ਫਰੀਦਕੋਟ 22 ਮਾਰਚ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸ਼ਨ ,ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਉਥੇ ਹੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਖੇਡਾਂ ਵਾਲੇ ਪਾਸੇ ਉਤਸ਼ਾਹਿਤ ਕਰਨ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਹੁਣ ਖਿਡਾਰੀ ਵੀ ਕਰਨਗੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਵੱਡਾ ਰੋਲ ਅਦਾ ਕਰਨਗੇ।
ਇਸੇ ਤਹਿਤ ਹੀ ਡਿਪਟੀ ਕਮਿਸ਼ਨਰ ਵੱਲੋਂ ਜਿੱਥੇ ਜਿਲ੍ਹੇ ਦੀਆਂ ਪੰਚਾਇਤਾਂ ਨਾਲ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਨੂੰ ਆਪਣੇ ਪਿੰਡਾਂ ਵਿੱਚ ਖੇਡ ਤੇ ਹੋਰ ਉਸਾਰੂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਅਪੀਲ ਕੀਤੀ ਗਈ ਹੈ ਉੱਥੇ ਹੀ ਖੇਡ ਵਿਭਾਗ ਫਰੀਦਕੋਟ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਖੇਡ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਵੱਡੀ ਪੱਧਰ ਤੇ ਜੋੜਨ ਲਈ ਵੱਡੀ ਪੱਧਰ ਤੇ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਜਿਸ ਤਹਿਤ ਜ਼ਿਲ੍ਹਾ ਪੱਧਰ ਤੇ ਸਥਾਪਿਤ ਸ਼ੂਟਿੰਗ ਰੇਂਜ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਸ਼ੂਟਿੰਗ ਦੀ ਕੋਚਿੰਗ ਲੈ ਰਹੇ ਹਨ ਅਤੇ ਇਹ ਉਪਰਾਲਾ ਉਨ੍ਹਾਂ ਨੂੰ ਜਿੱਥੇ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਸਿਹਤ ਅਤੇ ਸਮਾਜ ਸਿਰਜਣ ਵਿੱਚ ਵੱਡਾ ਯੋਗਦਾਨ ਦੇਵੇਗਾ ਉਥੇ ਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫਲਤਾ ਮਿਲੇਗੀ ।
ਜ਼ਿਲ੍ਹਾ ਖੇਡ ਅਫਸਰ ਸ.ਬਲਜਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਕਦਮ ਪੁੱਟੇ ਗਏ ਹਨ । ਉਨ੍ਹਾਂ ਕਿਹਾ ਕਿ ਫਰੀਦਕੋਟ ਵਿਖੇ ਸ਼ੂਟਿੰਗ ਰੇਂਜ ਬਣਨ ਨਾਲ ਪੂਰੇ ਜ਼ਿਲ੍ਹਾ ਵਾਸੀਆਂ ਅਤੇ ਉੱਭਰ ਰਹੇ ਸ਼ੂਟਿੰਗ ਖਿਡਾਰੀਆਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ ਤੇ ਇਹ ਖਿਡਾਰੀ ਜਿੱਥੇ ਖੇਡ ਖੇਤਰ ਵਿੱਚ ਮੱਲਾਂ ਮਾਰਨ ਲਈ ਮਿਹਨਤ ਕਰ ਰਹੇ ਹਨ ਉੱਥੇ ਹੀ ਉਹ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਵੀ ਕਰ ਰਹੇ ਹਨ।
Published on: ਮਾਰਚ 22, 2025 2:21 ਬਾਃ ਦੁਃ