ਅੰਮ੍ਰਿਤਸਰ, 12 ਮਾਰਚ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਪੁਲਿਸ ਨੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਡੀ.ਆਈ.ਜੀ. ਸਤਿੰਦਰ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਅਤੇ ਐਸ.ਪੀ.ਡੀ. ਹਰਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਘਰਿੰਡਾ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਚਾਰ ਵਿਅਕਤੀਆਂ ਨੂੰ ਤਿੰਨ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ ਇੱਕ ਮੋਟਰਸਾਈਕਲ ਅਤੇ ਮੋਪਿਡ ਵੀ ਬਰਾਮਦ ਹੋਈ ਹੈ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਡੀ.ਆਈ.ਜੀ. ਸਤਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਅਪਰਾਧ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੇ ਹਾਂ।
Published on: ਮਾਰਚ 12, 2025 5:22 ਬਾਃ ਦੁਃ