ਚੰਡੀਗੜ੍ਹ, 25 ਮਾਰਚ: ਦੇਸ਼ ਕਲਿੱਕ ਬਿਓਰੋ
ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਏ.ਡੀ.ਸੀ. – ਡੀ.ਜੀ. ਆਰ. ਓ. ਨਾਲ ਵੀਡੀਓ ਕਾਨਫਰੰਸ ਰਾਹੀਂ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ‘ਤੇ ਜ਼ੋਰ ਦਿੱਤਾ ਗਿਆ। ਇਸ ਦੇ ਨਾਲ ਹੀ ਖੁਰਾਕ ਦੇ ਪੋਸ਼ਣ ਵੱਲ ਵੀ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ। ਮੀਟਿੰਗ ਦੌਰਾਨ ਆਂਗਣਵਾੜੀ ਕੇਂਦਰਾਂ ਅਤੇ ਮਿਡ-ਡੇਅ ਮੀਲ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ ਗਿਆ ਅਤੇ ਇਸ ਉਦੇਸ਼ ਦੀ ਪੂਰਤੀ ਲਈ ਪ੍ਰਵਾਸੀ ਭਾਰਤੀਆਂ, ਗੈਰ-ਸਰਕਾਰੀ ਸੰਗਠਨਾਂ ਅਤੇ ਸੀ.ਐਸ.ਆਰ. ਨੂੰ ਸਹਿਯੋਗ ਦੇਣ ਲਈ ਕਿਹਾ ਗਿਆ।
ਮੀਟਿੰਗ ਦੀ ਪ੍ਰਧਾਨਗੀ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕੀਤੀ। ਇਸ ਮੀਟਿੰਗ ਵਿੱਚ ਕਮਿਸ਼ਨ ਦੇ ਮੈਂਬਰ ਵਿਜੇ ਦੱਤ, ਪ੍ਰੀਤੀ ਚਾਵਲਾ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਫੀਲਡ ਅਧਿਕਾਰੀਆਂ ਤੋਂ ਪ੍ਰਾਪਤ ਫੀਡਬੈਕ ਸਾਂਝਾ ਕੀਤਾ ਗਿਆ, ਜਿਸ ਵਿੱਚ ਆਂਗਣਵਾੜੀ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਪੌਸ਼ਟਿਕ ਖੁਰਾਕ ਦੀ ਸਪਲਾਈ ਦੀ ਜ਼ਰੂਰਤ ਨੂੰ ਉਜਾਗਰ ਕੀਤਾ ਗਿਆ। ਅਧਿਕਾਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਪ੍ਰਵਾਸੀ ਭਾਰਤੀਆਂ, ਗੈਰ-ਸਰਕਾਰੀ ਸੰਗਠਨਾਂ ਅਤੇ ਸੀਐਸਆਰ ਭਾਈਵਾਲਾਂ ਦੇ ਸਹਿਯੋਗ ਨਾਲ ਇਨ੍ਹਾਂ ਯਤਨਾਂ ਨੂੰ ਉਤਸ਼ਾਹਿਤ ਕਰਨ ਤਾਂ ਜੋ ਐਨਐਫਐਸਏ ਦੇ ਲਾਭ ਹਰ ਨਾਗਰਿਕ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕਣ।
ਇਸ ਮੀਟਿੰਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਯੋਜਨਾ ਨੂੰ ਲਾਗੂ ਕਰਨ ਵਿੱਚ ਕੋਈ ਕਮੀ ਨਾ ਰਹੇ ਅਤੇ ਲੋੜਵੰਦਾਂ ਨੂੰ ਉਨ੍ਹਾਂ ਦੇ ਹੱਕ ਮਿਲਣ। ਇਸ ਦੌਰਾਨ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਬਦਲਾਅ ਲਿਆਉਣ ਲਈ ਠੋਸ ਕਾਰਜ ਯੋਜਨਾਵਾਂ ਤਿਆਰ ਕਰਨ ਲਈ ਵੀ ਕਿਹਾ ਗਿਆ।
ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੁੰਦ ਸ਼ਰਮਾ ਨੇ ਕਿਹਾ ਕਿ ਇਸ ਯੋਜਨਾ ਨੂੰ ਸਾਡੇ ਸਾਰਿਆਂ ਦੇ ਸਹਿਯੋਗ ਨਾਲ ਹੀ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ, ਜਿਸ ਵਿੱਚ ਪ੍ਰਵਾਸੀ ਭਾਰਤੀਆਂ, ਗੈਰ-ਸਰਕਾਰੀ ਸੰਗਠਨਾਂ ਅਤੇ ਕਾਰਪੋਰੇਟ ਸੰਸਥਾਵਾਂ ਦਾ ਯੋਗਦਾਨ ਵਿਸ਼ੇਸ਼ ਤੌਰ ‘ਤੇ ਮਹੱਤਵਪੂਰਨ ਹੋਵੇਗਾ, ਤਾਂ ਜੋ ਸਮਾਜ ਦੇ ਸਭ ਤੋਂ ਪੱਛੜੇ ਵਰਗ ਨੂੰ ਇਸਦਾ ਪੂਰਾ ਲਾਭ ਮਿਲ ਸਕੇ।
ਇਸ ਤੋਂ ਇਲਾਵਾ ਹੋਰ ਮੈਂਬਰਾਂ ਵਿਜੇ ਦੱਤ, ਪ੍ਰੀਤੀ ਚਾਵਲਾ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਸਾਰੇ ਅਧਿਕਾਰੀਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।
ਡਾਇਰੈਕਟਰ ਸਿੱਖਿਆ, ਸ਼੍ਰੀ ਵਿਨੈ ਬਿਬਲਾਨੀ ਨੇ ਮੀਟਿੰਗ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਤਹਿਤ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਨੂੰ ਬਿਹਤਰ ਬਣਾਉਣ ਖਾਸ ਕਰਕੇ ਸਿੱਖਿਆ ਅਤੇ ਪੋਸ਼ਣ ਦੇ ਖੇਤਰਾਂ ਵਿੱਚ ਦੇ ਉਦੇਸ਼ ਨਾਲ ਮਹੱਤਵਪੂਰਨ ਸੁਝਾਅ ਦਿੱਤੇ, ।
ਮੀਟਿੰਗ ਦੌਰਾਨ ਆਉਣ ਵਾਲੇ ਸਮੇਂ ਵਿੱਚ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੋਰ ਠੋਸ ਕਦਮ ਚੁੱਕਣ ‘ਤੇ ਜ਼ੋਰ ਦਿੱਤਾ ਗਿਆ ਤਾਂ ਜੋ ਪੰਜਾਬ ਰਾਜ ਦੇ ਹਰ ਨਾਗਰਿਕ ਨੂੰ ਆਪਣੀਆਂ ਜ਼ਰੂਰਤਾਂ ਅਨੁਸਾਰ ਖੁਰਾਕੀ ਵਸਤਾਂ ਮਿਲ ਸਕਣ।
Published on: ਮਾਰਚ 25, 2025 8:32 ਬਾਃ ਦੁਃ