ਅੰਮ੍ਰਿਤਸਰ, 9 ਮਾਰਚ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਦੇ ਖੱਬੇ ਰਾਜਪੂਤਾਂ ਪਿੰਡ ਵਿੱਚ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਦੌਰਾਨ ਸ਼ਨੀਵਾਰ ਰਾਤ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਜਿਸ ਕਾਰਨ ਇੱਕ ਨਾਬਾਲਿਗ ਦੀ ਮੌਤ ਹੋ ਗਈ, ਜਦਕਿ ਇੱਕ ਫੌਜੀ, ਜੋ ਛੁੱਟੀ ’ਤੇ ਆਇਆ ਹੋਇਆ ਸੀ, ਗੰਭੀਰ ਜ਼ਖ਼ਮੀ ਹੋ ਗਿਆ। ਮਰਨ ਵਾਲੇ ਬੱਚੇ ਦੀ ਪਹਿਚਾਣ ਪਿੰਡ ਨੰਗਲੀ ਦੇ 14 ਸਾਲਾ ਗੁਰਸੇਵਕ ਸਿੰਘ ਵਜੋਂ ਹੋਈ ਹੈ।ਮਿਲੀ ਜਾਣਕਾਰੀ ਅਨੁਸਾਰ, ਜਿਸ ਵੇਲੇ ਇਹ ਘਟਨਾ ਵਾਪਰੀ, ਉਸ ਵੇਲੇ ਜੇਤੂ ਟੀਮਾਂ ਨੂੰ ਇਨਾਮ ਵੰਡੇ ਜਾ ਰਹੇ ਸਨ।ਇਸ ਦੌਰਾਨ ਅਚਾਨਕ ਗੋਲੀਆਂ ਚੱਲਣ ਲੱਗੀਆਂ, ਜਿਸ ਕਾਰਨ ਪੂਰੇ ਸਮਾਰੋਹ ਵਿੱਚ ਅਫ਼ਰਾ-ਤਫ਼ਰੀ ਮਚ ਗਈ। ਹਮਲੇ ਦੌਰਾਨ ਗੋਲਕੀਪਰ ਦੀ ਭੂਮਿਕਾ ਨਿਭਾਅ ਰਿਹਾ ਫੌਜੀ ਜਵਾਨ ਗੁਰਪ੍ਰੀਤ ਸਿੰਘ (25), ਪੁੱਤਰ ਪਰਮਜੀਤ ਸਿੰਘ, ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਉਹ ਭਾਰਤੀ ਫੌਜ ਵਿੱਚ ਨੌਕਰੀ ਕਰਦਾ ਸੀ ਅਤੇ ਛੁੱਟੀ ’ਤੇ ਘਰ ਆਇਆ ਹੋਇਆ ਸੀ। ਦੂਜੀ ਗੋਲੀ ਗੁਰਸੇਵਕ ਨੂੰ ਲੱਗੀ।ਇਸ ਗੋਲੀਕਾਂਡ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਹਮਲਾਵਰ ਘਟਨਾ ਨੂੰ ਅੰਜਾਮ ਦੇ ਕੇ ਬਾਈਕ ’ਤੇ ਸਵਾਰ ਹੋਕੇ ਫ਼ਰਾਰ ਹੋ ਗਏ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ।
Published on: ਮਾਰਚ 9, 2025 10:13 ਪੂਃ ਦੁਃ