ਚੰਡੀਗੜ੍ਹ, 11 ਮਾਰਚ, ਦੇਸ਼ ਕਲਿਕ ਬਿਊਰੋ :
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਲਈ ਸੰਸਦ ਦੀ ਵਿਸ਼ੇਸ਼ ਕਮੇਟੀ ਨੇ 54 ਦਿਨਾਂ ਦੀ ਗੈਰਹਾਜ਼ਰੀ ਲਈ ਛੁੱਟੀ ਮਨਜ਼ੂਰ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਅੰਮ੍ਰਿਤਪਾਲ ਸਿੰਘ ਅਪਰੈਲ 2023 ਤੋਂ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਆਪਣੀ ਨਜ਼ਰਬੰਦੀ ਕਾਰਨ ਲੋਕ ਸਭਾ ਸਪੀਕਰ ਨੂੰ ਦੋ ਬੇਨਤੀਆਂ ਭੇਜੀਆਂ ਸਨ, ਜਿਨ੍ਹਾਂ ਵਿੱਚ ਉਨ੍ਹਾਂ ਨੇ ਸੰਸਦ ਤੋਂ ਗੈਰਹਾਜ਼ਰੀ ਦੀ ਇਜਾਜ਼ਤ ਮੰਗੀ ਸੀ।
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ 24 ਜੂਨ ਤੋਂ 2 ਜੁਲਾਈ (9 ਦਿਨ), 22 ਜੁਲਾਈ ਤੋਂ 9 ਅਗਸਤ (19 ਦਿਨ) ਅਤੇ 25 ਨਵੰਬਰ ਤੋਂ 20 ਦਸੰਬਰ (26 ਦਿਨ)—ਕੁੱਲ ਮਿਲਾਕੇ 54 ਦਿਨਾਂ ਦੀ ਛੁੱਟੀ ਲਈ ਅਰਜ਼ੀ ਦਿੱਤੀ ਸੀ।
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੰਸਦ ਮੈਂਬਰਾਂ ਦੀਆਂ ਛੁੱਟੀ ਅਰਜ਼ੀਆਂ ‘ਤੇ ਵਿਚਾਰ ਕਰਨ ਲਈ 15 ਮੈਂਬਰੀ ਕਮੇਟੀ ਬਣਾਈ ਸੀ, ਜਿਸ ਦੀ ਅਗਵਾਈ ਭਾਜਪਾ ਸੰਸਦ ਮੈਂਬਰ ਅਤੇ ਤ੍ਰਿਪੁਰਾ ਦੇ ਸਾਬਕਾ ਮੁੱਖ ਮੰਤਰੀ ਬਿਪਲਬ ਕੁਮਾਰ ਦੇਵ ਕਰ ਰਹੇ ਹਨ। ਕਮੇਟੀ ਨੇ ਅੰਮ੍ਰਿਤਪਾਲ ਸਿੰਘ ਦੀ ਬੇਨਤੀ ‘ਤੇ ਵਿਚਾਰ ਕਰਨ ਤੋਂ ਬਾਅਦ ਉਨ੍ਹਾਂ ਦੀ ਗੈਰਹਾਜ਼ਰੀ ਦੀ ਇਜਾਜ਼ਤ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਹਾਲਾਂਕਿ, ਆਖਰੀ ਫੈਸਲਾ ਲੋਕ ਸਭਾ ਸਪੀਕਰ ਦੁਆਰਾ ਲਿਆ ਜਾਵੇਗਾ।
Published on: ਮਾਰਚ 11, 2025 10:19 ਪੂਃ ਦੁਃ