ਅੰਮ੍ਰਿਤਸਰ, 19 ਮਾਰਚ, ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਧੋਖੇ ਨਾਲ ਗ੍ਰਿਫ਼ਤਾਰ ਕਰਨਾ ਦੇਸ਼ ਦੇ ਅੰਨਦਾਤੇ ਦਾ ਵੱਡਾ ਅਪਮਾਨ ਹੈ। ਜਾਰੀ ਬਿਆਨ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਪੀੜਾਮਈ ਹੈ ਕਿ ਦੇਸ਼ ਦੀ ਤਰੱਕੀ, ਖੁਸ਼ਹਾਲੀ ਤੇ ਆਰਥਿਕਤਾ ਵਿੱਚ ਵੱਡਾ ਹਿੱਸਾ ਪਾਉਣ ਵਾਲੇ ਕਿਸਾਨ ਅੱਜ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਕਾਰਨ ਪੀੜਤ ਹਨ। ਅੱਜ ਦਾ ਦਿਨ ਪੰਜਾਬ ਸਰਕਾਰ ਲਈ ਸ਼ਰਮਨਾਕ ਹੈ ਜਦੋਂ ਕਿਸਾਨ ਆਗੂਆਂ ਨੂੰ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਤੋਂ ਬਾਅਦ ਛਲਾਵੇ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਕੀ ਸਰਕਾਰਾਂ ਕਿਸਾਨਾਂ ਤੋਂ ਏਨਾ ਡਰ ਰਹੀਆਂ ਹਨ ਕਿ ਉਹ ਉਨ੍ਹਾਂ ਨਾਲ ਗੱਲਬਾਤ ਦਾ ਸਾਹਮਣਾ ਨਹੀਂ ਕਰ ਸਕਦੀਆਂ। ਐਡਵੋਕੇਟ ਧਾਮੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਅਤੇ ਕਿਸਾਨਾਂ ਨੂੰ ਤੁਰੰਤ ਛੱਡ ਕਿ ਸਰਕਾਰ ਇਨ੍ਹਾਂ ਤੋਂ ਮੁਆਫ਼ੀ ਮੰਗੇ। ਇਸ ਦੇ ਨਾਲ ਹੀ ਕਿਸਾਨਾਂ ਦੀ ਮੰਗਾਂ ਮੰਨੀਆਂ ਜਾਣ ਤਾਂ ਜੋ ਉਹ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜ਼ਬੂਰ ਨਾ ਹੋਣ।
Published on: ਮਾਰਚ 19, 2025 8:42 ਬਾਃ ਦੁਃ