ਲੁਧਿਆਣਾ/ਚੰਡੀਗੜ੍ਹ, 16 ਮਾਰਚ, ਦੇਸ਼ ਕਲਿੱਕ ਬਿਓਰੋ :
ਕੱਲ੍ਹ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਮੁਲਾਕਾਤ ਕਰਨਗੇ। ਦੋਵੇਂ ਆਗੂ ਇੱਥੇ ਕੁਝ ਆਮ ਲੋਕਾਂ ਨੂੰ ਵੀ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ।
ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐਤਵਾਰ ਨੂੰ ਮੀਡੀਆ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਲੁਧਿਆਣਾ ਦੇ ਹੋਟਲ ਰੈਡੀਸਨ ਵਿਖੇ ਕਰਵਾਇਆ ਜਾ ਰਿਹਾ ਹੈ। ਲਗਭਗ 400 ਕਾਰੋਬਾਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਸੰਜੀਵ ਅਰੋੜਾ ਨੇ ਕਿਹਾ ਕਿ ਦੋਵੇਂ ਆਗੂ ਇੱਥੇ ਉਦਯੋਗ ਅਤੇ ਵਪਾਰ ਨਾਲ ਸਬੰਧਿਤ ਮੁੱਦਿਆਂ ਨੂੰ ਹੱਲ ਕਰਨਗੇ ਅਤੇ ਵਪਾਰੀਆਂ ਨਾਲ ਸਲਾਹ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੀਆਂ ਸਮੱਸਿਆਵਾਂ ਮਾਮੂਲੀ ਹਨ, ਉਨ੍ਹਾਂ ਨੂੰ ਮੌਕੇ ‘ਤੇ ਹੀ ਹੱਲ ਕੀਤਾ ਜਾਵੇਗਾ। ਜੋ ਵੀ ਮੁੱਦਾ ਲੰਬਾ ਸਮਾਂ ਲਵੇਗਾ ਜਾਂ ਕਾਨੂੰਨੀ ਪ੍ਰਕਿਰਿਆ ਨਾਲ ਸਬੰਧਿਤ ਹੈ, ਸਰਕਾਰ ਉਸ ਨੂੰ ਨੋਟ ਕਰੇਗੀ ਅਤੇ ਜਲਦੀ ਤੋਂ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕਰੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਉਦਯੋਗ ਅਤੇ ਵਪਾਰ ਨੂੰ ਪ੍ਰਫੁੱਲਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਕੁਝ ਦਿਨ ਪਹਿਲਾਂ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਲੁਧਿਆਣਾ ਦੇ ਕੁਝ ਉਦਯੋਗਪਤੀਆਂ ਦਾ ਮੁੱਦਾ ਉਠਾਇਆ ਸੀ। ਮੁੱਖ ਮੰਤਰੀ ਨੇ ਉਸੇ ਦਿਨ ਮੰਤਰੀ ਮੰਡਲ ਦੀ ਮੀਟਿੰਗ ਬੁਲਾ ਕੇ ਪੀ.ਐਸ.ਆਈ.ਈ.ਸੀ.ਓ.ਟੀ.ਐਸ ਸਕੀਮ ਲਾਗੂ ਕੀਤੀ, ਜਿਸ ਕਾਰਨ ਇੱਥੋਂ ਦੇ ਹਜ਼ਾਰਾਂ ਉਦਯੋਗਪਤੀਆਂ ਦੀਆਂ ਜ਼ਮੀਨਾਂ ਸਬੰਧੀ ਸਮੱਸਿਆਵਾਂ ਦਾ ਹੱਲ ਸੰਭਵ ਹੋ ਸਕਿਆ।
Published on: ਮਾਰਚ 16, 2025 7:06 ਬਾਃ ਦੁਃ