ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ :
ਸੂਬੇ ਦੇ ਸਰਕਾਰੀ ਸਕੂਲਾਂ ਦੀ ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਅਤੇ ਵਿਸ਼ਵ-ਪੱਧਰੀ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ.-ਐਲੀਮੈਂਟਰੀ ਅਤੇ ਸੈਕੰਡਰੀ) ਨੂੰ ਰੋਜ਼ਾਨਾ ਪਹਿਲੇ ਦੋ ਘੰਟੇ ਸਵੇਰੇ 9 ਵਜੇ ਤੋਂ 11 ਵਜੇ ਤੱਕ ਫੀਲਡ ਵਿੱਚ ਰਹਿਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਾਰਥਕ ਨਤੀਜਿਆਂ ਨਾਲ ਡੇਟਾ-ਆਧਾਰਤ ਜ਼ਿਲ੍ਹਾ-ਵਿਸ਼ੇਸ਼ ਕਾਰਜ ਯੋਜਨਾਵਾਂ ਤਿਆਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਰੇ ਡੀ.ਈ.ਓ. ਦੇ ਨਤੀਜਿਆਂ ਦੀ ਮਹੀਨਾਵਾਰ ਸਮੀਖਿਆ ਕੀਤੀ ਜਾਵੇਗੀ।
ਉਨ੍ਹਾਂ ਇਹ ਹੁਕਮ ਇੱਥੇ ਮੈਗਸੀਪਾ ਵਿਖੇ ਡੀ.ਈ.ਓਜ਼ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੇ। ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਂਸ, ਦਾਖ਼ਲਾ ਮੁਹਿੰਮ ਅਤੇ ਵਿਦਿਆਰਥੀ ਕੋਚਿੰਗ ਸਬੰਧੀ ਪ੍ਰੋਗਰਾਮਾਂ ਦੇ ਜ਼ਮੀਨੀ ਪੱਧਰ ‘ਤੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਤਰਜੀਹੀ ਖੇਤਰ ਕਰਾਰ ਦਿੱਤੇ ਗਏ ਸਿੱਖਿਆ ਖੇਤਰ ਬਾਰੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਸਬੰਧੀ ਕੀਤੀ ਗਈ ਪ੍ਰਗਤੀ ਦਾ ਮੁਲਾਂਕਣ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪੰਜਾਬ ਦੇ ਭਵਿੱਖ ਦੀ ਨੀਂਹ ਹੈ ਅਤੇ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਸਿੱਖਿਆ ਮੰਤਰੀ ਨੇ ਸਾਰੇ ਡੀ.ਈ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਬੁਨਿਆਦੀ ਢਾਂਚੇ ਦੇ ਨਿਰਮਾਣ, ਦਾਖਲਿਆਂ ਵਿੱਚ ਵਾਧਾ ਕਰਨ ਅਤੇ ਸਟਾਫ ਦੀਆਂ ਖਾਲੀ ਆਸਾਮੀਆਂ ਨੂੰ ਭਰਨ ਅਤੇ ਜੇ.ਈ.ਈ. ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵਿਦਿਆਰਥੀ ਕੋਚਿੰਗ ਪ੍ਰੋਗਰਾਮਾਂ ਨੂੰ ਮਜ਼ਬੂਤ ਕਰਨ ਵੱਲ ਤੁਰੰਤ ਧਿਆਨ ਕੇਂਦਰਿਤ ਕਰਕੇ ਸਕੂਲ ਆਫ਼ ਐਮੀਨੈਂਸ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਅਤੇ ਨਾਲ ਹੀ ਪ੍ਰਦਰਸ਼ਨ ਸਬੰਧੀ ਨਤੀਜਿਆਂ ਦੇ ਨਿਯਮਤ ਮੁਲਾਂਕਣ ਅਤੇ ਇਸ ਸਬੰਧੀ ਜ਼ਰੂਰੀ ਦਖ਼ਲ ਦੇਣ।
ਜ਼ਿਲ੍ਹਾ ਪੱਧਰ ‘ਤੇ, ਖਾਸ ਕਰਕੇ ਤੀਜੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ, ਬੁਨਿਆਦੀ ਸਾਖਰਤਾ ਅਤੇ ਅੰਕਾਂ ਦੀ ਸਮਝ ਨੂੰ ਬਿਹਤਰ ਬਣਾਉਣ ਲਈ ਸਪੱਸ਼ਟ ਟੀਚਿਆਂ ਨਾਲ ਮਿਸ਼ਨ ਸਮਰੱਥ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਬਾਰੇ ਗੱਲ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਸਾਰੇ ਸਕੂਲਾਂ ਵਿੱਚ ਘੱਟੋ-ਘੱਟ ਬੁਨਿਆਦੀ ਢਾਂਚੇ ਸਬੰਧੀ ਮਿਆਰਾਂ ਦੀ ਵਿਵਸਥਾ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਵਿੱਚ ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ, ਸੁਰੱਖਿਅਤ ਪੀਣ ਵਾਲੇ ਪਾਣੀ ਦੀਆਂ ਸਹੂਲਤਾਂ, ਦੋਹਰੇ ਡੈਸਕ ਅਤੇ ਚਾਰਦੀਵਾਰੀ ਸ਼ਾਮਲ ਹੈ।
ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪ੍ਰਾਇਮਰੀ, ਅੱਪਰ ਪ੍ਰਾਇਮਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਪੱਧਰ ‘ਤੇ ਦਾਖ਼ਲੇ ਵਧਾਉਣ ਲਈ ਦਾਖ਼ਲਾ ਮੁਹਿੰਮ ਸ਼ੁਰੂ ਕਰਨ, ਜਿਸ ਵਿੱਚ ਟੀਚਾਗਤ ਆਊਟਰੀਚ ਪ੍ਰੋਗਰਾਮ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਨਾਬਾਰਡ ਅਤੇ ਸਮੱਗਰ ਸਿੱਖਿਆ ਅਧੀਨ ਸਾਰੇ ਲੰਬਿਤ ਬੁਨਿਆਦੀ ਢਾਂਚੇ ਦੇ ਕੰਮਾਂ ਨੂੰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰੇ ਕੀਤਾ ਜਾਵੇ ਅਤੇ ਸਾਰੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ।
ਸ. ਹਰਜੋਤ ਸਿੰਘ ਬੈਂਸ ਨੇ ਦੁਹਰਾਇਆ ਕਿ ਸਰਕਾਰ ਵੱਲੋਂ ਸਿੱਖਿਆ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਇਸ ਖੇਤਰ ਲਈ ਨਿਰਧਾਰਤ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਾਰੇ ਲੋੜੀਂਦੇ ਸਰੋਤ ਜੁਟਾਏ ਜਾਣਗੇ।
ਮੀਟਿੰਗ ਦੌਰਾਨ ਸਕੱਤਰ ਸਕੂਲ ਸਿੱਖਿਆ ਸ੍ਰੀਮਤੀ ਅਨਿੰਦਿਤਾ ਮਿੱਤਰਾ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਵਿਨੈ ਬੁਬਲਾਨੀ, ਵਿਸ਼ੇਸ਼ ਸਕੱਤਰ ਸ੍ਰੀ ਰਾਜੇਸ਼ ਧੀਮਾਨ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Published on: ਮਾਰਚ 10, 2025 7:56 ਬਾਃ ਦੁਃ