ਚੰਡੀਗੜ੍ਹ, 20 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਗਰਮੀ ਦੀ ਆਮਦ ਹੋ ਚੁੱਕੀ ਹੈ। ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਦੋਂ ਕਿ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 32.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਹਾਲਾਂਕਿ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਗਿਆਨੀਆਂ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ‘ਚ ਤਾਪਮਾਨ ਹੋਰ ਵਧ ਸਕਦਾ ਹੈ। ਹਰ ਦਿਨ ਤਾਪਮਾਨ 1 ਡਿਗਰੀ ਸੈਲਸੀਅਸ ਦੀ ਦਰ ਨਾਲ ਵਧਣ ਦੀ ਸੰਭਾਵਨਾ ਹੈ। ਇੰਨਾ ਹੀ ਨਹੀਂ ਆਉਣ ਵਾਲੇ ਹਫਤੇ ‘ਚ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਤਾਪਮਾਨ 32 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ।
ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਤੋਂ ਬਾਅਦ ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੇ ਆਸਾਰ ਹਨ। ਪੰਜਾਬ ਦੇ ਪਠਾਨਕੋਟ, ਫ਼ਿਰੋਜ਼ਪੁਰ, ਮੋਗਾ, ਬਠਿੰਡਾ, ਫ਼ਾਜ਼ਿਲਕਾ, ਫ਼ਰੀਦਕੋਟ ਅਤੇ ਮੁਕਤਸਰ ਸਾਹਿਬ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪੰਜਾਬ ਦੇ ਹੋਰ ਸ਼ਹਿਰਾਂ ‘ਚ ਧੁੱਪ ਤੋਂ ਇਲਾਵਾ ਬੱਦਲ ਛਾਏ ਰਹਿਣ ਦਾ ਅਲਰਟ ਜਾਰੀ ਕੀਤਾ ਗਿਆ ਹੈ।
Published on: ਮਾਰਚ 20, 2025 8:29 ਪੂਃ ਦੁਃ