ਮੇਰੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ : ਮੁੱਖ ਮੰਤਰੀ

ਪੰਜਾਬ


ਚੰਡੀਗੜ੍ਹ, 4 ਮਾਰਚ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਅੱਜ ਪੰਜਾਬ ਭਵਨ ਵਿਖੇ ਇੱਕ ਮੀਟਿੰਗ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਹਮੇਸ਼ਾ ਤਿਆਰ ਹੈ, ਇਸ ਲਈ ਰੇਲਾਂ ਜਾਂ ਸੜਕਾਂ ਰੋਕਣ ਨਾਲ ਆਮ ਲੋਕਾਂ ਨੂੰ ਹੁੰਦੀ ਪ੍ਰੇਸ਼ਾਨੀ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਆਮ ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰਦੀ ਹੈ ਅਤੇ ਪ੍ਰੇਸ਼ਾਨ ਹੋਏ ਲੋਕ ਅੰਦੋਲਨਕਾਰੀਆਂ ਦੇ ਵਿਰੁੱਧ ਹੋ ਜਾਂਦੇ ਹਨ ਜਿਸ ਨਾਲ ਸਮਾਜ ਵਿੱਚ ਫੁੱਟ ਪੈਦਾ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਆਮ ਲੋਕਾਂ ਨੂੰ ਅਜਿਹੇ ਵਿਰੋਧ ਪ੍ਰਦਰਸ਼ਨਾਂ ਕਾਰਨ ਬਹੁਤ ਨੁਕਸਾਨ ਝੱਲਣਾ ਪੈਂਦਾ ਹੈ ਜੋ ਕਿ ਪੂਰੀ ਤਰ੍ਹਾਂ ਗੈਰ-ਵਾਜਬ ਅਤੇ ਅਣਉਚਿਤ ਹੈ। 
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ ਪਰ ਉਨ੍ਹਾਂ ਨੂੰ ਇਹ ਵੀ ਸੋਚਣਾ ਚਾਹੀਦਾ ਹੈ ਕਿ ਇਨ੍ਹਾਂ ਨਾਲ ਸੂਬੇ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਅਤੇ ਉਦਯੋਗਪਤੀ ਇਸ ਗੱਲ ‘ਤੇ ਦੁੱਖ ਪ੍ਰਗਟ ਕਰ ਰਹੇ ਹਨ ਕਿ ਵਾਰ-ਵਾਰ ਸੜਕਾਂ ਅਤੇ ਰੇਲਾਂ ਜਾਮ ਕਰਨ ਨਾਲ ਉਨ੍ਹਾਂ ਦੇ ਕਾਰੋਬਾਰ ਬਰਬਾਦ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਸਮਾਜ ਵਿੱਚ ਫੁੱਟ ਪਾਉਣ ਵਾਲੀਆਂ ਅਜਿਹੀਆਂ ਚਾਲਾਂ ਤੋਂ ਬਚਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਪਰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਯੂਨੀਅਨਾਂ ਦੇ ਲਗਾਤਾਰ ਵਿਰੋਧ ਪ੍ਰਦਰਸ਼ਨਾਂ ਕਾਰਨ ਪੰਜਾਬ ਅਤੇ ਪੰਜਾਬੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕਾਂ ਜਾਮ ਕਰਨ ਨਾਲ ਰੋਜ਼ਾਨਾ ਹਜ਼ਾਰਾਂ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਰੋਧ ਪ੍ਰਦਰਸ਼ਨਾਂ ਰਾਹੀਂ ਆਮ ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰਨ ਤੋਂ ਗੁਰੇਜ਼ ਕਰਨ ਕਿਉਂਕਿ ਇਸ ਨਾਲ ਲੋਕਾਂ ਦੇ ਰੋਜ਼ਾਨਾ ਕੰਮਕਾਜ ਵਿੱਚ ਰੁਕਾਵਟ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਰੇਲਾਂ ਅਤੇ ਸੜਕਾਂ ਜਾਮ ਕਰਨ ਨਾਲ ਕੇਂਦਰ ਸਰਕਾਰ ‘ਤੇ ਕੋਈ ਅਸਰ ਨਹੀਂ ਪੈਂਦਾ ਪਰ ਆਮ ਲੋਕਾਂ ਦੇ ਜੀਵਨ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਆਗੂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਲਈ ਉਨ੍ਹਾਂ ਨਾਲ ਇੰਨੀਆਂ ਮੀਟਿੰਗਾਂ ਨਹੀਂ ਕੀਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਇਹ ਮੁੱਦੇ ਪੰਜਾਬ ਸਰਕਾਰ ਨਾਲ ਸਬੰਧਤ ਨਾ ਹੋਣ ਦੇ ਬਾਵਜੂਦ ਵੀ ਕਿਸਾਨ ਅਜੇ ਵੀ ਸੂਬੇ ਵਿੱਚ ਵਿਰੋਧ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹੱਕਾਂ ਦੇ ਰਖਵਾਲੇ ਹਨ ਅਤੇ ਉਨ੍ਹਾਂ ਦੇ ਹਿੱਤਾਂ ਨੂੰ ਹਰ ਕੀਮਤ ’ਤੇ ਮਹਿਫੂਜ਼ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਵੱਲੋਂ ਖੇਤੀਬਾੜੀ ਮੰਡੀਕਰਨ ਬਾਰੇ ਤਿਆਰ ਕੀਤੇ ਗਏ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਇਸ ਦਾ ਮੰਡੀਕਰਨ ਸੂਬੇ ਦਾ ਵਿਸ਼ਾ ਹੈ ਅਤੇ ਕੇਂਦਰ ਸਰਕਾਰ ਦੀ ਇਸ ਵਿੱਚ ਕੋਈ ਭੂਮਿਕਾ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖਰੜਾ ਕੇਂਦਰ ਸਰਕਾਰ ਦੇ ਪੰਜਾਬ ਵਿਰੋਧੀ ਅਤੇ ਕਿਸਾਨ ਵਿਰੋਧੀ ਵਤੀਰੇ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਭੇਜੇ ਗਏ ਲਿਖਤੀ ਜਵਾਬ ਰਾਹੀਂ ਇਸ ਖਰੜੇ ਦੀ ਸਖ਼ਤ ਮੁਖਾਲਫ਼ਤ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਖਰੜੇ ਨੂੰ ਸੂਬਾ ਸਰਕਾਰ ਵੱਲੋਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ ਕਿਉਂਕਿ ਇਹ ਸੂਬੇ ਦੇ ਹਿੱਤਾਂ ਦੇ ਪੂਰੀ ਤਰ੍ਹਾਂ ਵਿਰੁੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹੱਕਾਂ ਅਤੇ ਹਿੱਤਾਂ ਦੇ ਰਖਵਾਲੇ ਹਨ ਅਤੇ ਇਸ ਦੀ ਖਾਤਰ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਲਈ ਖੇਤੀਬਾੜੀ ਨੀਤੀ ਦਾ ਖਰੜਾ ਪਹਿਲਾਂ ਹੀ ਤਿਆਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਭਾਈਵਾਲਾਂ ਤੋਂ ਸੁਝਾਅ ਮੰਗੇ ਗਏ ਹਨ ਅਤੇ ਸਾਰਿਆਂ ਦੇ ਸੁਝਾਅ ਪ੍ਰਾਪਤ ਹੋਣ ਤੋਂ ਬਾਅਦ ਇਸ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਭਾਈਵਾਲਾਂ ਦਾ ਜਵਾਬ ਮਿਲਣ ਤੋਂ ਬਾਅਦ ਹੀ ਨੀਤੀ ਤਿਆਰ ਕੀਤੀ ਜਾਵੇਗੀ ਅਤੇ 20 ਦਿਨਾਂ ਦੇ ਅੰਦਰ ਸਾਰੇ ਭਾਈਵਾਲਾਂ ਤੋਂ ਜਵਾਬ ਪ੍ਰਾਪਤ ਹੋ ਜਾਵੇਗਾ।

ਇਕ ਹੋਰ ਮੁੱਦੇ ‘ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਰਜ਼ੇ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਧਦੀ ਲਾਗਤ ਅਤੇ ਘਟਦੀ ਆਮਦਨ ਕਾਰਨ ਸੂਬੇ ਦੇ ਕਿਸਾਨ ਸੰਕਟ ਵਿੱਚ ਹਨ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਅੱਗੇ ਹਮੇਸ਼ਾ ਕਿਸਾਨਾਂ ਦੇ ਮੁੱਦੇ ਉਠਾਏ ਹਨ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਸੂਬੇ ਦੇ ਕਿਸਾਨਾਂ ਨੂੰ ਦਰਪੇਸ਼ ਕਿਸੇ ਵੀ ਮੁੱਦੇ ਵੱਲ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਅਰਥਸ਼ਾਸਤਰੀਆਂ ਵੱਲੋਂ ਕਿਸਾਨ ਵਿਰੋਧੀ ਨੀਤੀਆਂ ਘੜੀਆਂ ਜਾ ਰਹੀਆਂ ਹਨ ਜਿਸ ਕਾਰਨ ਕਿਸਾਨ ਦੁੱਖ ਝੱਲ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੇ ਮਿਹਨਤੀ ਕਿਸਾਨਾਂ ਪ੍ਰਤੀ ਵਿਰੋਧੀ ਰਵੱਈਆ ਅਪਣਾਇਆ ਹੋਇਆ ਹੈ ਪਰ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਨਾਲ ਡਟ ਕੇ ਖੜ੍ਹੀ ਨਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਮਾਮਲਾ ਕੇਂਦਰ ਸਰਕਾਰ ਕੋਲ ਮਜ਼ਬੂਤੀ ਨਾਲ ਉਠਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਬਹੁਤ ਜ਼ਰੂਰੀ ਹੈ, ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ।

Published on: ਮਾਰਚ 4, 2025 7:54 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।