ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਨੇ ਇਸ ਸਬੰਧੀ ਡਾਕਟਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ
ਚੰਡੀਗੜ੍ਹ, 2 ਮਾਰਚ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਪੀਜੀਆਈਐਮਈਆਰ ਪ੍ਰਸ਼ਾਸਨ ਜਲਦੀ ਹੀ ਡਾਕਟਰਾਂ ਦੀ ਲਿਖਤ ਨੂੰ ਪੜ੍ਹਨਯੋਗ ਬਣਾਉਣ ਲਈ ਆਪਣੇ ਫੈਕਲਟੀ ਅਤੇ ਹੋਰ ਸਬੰਧਤ ਧਿਰਾਂ ਨਾਲ ਮੀਟਿੰਗ ਕਰੇਗਾ। ਇਹ ਜਾਣਕਾਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦਿੱਤੀ ਗਈ ਹੈ।
ਇਸ ਮਾਮਲੇ ਵਿੱਚ ਹਾਈਕੋਰਟ ਨੇ ਹੁਕਮ ਦਿੱਤਾ ਸੀ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ ਪ੍ਰਸ਼ਾਸਨ ਅਤੇ ਹੋਰ ਸਬੰਧਤ ਧਿਰਾਂ ਇਸ ਸਮੱਸਿਆ ਦੇ ਹੱਲ ਲਈ ਸੁਝਾਅ ਦੇਣ।ਮਾਮਲੇ ਦੀ ਤਾਜ਼ਾ ਸੁਣਵਾਈ ਦੌਰਾਨ ਪੀਜੀਆਈਐਮਈਆਰ ਚੰਡੀਗੜ੍ਹ ਦੀ ਕੌਂਸਲ ਨੇ ਅਦਾਲਤ ਤੋਂ ਇੱਕ ਹਫ਼ਤੇ ਦਾ ਸਮਾਂ ਮੰਗਿਆ ਹੈ।
ਉਨ੍ਹਾਂ ਕਿਹਾ ਕਿ ਸਮੁੱਚੀ ਫੈਕਲਟੀ ਨਾਲ ਤਾਲਮੇਲ ਕਰਕੇ ਇਸ ਸਮੱਸਿਆ ਦੇ ਹੱਲ ਲਈ ਕੋਈ ਠੋਸ ਫਾਰਮੂਲਾ ਤਿਆਰ ਕੀਤਾ ਜਾਵੇਗਾ। ਮਾਮਲੇ ਦੀ ਅਗਲੀ ਸੁਣਵਾਈ 18 ਮਾਰਚ ਨੂੰ ਹੋਵੇਗੀ। ਹੁਣ ਇਸ ਮਾਮਲੇ ‘ਚ ਹਲਫ਼ਨਾਮਾ ਹਾਈਕੋਰਟ ‘ਚ ਪੇਸ਼ ਕੀਤਾ ਜਾਵੇਗਾ।ਨੈਸ਼ਨਲ ਮੈਡੀਕਲ ਕਮਿਸ਼ਨ (ਐਨਐਮਸੀ) ਦੀ ਕੌਂਸਲ ਨੇ ਵੀ ਮਾਮਲੇ ਵਿੱਚ ਹਲਫ਼ਨਾਮਾ ਪੇਸ਼ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਮੰਗਿਆ ਹੈ।
ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਵੀ ਮੰਗਿਆ ਹੈ। ਇਨ੍ਹਾਂ ਤੋਂ ਇਲਾਵਾ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਸ ਸਬੰਧੀ ਡਾਕਟਰਾਂ ਨੂੰ ਕੁਝ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਹਲਫ਼ਨਾਮਾ ਅਗਲੀ ਸੁਣਵਾਈ ਵਿੱਚ ਪੇਸ਼ ਕੀਤਾ ਜਾਵੇਗਾ।
Published on: ਮਾਰਚ 2, 2025 5:16 ਬਾਃ ਦੁਃ