ਮਾਲੇਰਕੋਟਲਾ 22 ਮਾਰਚ : ਦੇਸ਼ ਕਲਿੱਕ ਬਿਓਰੋ
ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਮਾਲੇਰਕੋਟਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ,ਨਗਰ ਪੰਚਾਇਤਾਂ, ਪੀ.ਡਬਲਿਊ.ਡੀ, ਜਲ ਸਪਲਾਈ ਅਤੇ ਸੈਨੀਟੇਸ਼ਨ,ਮੰਡੀਕਰਨ ਬੋਰਡ,ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਆਦਿ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ ਵੀ ਮੌਜੂਦ ਸਨ ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਕਾਸ ਕਾਰਜਾਂ ਦੀ ਗਤੀ ਤੇ ਧਿਆਨ ਦੇਣ ਅਤੇ ਉਨ੍ਹਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਕਿਹਾ ਕਿ ਸਫ਼ਾਈ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰੇਗਾ। ਉਨ੍ਹਾਂ ਵਿਕਾਸ ਕਾਰਜਾਂ ਵਿੱਚ ਲੱਗੀਆਂ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਸਮੇਂ ਸਿਰ ਕੰਮ ਮੁਕੰਮਲ ਕਰਨ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਲਈ ਕਿਹਾ ।
ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਪਾਣੀ ਨਾਲ ਸੰਬੰਧਤ ਬਿਮਾਰੀਆਂ ਬਾਰੇ ਜਾਗਰੂਕ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਫ਼ ਪਾਣੀ ਦੀ ਉਪਲਬਧਤਾ ਅਤੇ ਸਹੀ ਸੈਨੀਟੇਸ਼ਨ ਸਹੂਲਤਾਂ ਨਾਲ ਹੀ ਅਸੀਂ ਇਨ੍ਹਾਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਇਸ ਲਈ, ਲੋਕਾਂ ਨੂੰ ਸਾਫ਼ ਪਾਣੀ ਪੀਣ ਅਤੇ ਸਫ਼ਾਈ ‘ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਖਾਲੀ ਪਏ ਪਲਾਟਾਂ ਦੀ ਨਿਯਮਿਤ ਸਫ਼ਾਈ ਕਰਵਾਉਣ ਅਤੇ ਉਨ੍ਹਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇ ਉਪਾਏ ਕਰਨ। ਇਸ ਨਾਲ ਮੱਛਰਾਂ ਦੀ ਵਾਧੀ ਨੂੰ ਰੋਕਿਆ ਜਾ ਸਕਦਾ ਹੈ, ਜੋ ਕਿ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦੇ ਮੁੱਖ ਕਾਰਨ ਹਨ। ਉਨ੍ਹਾਂ ਹੋਰ ਕਿਹਾ ਕਿ ਸੀਵਰੇਜ,ਸੜਕਾਂ,ਖਾਲੀ ਪਏ ਪਲਾਟਾਂ,ਪਾਰਕਾਂ ਆਦਿ ਦੀ ਨਿਯਮਿਤ ਸਫ਼ਾਈ ਕਰਨੀ ਯਕੀਨੀ ਬਣਾਈ ਜਾਵੇ। ਮਹੀਨਾਵਾਰ ਮੀਟਿੰਗ ਦੌਰਾਨ ਉਨ੍ਹਾਂ ਪੀਣ ਯੋਗ ਪਾਣੀ ਦੀ ਸਪਲਾਈ ,ਸੀਵਰੇਜ, ਸੀਵਰੇਜ ਟ੍ਰਰਿਟਮੈਂਟ ਪਲਾਂਟ,ਪ੍ਰਧਾਨ ਮੰਤਰੀ ਆਵਾਸ ਯੋਜਨਾ, ਮੈਡੀਕਲ ਵੇਸਟ,ਸੋਲਿਡ ਵੇਸਟ ਮੈਨੇਜਮੈਂਟ ਸਮੇਤ ਹੋਰ ਕੰਮਾਂ ਦਾ ਵੀ ਜਾਇਜਾ ਲਿਆ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਪ੍ਰਤੀ ਸਚੇਤ ਰਹਿਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਮਿਲ ਕੇ ਸਿਹਤਮੰਦ ਸਮਾਜ ਦੀ ਸਥਾਪਨਾ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨੇ ਕਿਹਾ ਕਿ ਸਾਡੇ ਸਾਰਿਆਂ ਦੇ ਸਹਿਯੋਗ ਨਾਲ ਹੀ ਅਸੀਂ ਆਪਣੇ ਸ਼ਹਿਰ ਨੂੰ ਸੁੰਦਰ ਅਤੇ ਸਿਹਤਮੰਦ ਬਣਾ ਸਕਦੇ ਹਾਂ।
ਇਸ ਮੌਕੇ ਐਸ.ਡੀ.ਐਮ ਮਾਲੇਰਕੋਟਲਾ/ ਅਹਿਮਦਗੜ੍ਹ ਹਰਬੰਸ ਸਿੰਘ, ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼, ਐਕਸ਼ੀਅਨ ਪੀ.ਡਬਲਿਊ.ਡੀ ਪਰਨੀਤ ਕੌਰ ਟਿਵਾਣਾ, ਐਕਸ਼ੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜ.ਗੁਰਵਿੰਦਰ ਸਿੰਘ ਢੀਂਡਸਾ ,ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਅਪਰ ਅਪਾਰ ਸਿੰਘ, ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਿਕਾਸ ਉੱਪਲ, ਕਾਰਜ ਸਾਧਕ ਅਫ਼ਸਰ ਅਮਰਗੜ੍ਹ ਗੁਰਿੰਦਰਦੀਪ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਰਹੇ।
Published on: ਮਾਰਚ 22, 2025 3:00 ਬਾਃ ਦੁਃ