ਮਾਨਸਾ, 05 ਮਾਰਚ: ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਅਤੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਮੀਟਿੰਗ ਕਰਦਿਆਂ ਜ਼ਿਲ੍ਹੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਨੂੰ ਨਸ਼ਿਆਂ ਖਿਲਾਫ ਸਿਵਲ ਤੇ ਪੁਲਿਸ ਪ੍ਰਸਾਸ਼ਨ ਦਾ ਸਹਿਯੋਗ ਕਰਨ ਦਾ ਸੱਦਾ ਦਿੱਤਾ ਹੈ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਵੇਚਣ ਵਾਲਿਆਂ ਖਿਲਾਫ਼ ਸਖ਼ਤੀ ਨਾਲ ਪੇਸ਼ ਆ ਰਹੀ ਹੈ ਅਤੇ ਕਈ ਥਾਵਾਂ ’ਤੇ ਨਸ਼ਾ ਤਸਕਰਾਂ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਦੇ ਘਰ ਵੀ ਢਾਹੇ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦਾ ਵਪਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਜੜੋਂ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੰਤਵ ਸਮਾਜ ਵਿਚਲੀ ਨਸ਼ੇ ਦੀ ਅਲ੍ਹਾਮਤ ਤੋਂ ਛੁਟਕਾਰਾ ਪਾਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾਵੇ ਅਤੇ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਪ੍ਰਸਾਸ਼ਨ ਨੂੰ ਦਿੱਤੀ ਜਾਵੇ।
ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਪੁਲਿਸ ਲਗਾਤਾਰ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਲਈ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨਸ਼ਾ ਤਸਕਰਾਂ ਦੀ ਸੂਚਨਾ ਬੇਝਿਜਕ ਪੁਲਿਸ ਪ੍ਰਸਾਸ਼ਨ ਨੂੰ ਦੇ ਸਕਦੀਆਂ ਹਨ ਅਤੇ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਦੇਣ ਵਾਲਿਆਂ ਦਾ ਨਾਮ ਅਤੇ ਪਹਿਚਾਣ ਗੁਪਤ ਰੱਖੀ ਜਾਵੇਗੀ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਵਿਕਾਸ ਦੇ ਕੰਮ ਸਮਾਂਬੱਧ ਅਤੇ ਪਾਰਦਰਸ਼ੀ ਤਰੀਕੇ ਨਾਲ ਕੀਤੇ ਜਾਣੇ ਯਕੀਨੀ ਬਣਾਏ ਜਾਣ। ਸ਼ਾਮਲਾਟ ਦੀਆਂ ਜ਼ਮੀਨਾਂ ਦੀ ਖੁੱਲ੍ਹੀ ਤੇ ਪਾਰਦਰਸ਼ੀ ਬੋਲੀ ਕੀਤੀ ਜਾਣੀ ਲਾਜ਼ਮੀ ਹੋਵੇ। ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਕੰਮਾਂ ਵਿਚ ਨਰੇਗਾ ਮਜ਼ਦੂਰਾਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਪਿੰਡਾਂ ਅੰਦਰ ਸਵੱਛ ਭਾਰਤ ਮਿਸ਼ਨ, ਖੇਡ ਮੈਦਾਨਾਂ, ਲਾਇਬ੍ਰੇਰੀਆਂ ਅਤੇ ਆਂਗਣਵਾੜੀਆਂ ਦੇ ਕੰਮਾਂ ਦੀ ਵੀ ਸਮੀਖਿਆ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰ. ਜਸਵੰਤ ਸਿੰਘ ਬੜੈਚ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕੁਸਮ ਅੱਗਰਵਾਲ ਤੋਂ ਇਲਾਵਾ ਝੁਨੀਰ ਬਲਾਕ ਦੇ ਸਮੂਹ ਸਰਪੰਚ, ਪੰਚ ਅਤੇ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ।
Published on: ਮਾਰਚ 5, 2025 5:09 ਬਾਃ ਦੁਃ