ਚੰਡੀਗੜ੍ਹ ‘ਚ 4003 ਰੇਹੜੀ-ਫੜੀ ਵਾਲਿਆਂ ਦੇ ਲਾਇਸੈਂਸ ਰੱਦ
ਚੰਡੀਗੜ੍ਹ, 25 ਫਰਵਰੀ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਨਗਰ ਨਿਗਮ ਦੀ ਟਾਊਨ ਵੈਂਡਿੰਗ ਕਮੇਟੀ (ਟੀ.ਵੀ.ਸੀ.) ਨੇ ਬਕਾਏ ਦਾ ਭੁਗਤਾਨ ਨਾ ਕਰਨ ਵਾਲੇ 4003 ਰੇਹੜੀ-ਫੜੀ ਵਾਲਿਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਇਹ ਫੈਸਲਾ ਨਗਰ ਨਿਗਮ ਦੀ ਟਾਊਨ ਵੈਂਡਿੰਗ ਕਮੇਟੀ ਦੀ 34ਵੀਂ ਮੀਟਿੰਗ ਵਿੱਚ ਲਿਆ ਗਿਆ, ਜਿਸ ਦੀ ਪ੍ਰਧਾਨਗੀ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਕੀਤੀ। ਮੀਟਿੰਗ ਵਿੱਚ ਟੀਵੀਸੀ ਦੇ ਸਾਰੇ ਮੈਂਬਰ ਅਤੇ ਨਿਗਮ ਦੇ ਸਬੰਧਤ ਅਧਿਕਾਰੀ ਹਾਜ਼ਰ ਹੋਏ।
ਇਸ ਤੋਂ ਇਲਾਵਾ ਮੀਟਿੰਗ ਵਿੱਚ ਸ਼ਹਿਰ ਦੇ ਕਈ ਮੁੱਦਿਆਂ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਹਾਜ਼ਰ ਸਮੂਹ ਅਧਿਕਾਰੀਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ।ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਕਈ ਫੈਸਲੇ ਲਏ ਗਏ, ਜਿਸ ਵਿੱਚ ਸਟਰੀਟ ਵੈਂਡਰਾਂ ਨੂੰ ਸੁਚਾਰੂ ਬਣਾਉਣ, ਵੈਂਡਿੰਗ ਜ਼ੋਨਾਂ ਵਿੱਚ ਸੁਧਾਰ ਕਰਨ ਅਤੇ ਸਟਰੀਟ ਵੈਂਡਰਾਂ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕੀਤੀ ਗਈ।
ਨਗਰ ਨਿਗਮ ਨੇ ਰਜਿਸਟਰਡ ਵਿਕਰੇਤਾਵਾਂ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਸ਼ਹਿਰੀ ਯੋਜਨਾਬੰਦੀ ਨੂੰ ਮਜ਼ਬੂਤ ਬਣਾਉਣ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ। ਕਮਿਸ਼ਨਰ ਅਮਿਤ ਕੁਮਾਰ ਨੇ ਕਿਹਾ ਕਿ ਸਾਰੀਆਂ ਧਿਰਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾਵੇਗਾ ਅਤੇ ਕਿਸੇ ਵੀ ਧਿਰ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।
Published on: ਫਰਵਰੀ 25, 2025 7:07 ਪੂਃ ਦੁਃ