ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਨਾਲ ਅੱਜ ਸ਼ਾਮ ਨੂੰ 4 ਵਜੇ ਇਕ ਮੀਟਿੰਗ ਸੱਦੀ ਗਈ ਹੈ। ਭਾਰਤੀ ਕਿਸਾਨ ਯੂਨੀਅਨ ਉਗਿਰਾਹਾਂ ਵੱਲੋਂ ਮੀਟਿੰਗ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ਸਰਕਾਰ ਵੱਲੋਂ ਮੀਟਿੰਗ ਬਹਾਨੇ ਚੰਡੀਗੜ੍ਹ ਸੱਦ ਕੇ ਹਿਰਾਸਤ ਵਿੱਚ ਲੈਣ ਦਾ ਖਦਸ਼ਾ ਜਤਾਉਂਦਿਆਂ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੇ ਆਗੂ ਮੀਟਿੰਗ ਲਈ ਚੰਡੀਗੜ੍ਹ ਪਹੁੰਚ ਵੀ ਚੁੱਕੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਸ਼ਾਮ 4 ਵਜੇ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਐਸਕੇਐਮ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਵੇਗੀ, ਕਿਉਂ ਉਨ੍ਹਾਂ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਦੀ ਗਈ ਇਸ ਮੀਟਿੰਗ ‘ਤੇ ਉਨ੍ਹਾਂ ਨੂੰ ਭਰੋਸਾ ਨਹੀਂ ਹੈ, ਕਿਉਂਕਿ ਮੁੱਖ ਮੰਤਰੀ ਜੇਕਰ ਖੁਦ ਮੀਟਿੰਗ ਵਿੱਚ ਬੈਠਣਗੇ ਤਾਂ ਹੀ ਕੋਈ ਗੱਲਬਾਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿਥੋਂ ਪਿਛਲੀ ਵਾਰ ਮੁੱਖ ਮੰਤਰੀ ਨਾਲ ਮੀਟਿੰਗ ਟੁੱਟੀ ਸੀ, ਉਥੋਂ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ।
Published on: ਮਾਰਚ 21, 2025 12:17 ਬਾਃ ਦੁਃ