ਮੋਹਾਲੀ, 6 ਮਾਰਚ, ਦੇਸ਼ ਕਲਿਕ ਬਿਊਰੋ :
ਤਰਨਤਾਰਨ ਵਿੱਚ 32 ਸਾਲ ਪਹਿਲਾਂ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਦੋ ਨੌਜਵਾਨਾਂ ਨੂੰ ਅੱਤਵਾਦੀ ਕਹਿ ਕੇ ਮਾਰਨ ਦਾ ਦਾਅਵਾ ਕੀਤਾ ਸੀ। ਪਰ ਅਦਾਲਤ ਵਿੱਚ ਇਹ ਮੁਕਾਬਲਾ ਫਰਜ਼ੀ ਸਾਬਤ ਹੋਇਆ। ਮੁਹਾਲੀ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਦੋ ਸਾਬਕਾ ਪੁਲੀਸ ਮੁਲਾਜ਼ਮਾਂ ਨੂੰ ਕਤਲ ਅਤੇ ਹੋਰ ਦੋਸ਼ਾਂ ਵਿੱਚ ਸਜ਼ਾ ਸੁਣਾਈ ਹੈ।
ਅਦਾਲਤ ਨੇ ਪੱਟੀ, ਤਰਨਤਾਰਨ ਵਿੱਚ ਤਾਇਨਾਤ ਤਤਕਾਲੀ ਪੁਲੀਸ ਅਧਿਕਾਰੀ ਸੀਤਾ ਰਾਮ (80) ਨੂੰ ਆਈਪੀਸੀ ਦੀ ਧਾਰਾ 302 ਤਹਿਤ ਉਮਰ ਕੈਦ ਅਤੇ 2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਐਸਐਚਓ ਪੱਟੀ ਰਾਜ ਪਾਲ (57) ਨੂੰ ਆਈਪੀਸੀ ਦੀ ਧਾਰਾ 201 ਅਤੇ ਆਈਪੀਸੀ ਦੀ ਧਾਰਾ 120ਬੀ ਤਹਿਤ ਪੰਜ ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਇਹ ਰਕਮ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ ਦਿੱਤੀ ਜਾਵੇਗੀ।
ਇਸ ਮਾਮਲੇ ‘ਚ 11 ਪੁਲਿਸ ਅਧਿਕਾਰੀਆਂ ‘ਤੇ ਅਗਵਾ, ਗੈਰ-ਕਾਨੂੰਨੀ ਹਿਰਾਸਤ ਅਤੇ ਕਤਲ ਦੇ ਦੋਸ਼ ਸਨ, ਚਾਰ ਦੋਸ਼ੀਆਂ ਦੀ ਸੁਣਵਾਈ ਦੌਰਾਨ ਮੌਤ ਹੋ ਗਈ ਸੀ। ਪੰਜਾਂ ਨੂੰ ਬਰੀ ਕਰ ਦਿੱਤਾ ਗਿਆ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਹ ਬਰੀ ਹੋਏ ਲੋਕਾਂ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਪੀਲ ਦਾਇਰ ਕਰਨਗੇ।
Published on: ਮਾਰਚ 6, 2025 5:11 ਬਾਃ ਦੁਃ