ਚੰਡੀਗੜ੍ਹ, 2 ਮਾਰਚ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਵੱਲੋਂ ਚਲਾਏ ਜਾ ਰਹੇ ਕੰਮਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਅਤੇ ਟੈਂਡਰਿੰਗ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਗੁਣਵੱਤਾ ਦੇ ਮਿਆਰਾਂ ਨੂੰ ਕਾਇਮ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ।
ਲੋਕ ਨਿਰਮਾਣ ਮੰਤਰੀ ਵੱਲੋਂ ਲਈ ਗਈ ਕੀਤੀ ਗਈ ਇਸ ਸਮੀਖਿਆ ਮੀਟਿੰਗ ਵਿੱਚ ਸਾਰੇ ਚੀਫ਼ ਇੰਜੀਨੀਅਰਾਂ ਅਤੇ ਜਾਇੰਟ ਸਕੱਤਰ ਪੀ.ਡਬਲਿਊ.ਡੀ ਅਮਰਬੀਰ ਸਿੱਧੂ ਹਾਜ਼ਰੀ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਗੁਣਵੱਤਾ ਦੇ ਪਹਿਲੂਆਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਿਨਾਂ ਕਿਸੇ ਡਰਾਵੇ ਜਾਂ ਪੱਖਪਾਤ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਨਿਯਮਤ ਗੁਣਵੱਤਾ ਜਾਂਚ ਕਰਨ। ਉਨ੍ਹਾਂ ਨੇ ਟੈਂਡਰਿੰਗ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਦੀ ਮਹੱਤਤਾ ‘ਤੇ ਵਾਰ-ਵਾਰ ਜ਼ੋਰ ਦਿੰਦਿਆਂ ਇਸ ਸਬੰਧੀ ਪਾਰਦਰਸ਼ਤਾ ਐਕਟ ਅਨੁਸਾਰ ਨਿਰਧਾਰਤ ਪ੍ਰਕਿਰਿਆ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ।
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੇ ਮੁੱਖ ਇੰਜੀਨੀਅਰਾਂ ਨੂੰ ਕੰਮ ਦੀਆਂ ਬਦਲਦੀਆਂ ਹਾਲਤਾਂ ਅਤੇ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਿਆਰੀ ਬੋਲੀ ਦਸਤਾਵੇਜ਼ ਵਿੱਚ ਲੋੜ ਅਨੁਸਾਰ ਸੋਧ ਕਰਨ ਦੀ ਵੀ ਸਲਾਹ ਦਿੱਤੀ। ਉਨ੍ਹਾਂ ਜ਼ਮੀਨ ਐਕਵਾਇਰ, ਯੂਟੀਲਿਟੀ ਸ਼ਿਫ਼ਟਿੰਗ, ਜੰਗਲਾਤ ਅਤੇ ਹੋਰ ਕਾਨੂੰਨੀ ਪ੍ਰਵਾਨਗੀਆਂ ਕਾਰਨ ਕੰਮਾਂ ਨੂੰ ਨੇਪਰੇ ਚਾੜ੍ਹਨ ਵਿੱਚ ਹੋ ਰਹੀ ਦੇਰੀ ਦਾ ਵੀ ਗੰਭੀਰ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਸਮੇਂ-ਸਮੇਂ ‘ਤੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਅਤੇ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਦਫ਼ਤਰਾਂ ਵੱਲੋਂ ਪ੍ਰੋਜੈਕਟ ਫਾਲੋਅਪ ਵਿੱਚ ਪਏ ਪਾੜੇ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਇਸ ਪਾੜੇ ਨੂੰ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ, “ਲੋੜ ਪੈਣ ‘ਤੇ ਸਮੱਸਿਆਵਾਂ ਨੂੰ ਹੱਲ ਕਰਨ ਲਈ ਮੇਰੇ ਦਫ਼ਤਰ ਰਾਹੀਂ ਸਬੰਧਤ ਦਫਤਰ ਨੂੰ ਭੇਜਿਆ ਜਾਵੇ, ਤਾਂ ਜੋ ਪ੍ਰੋਜੈਕਟ ਦੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਇਆ ਜਾ ਸਕੇ।“
ਇਸ ਮੌਕੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਅਤੇ ਲੋਕ ਨਿਰਮਾਣ ਵਿਭਾਗ ਵਿੱਚ ਪਾਰਦਰਸ਼ਤਾ ਵਧਾਉਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।
Published on: ਮਾਰਚ 2, 2025 4:44 ਬਾਃ ਦੁਃ