ਵਿਧਾਇਕ ਨੇ ਕਿਹਾ, ਜਦੋਂ ਸਕੂਲਾਂ ’ਚ ਜਾਂਦੇ ਹਾਂ ਤਾਂ ਸਾਨੂੰ ਘੇਰ ਲੈਂਦੇ ਨੇ
ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿਧਾਨ ਸਭਾ ਦਾ ਅੱਜ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਸੈਸ਼ਨ ਵਿੱਚ ਸਕੂਲਾਂ ਵਿੱਚ ਮਿਡ ਡੇ ਮੀਲ ਵਜੋਂ ਕੰਮ ਕਰਦੇ ਵਰਕਰਾਂ ਨੂੰ ਮਿਲਦੇ ਮਾਣਭੱਤਾ ਵਧਾਉਣ ਦਾ ਮੁੱਦਾ ਚੁੱਕਿਆ ਗਿਆ। ਵਿਧਾਇਕ ਦਿਲਜੀਤ ਸਿੰਘ ਭੋਲਾ ਗਰੇਵਾਲ ਨੇ ਵਿਧਾਨ ਸਭਾ ‘’ਚ ਬੋਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਲਈ ਚੰਗਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਸਕੂਲਾਂ ਵਾਸਤੇ ਪੈਸੇ ਖਰਚ ਕਰ ਰਹੀ ਹੈ ਤਾਂ ਸਕੂਲਾਂ ਵਿੱਚ ਬੱਚਿਆਂ ਲਈ ਮਿਡ ਡੇ ਮੀਲ ਤਿਆਰ ਕਰਨ ਵਾਲੇ ਵਰਕਰਾਂ ਵੱਲ ਵੀ ਧਿਆਨ ਦਿੱਤਾ ਜਾਵੇ। ਉਨ੍ਹਾਂ ਬੋਲਦੇ ਹੋਏ ਕਿਹਾ ਕਿ ਬੱਚਿਆਂ ਲਈ ਖਾਣਾ ਬਣਾਉਂਦੇ ਸਮੇਂ ਮਿਡ ਡੇ ਮੀਲ ਵਰਕਰਾਂ ਦਾ ਗਰਮੀ ਵਿੱਚ ਬੁਰਾ ਹਾਲ ਹੋ ਜਾਂਦਾ ਹੈ, ਮਿਲਦਾ ਸਿਰਫ 3000 ਰੁਪਏ ਹੈ। ਉਨ੍ਹਾਂ ਕਿਹਾ ਕਿ ਜਦੋਂ ਸਕੂਲਾਂ ਵਿੱਚ ਜਾਂਦੇ ਹਾਂ ਤਾਂ ਵਰਕਰ ਘੇਰ ਕੇ ਖੜ੍ਹ ਜਾਂਦੇ ਹਨ ਕਿ ਸਾਡੇ ਬਾਰੇ ਵੀ ਕੁਝ ਸੋਚਿਆ ਜਾਵੇ। ਵਿਧਾਇਕ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਿਡ ਡੇ ਮੀਲ ਵਰਕਰਾਂ ਦੇ ਮਾਣਭੱਤੇ ਵਿੱਚ ਵਾਧਾ ਕੀਤਾ ਜਾਵੇ ਤਾਂ ਜੋ ਉਹ ਆਪਣਾ ਗੁਜਾਰ ਕਰ ਸਕਣ।
Published on: ਮਾਰਚ 21, 2025 4:46 ਬਾਃ ਦੁਃ