ਚੰਡੀਗੜ੍ਹ, 5 ਮਾਰਚ, ਦੇਸ਼ ਕਲਿਕ ਬਿਊਰੋ :
ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਅੱਜ (5 ਮਾਰਚ) ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦੀ ਤਿਆਰੀ ਹੈ। ਇਸ ਦੇ ਲਈ ਕਿਸਾਨ ਟਰੈਕਟਰ-ਟਰਾਲੀਆਂ ਵਿੱਚ ਚੰਡੀਗੜ੍ਹ ਵੱਲ ਮਾਰਚ ਕਰਨਗੇ। ਹਾਲਾਂਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹੀ ਪੰਜਾਬ ਪੁਲਸ ਨੇ ਕਈ ਵੱਡੇ ਕਿਸਾਨ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਨੂੰ ਘਰਾਂ ‘ਚ ਨਜ਼ਰਬੰਦ ਕਰ ਦਿੱਤਾ ਹੈ।
ਕਿਸਾਨ ਚੰਡੀਗੜ੍ਹ ਦੇ ਸੈਕਟਰ-34 ਵਿੱਚ ਮੋਰਚਾ ਲਾਉਣ ਦੀ ਤਿਆਰੀ ਕਰ ਰਹੇ ਹਨ ਪਰ ਹਾਲੇ ਤੱਕ ਉਨ੍ਹਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਤੋਂ ਮਨਜ਼ੂਰੀ ਨਹੀਂ ਮਿਲੀ ਹੈ।
ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਇੱਕ ਵੀਡੀਓ ਜਾਰੀ ਕਰਕੇ ਕਿਸਾਨਾਂ ਨੂੰ ਕਿਹਾ ਹੈ ਕਿ ਉਹ ਆਪਣੇ ਰੋਸ ਮਾਰਚ ਦੌਰਾਨ ਜਿੱਥੇ ਵੀ ਪੁਲਿਸ ਰੋਕੇ, ਉੱਥੇ ਹੀ ਸੜਕ ਕਿਨਾਰੇ ਖਾਲੀ ਥਾਵਾਂ ‘ਤੇ ਬੈਠਣ।ਉਨ੍ਹਾਂ ਕਿਹਾ ਕਿ ਸਾਡਾ ਮਕਸਦ ਟਕਰਾਉਣਾ ਨਹੀਂ ਹੈ।
ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੇ ਆਪਣੀਆਂ ਸਰਹੱਦਾਂ ਨੂੰ ਸੀਲ ਕਰਨਾ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ ਪੁਲੀਸ ਨੇ 1500 ਦੇ ਕਰੀਬ ਜਵਾਨ ਤਾਇਨਾਤ ਕੀਤੇ ਹਨ। ਰਿਜ਼ਰਵ ਬਲ ਤਾਇਨਾਤ ਕਰਨ ਦੀਆਂ ਵੀ ਤਿਆਰੀਆਂ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ 12 ਸੜਕਾਂ ਤੋਂ ਨਾ ਲੰਘਣ ਦੀ ਸਲਾਹ ਦਿੱਤੀ ਸੀ।
Published on: ਮਾਰਚ 5, 2025 7:23 ਪੂਃ ਦੁਃ