ਪਟਿਆਲਾ, 21 ਮਾਰਚ , ਦੇਸ਼ ਕਲਿੱਕ ਬਿਓਰੋ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ ਮੋਹਾਲੀ ਵਿਖੇ 24 ਅਤੇ 25 ਮਾਰਚ ਨੂੰ ਦੋ ਦਿਨ ਰੈਲੀਆਂ ਕਰਕੇ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਦਿੱਤੇ ਸੱਦੇ ਤਹਿਤ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ 25 ਮਾਰਚ ਨੂੰ ਐੱਨਪੀਐੱਸ ਮੁਲਾਜ਼ਮਾਂ ਦੀ ਭਰਵੀਂ ਗਿਣਤੀ ਨਾਲ ਸ਼ਮੂਲੀਅਤ ਕਰਵਾਈ ਜਾਵੇਗੀ। ਜਿਸ ਦੀ ਤਿਆਰੀ ਮੁਹਿੰਮ ਤਹਿਤ ਫਰੰਟ ਵੱਲੋਂ ਜਿਲ੍ਹਾ ਕਮੇਟੀ ਪਟਿਆਲਾ ਦੀ ਮੀਟਿੰਗ ਕੀਤੀ ਗਈ।
ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਆਗੂਆਂ ਅਤਿੰਦਰ ਪਾਲ ਸਿੰਘ ਅਤੇ ਸਤਪਾਲ ਸਮਾਣਵੀ ਨੇ ਦੱਸਿਆ ਕਿ ਬਜਟ ਸੈਸ਼ਨ ਦੌਰਾਨ ਸੂਬਾ ਪੱਧਰੀ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ ਵਿੱਚ ਸਮੂਹ ਐੱਨਪੀਐੱਸ ਮੁਲਾਜ਼ਮਾਂ ਦੀ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਬਲਾਕ ਪੱਧਰ ਤੇ ਮੁਲਾਜ਼ਮਾਂ ਦੀ ਸ਼ਮੂਲੀਅਤ ਲਈ ਸਕੂਲਾਂ ਅਤੇ ਦਫਤਰਾਂ ਵਿੱਚ ਜਾ ਕੇ ਐੱਨਪੀਐੱਸ ਮੁਲਾਜ਼ਮਾਂ ਨੂੰ ਲਾਮਬੰਦ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਦੋ ਸਾਲ ਤੋਂ ਉੱਤੇ ਸਮਾਂ ਬੀਤਣ ਦੇ ਬਾਵਜੂਦ ਪੰਜਾਬ ਦੇ ਇੱਕ ਵੀ ਮੁਲਾਜ਼ਮ ਤੇ ਹਕੀਕੀ ਰੂਪ ਵਿੱਚ ਪੁਰਾਣੀ ਪੈਨਸ਼ਨ ਲਾਗੂ ਨਹੀਂ ਹੋਈ ਅਤੇ ਨਾ ਹੀ ਕਿਸੇ ਮੁਲਾਜ਼ਮ ਦਾ ਜੀਪੀਐੱਫ ਖਾਤਾ ਖੋਲਿਆ ਗਿਆ ਹੈ। ਜਿਸ ਨਾਲ ਪੰਜਾਬ ਦੇ ਲਗਭਗ ਸਵਾ ਦੋ ਲੱਖ ਐੱਨਪੀਐੱਸ ਮੁਲਾਜ਼ਮਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਸਖਤ ਰੋਸ ਹੈ।
ਆਗੂਆਂ ਜਗਤਾਰ ਰਾਮ, ਗੁਰਤੇਜ਼ ਸਿੰਘ ਅਤੇ ਭਰਤ ਕੁਮਾਰ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 1972 ਵਾਲੀ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਅਹਿਮ ਮੰਗ ਦੇ ਨਾਲ, ਮਾਣ ਭੱਤਾ ਵਰਕਰਾ ‘ਤੇ ਘੱਟੋ ਘੱਟ ਉਜ਼ਰਤਾਂ ਕਾਨੂੰਨ ਲਾਗੂ ਕਰਵਾਉਣ, ਕੱਚੇ-ਠੇਕਾ-ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ, ਪਰਖ ਕਾਲ ਸੰਬੰਧੀ 15/01/2015 ਦਾ ਨੋਟੀਫਿਕੇਸ਼ਨ ਰੱਦ ਕਰਵਾਉਣ, 17 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ‘ਤੇ ਪੰਜਾਬ ਦੇ ਸਕੇਲ
ਲਾਗੂ ਕਰਵਾਉਣ, ਪੇਂਡੂ ਭੱਤਾ, ਬਾਰਡਰ ਏਰੀਆ ਭੱਤਾ ਸਮੇਤ ਕੱਟੇ ਗਏ ਸਮੁੱਚੇ ਭੱਤੇ ਅਤੇ ਏ.ਸੀ.ਪੀ
ਸਕੀਮ ਮੁੜ ਬਹਾਲ ਕਰਵਾਉਣ, ਮਹਿੰਗਾਈ ਭੱਤੇ ਦੀਆਂ ਰੋਕੀਆਂ ਗਈਆਂ ਕਿਸ਼ਤਾਂ ਅਤੇ ਬਕਾਏ ਜਾਰੀ ਕਰਵਾਉਣ, ਜਬਰੀ ਥੋਪੇ ਗਏ ਜਜ਼ੀਆ ਰੂਪੀ 200 ਰੁਪਏ ਵਿਕਾਸ ਕਰ ਨੂੰ ਰੱਦ ਕਰਵਾਉਣ ਵਰਗੀਆਂ ਅਹਿਮ ਮੰਗਾਂ ਸ਼ਾਮਿਲ ਹਨ ਜਿਸ ਦੀ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੁਰਜੋਰ ਹਿਮਾਇਤ ਕਰਦਾ ਹੈ ਅਤੇ ਸਮੂਹ ਐੱਨਪੀਐੱਸ ਮੁਲਾਜ਼ਮਾਂ ਨੂੰ ਇਸ ਸਾਂਝੇ ਸੰਘਰਸ਼ ਵਿੱਚ ਸ਼ਾਮਿਲ ਹੋਣ ਦੀ ਅਪੀਲ ਕਰਦਾ ਹੈ।
ਇਸ ਮੌਕੇ ਡੀ.ਐੱਮ.ਐੱਫ ਤੋਂ ਗੁਰਜੀਤ ਸਿੰਘ ਘੱਗਾ ਸਮੇਤ ਜਗਤਾਰ ਸਿੰਘ, ਜੀਨੀਅਸ, ਰਾਜੀਵ ਕੁਮਾਰ, ਹਰਵਿੰਦਰ ਬੇਲੂਮਾਜਰਾ ਆਦਿ ਹਾਜ਼ਰ ਸਨ।
Published on: ਮਾਰਚ 21, 2025 4:27 ਬਾਃ ਦੁਃ