ਚੰਡੀਗੜ੍ਹ, 22 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਬੀਤੇ ਦਿਨੀ ਪਏ ਮੀਂਹ ਤੋਂ ਬਾਅਦ ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਹੇਠਾਂ ਬਣਿਆ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਹਾਲਾਂਕਿ, ਰਾਜ ਵਿੱਚ ਤਾਪਮਾਨ ਆਮ ਨਾਲੋਂ -1.6 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 25.1 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਵੇਗਾ। ਜਦਕਿ 24 ਫਰਵਰੀ ਤੋਂ ਬਾਅਦ ਤਾਪਮਾਨ ‘ਚ ਜ਼ਿਆਦਾ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ। ਪਰ ਇਸ ਦਿਨ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਫਿਰ ਤੋਂ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 24 ਫਰਵਰੀ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਦਾ ਅਸਰ ਜੰਮੂ-ਕਸ਼ਮੀਰ, ਹਿਮਾਚਲ ਅਤੇ ਉਤਰਾਖੰਡ ਦੇ ਪਹਾੜੀ ਇਲਾਕਿਆਂ ‘ਚ ਦੇਖਣ ਨੂੰ ਮਿਲੇਗਾ। 24 ਫਰਵਰੀ ਤੋਂ ਪਹਾੜੀ ਇਲਾਕਿਆਂ ‘ਚ ਬਾਰਿਸ਼ ਦੇ ਨਾਲ-ਨਾਲ ਬਰਫਬਾਰੀ ਵੀ ਹੋ ਸਕਦੀ ਹੈ।
ਇਸ ਦਾ ਅਸਰ 26 ਫਰਵਰੀ ਤੋਂ ਮੈਦਾਨੀ ਇਲਾਕਿਆਂ ‘ਚ ਦੇਖਣ ਨੂੰ ਮਿਲੇਗਾ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 26-27 ਫਰਵਰੀ ਨੂੰ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ। ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਮੀਂਹ ਦੇ ਨਾਲ-ਨਾਲ ਤੂਫਾਨ ਦੀ ਵੀ ਸੰਭਾਵਨਾ ਹੈ।
Published on: ਫਰਵਰੀ 22, 2025 10:14 ਪੂਃ ਦੁਃ