ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੈਂ ਚੌਥਾ ਬਜਟ ਪੇਸ਼ ਕਰਨ ਜਾ ਰਿਹਾ ਹਾਂ। ਮੇਰੇ ਲਈ ਇਹ ਸਨਮਾਨ ਦੀ ਗੱਲ ਹੈ। ਪਿਛਲੇ ਤਿੰਨ ਸਾਲਾਂ ਵਿੱਚ ਆਈਆਂ ਤਬਦੀਲੀਆਂ ਦੀ ਤਸਵੀਰ ਪੇਸ਼ ਕਰ ਰਿਹਾ ਹਾਂ। ਸਭ ਤੋਂ ਪਹਿਲਾਂ ਮੈਂ ਸੀਐਮ ਭਗਵੰਤ ਮਾਨ ਦਾ ਧੰਨਵਾਦ ਕਰਦਾ ਹਾਂ। ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਤਰੱਕੀ ਦੀ ਰਾਹ ‘ਤੇ ਹੈ। ਇੱਕ ਸਮਾਂ ਸੀ ਜਦੋਂ ਭਾਰਤ ਦਾ ਸਭ ਤੋਂ ਖੁਸ਼ਹਾਲ ਸੂਬਾ ਪੰਜਾਬ ਸੀ। ਲੁਧਿਆਣਾ ਨੂੰ ਪੰਜਾਬ ਦਾ ਮਾਨਚੈਸਟਰ ਕਿਹਾ ਜਾਂਦਾ ਸੀ। ਖੇਡਾਂ ਦੇ ਖੇਤਰ ਵਿੱਚ ਜਲੰਧਰ ਸਭ ਤੋਂ ਅੱਗੇ ਸੀ। ਪ੍ਰਤੀ ਵਿਅਕਤੀ ਆਮਦਨ ਦੇ ਮਾਮਲੇ ਵਿੱਚ ਪੰਜਾਬ 1980 ਵਿੱਚ ਪਹਿਲੇ ਨੰਬਰ ’ਤੇ ਸੀ ਪਰ ਅੱਜ ਸਿਆਸੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਲੁੱਟ ਕਾਰਨ ਇਹ 15ਵੇਂ ਸਥਾਨ ’ਤੇ ਹੈ।
ਇਸ ਤੋਂ ਪਹਿਲਾਂ ਅੱਜ ਸਵੇਰੇ ਚੀਮਾ ਨੇ ਆਪਣੀ ਸਰਕਾਰੀ ਰਿਹਾਇਸ਼ ’ਤੇ ਬਜਟ ਦੀ ਕਾਪੀ ’ਤੇ ਦਸਤਖ਼ਤ ਕੀਤੇ। ਇਸ ਤੋਂ ਬਾਅਦ ਉਹ ਸੀਐਮ ਭਗਵੰਤ ਮਾਨ ਦੇ ਘਰ ਗਏ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਬਜਟ ‘ਚੇਂਜਿੰਗ ਪੰਜਾਬ’ ਵਿਸ਼ੇ ‘ਤੇ ਆਧਾਰਿਤ ਹੈ, ਜੋ 2.15 ਲੱਖ ਕਰੋੜ ਰੁਪਏ ਤੋਂ ਵੱਧ ਹੋ ਸਕਦਾ ਹੈ। ਇਹ ਪਿਛਲੀ ਵਾਰ ਨਾਲੋਂ ਲਗਭਗ 5% ਵੱਧ ਹੈ।
ਇਸ ਵਾਰ ਦੇ ਬਜਟ ਵਿੱਚ ਸਰਕਾਰ ਮੁੱਖ ਤੌਰ ‘ਤੇ ਖੇਤੀ, ਉਦਯੋਗ, ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਕਿਸਾਨਾਂ ਨੂੰ ਫ਼ਾਇਦਾ ਪਹੁੰਚਾਉਣ ‘ਤੇ ਧਿਆਨ ਦੇ ਸਕਦੀ ਹੈ। ਇਸ ਤੋਂ ਇਲਾਵਾ ਸਰਕਾਰ ਨੌਜਵਾਨਾਂ ਨੂੰ 20 ਹਜ਼ਾਰ ਨੌਕਰੀਆਂ ਦੇਣ ਦੀ ਤਿਆਰੀ ਕਰ ਰਹੀ ਹੈ। ਔਰਤਾਂ ਨੂੰ ਵੀ 1100 ਰੁਪਏ ਪ੍ਰਤੀ ਮਹੀਨਾ ਮਿਲਣ ਦੀ ਉਮੀਦ ਹੈ।
Published on: ਮਾਰਚ 26, 2025 11:11 ਪੂਃ ਦੁਃ