ਚੰਡੀਗੜ੍ਹ, 14 ਮਾਰਚ, ਦੇਸ਼ ਕਲਿੱਕ ਬਿਓਰੋ :
ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ ਪ੍ਰਕਿਰਿਆ ਹਰ ਹੀਲੇ ਮੁਕੰਮਲ ਹੋਣੀ ਚਾਹੀਦੀ ਹੈ ਤਾਂ ਜੋ ਹਰੇਕ ਯੋਗ ਲਾਭਪਾਤਰੀ ਨੂੰ ਸਬਸਿਡੀ ਵਾਲੇ ਅਨਾਜ ਦਾ ਲਾਭ ਮਿਲ ਸਕੇ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਲੋਕ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਈ-ਕੇ.ਵਾਈ.ਸੀ. ਕਰਵਾਉਣ ਲਈ ਆਪਣੇ ਨੇੜਲੇ ਡਿਪੂਆਂ ਵਿੱਚ ਜਾਣ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਈ-ਕੇ.ਵਾਈ.ਸੀ. ਪ੍ਰਕਿਰਿਆ ਲਈ ਲੋਕਾਂ ਤੋਂ ਕੋਈ ਪੈਸਾ ਨਹੀਂ ਲਿਆ ਜਾਵੇਗਾ ਅਤੇ ਜੇਕਰ ਕੋਈ ਉਨ੍ਹਾਂ ਤੋਂ ਪੈਸੇ ਦੀ ਮੰਗ ਕਰਦਾ ਹੈ ਤਾਂ ਇਸਨੂੰ ਤੁਰੰਤ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਇਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
ਹੋਰ ਜਾਣਕਾਰੀ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ 1.17 ਕਰੋੜ ਲਾਭਪਾਤਰੀਆਂ ਦੀ ਭਾਵ 75 ਫੀਸਦ ਦੀ ਈ-ਕੇ.ਵਾਈ.ਸੀ. ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਨੇ ਬਾਕੀ ਲਾਭਪਾਤਰੀਆਂ ਦੀ ਈ-ਕੇ.ਵਾਈ.ਸੀ. ਪ੍ਰਕਿਰਿਆ ਨੂੰ ਵੀ ਜਲਦ ਤੋਂ ਜਲਦ ਪੂਰਾ ਕਰਨ ਲਈ ਕਿਹਾ।
ਕੈਬਨਿਟ ਮੰਤਰੀ ਨੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਇਸ ਸਬੰਧ ਵਿੱਚ ਲੋਕਾਂ ਦੀ ਹਰ ਸੰਭਵ ਮਦਦ ਕਰਨ ਦੀ ਅਪੀਲ ਕਰਦਿਆਂ ਇਸ ਪਹਿਲਕਦਮੀ ਨੂੰ ਇੱਕ ਵਿਆਪਕ ਮੁਹਿੰਮ ਬਣਾਉਣ ‘ਤੇ ਜ਼ੋਰ ਦਿੱਤਾ ਤਾਂ ਜੋ ਲੋਕਾਂ ਨੂੰ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਢੰਗ ਨਾਲ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ।
Published on: ਮਾਰਚ 14, 2025 11:41 ਪੂਃ ਦੁਃ