ਲਈ ਸਮਰਪਿਤ ਹੈ। ਉਹਨਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਅਤੇ ਜ਼ਿੰਮੇਵਾਰ ਨਾਗਰਿਕਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ ਅਤੇ ਉਹ ਸਾਰਿਆਂ ਨੂੰ ਪੰਜਾਬ ਦੇ ਸਰੋਤਾਂ ਦੀ ਰਾਖੀ ਲਈ ਇਸ ਮਿਸ਼ਨ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹਨ।

ਉਹਨਾਂ ਕਿਹਾ ਕਿ ਕਾਨੂੰਨੀ ਖਣਨ ਕਾਰਜਾਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਇਹ ਯਕੀਨੀ ਬਣਾਏਗੀ ਕਿ ਜੋ ਲੋਕ ਕਾਨੂੰਨ ਦੀ ਮਰਿਆਦਾ ਅੰਦਰ ਕੰਮ ਕਰ ਰਹੇ ਹਨ, ਉਹ ਆਪਣਾ ਕੰਮ ਸੁਚਾਰੂ ਢੰਗ ਨਾਲ ਕਰ ਸਕਣ।

Published on: ਫਰਵਰੀ 22, 2025 7:09 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।