ਫਾਜ਼ਿਲਕਾ 27 ਮਾਰਚ, ਦੇਸ਼ ਕਲਿੱਕ ਬਿਓਰੋ
ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਢਿੱਲੀਆਂ ਤਾਰਾਂ ਦਾ ਮੁੱਦਾ ਉਠਾਇਆ। ਉਹਨਾਂ ਨੇ ਕਿਹਾ ਕਿ ਇਹਨਾਂ ਢਿੱਲੀਆਂ ਤਾਰਾਂ ਸਬੰਧੀ ਲੋਕਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ। ਜਿਸ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਢਿੱਲੀਆਂ ਤਾਰਾਂ ਨੂੰ ਠੀਕ ਕਰਨ ਲਈ ਬਿਜਲੀ ਨਿਗਮ ਵੱਲੋਂ ਲੋਕਾਂ ਤੋਂ ਕੋਈ ਫੀਸ ਚਾਰਜ ਨਹੀਂ ਕੀਤੀ ਜਾਂਦੀ ਅਤੇ ਇਹ ਕੰਮ ਅਰਜੀ ਪ੍ਰਾਪਤ ਹੋਣ ਤੇ ਜਾਂ ਵਿਭਾਗ ਆਪਣੇ ਸਰਵੇ ਦੇ ਅਧਾਰ ਤੇ ਲਗਾਤਾਰ ਕਰਦਾ ਰਹਿੰਦਾ ਹੈ। ਨਾਲ ਹੀ ਬਿਜਲੀ ਮੰਤਰੀ ਨੇ ਦੱਸਿਆ ਕਿ ਜੇਕਰ ਕਿਤੇ ਤਾਰਾਂ ਸ਼ਿਫਟ ਕਰਨੀਆਂ ਹੋਣ ਤਾਂ ਇਸ ਲਈ ਇੱਕ ਨਿਰਧਾਰਿਤ ਫੀਸ ਲਈ ਜਾਂਦੀ ਹੈ। ਹਾਲਾਂਕਿ ਸਰਕਾਰ ਨੇ ਇਹ ਫੀਸ ਕਾਫੀ ਘੱਟ ਕਰ ਦਿੱਤੀ ਹੈ। ਇਸੇ ਤਰ੍ਹਾਂ ਵਿਧਾਇਕ ਨੇ 66 ਕੇਵੀ ਲਾਧੂਕਾ ਗ੍ਰਿਡ ਦੇ ਓਵਰਲੋਡ ਹੋਣ ਦਾ ਮੁੱਦਾ ਵੀ ਵਿਧਾਨ ਸਭਾ ਵਿੱਚ ਰੱਖਿਆ ਅਤੇ ਕਿਹਾ ਕਿ ਸਰਹੱਦ ਨਾਲ ਲੱਗਦੇ ਕੁਝ ਪਿੰਡਾਂ ਵਿਚ ਲੋਕਾਂ ਨੂੰ ਬਿਜਲੀ ਦੇ ਘੱਟ ਵੋਲਟੇਜ ਦੀ ਦਿੱਕਤ ਆਉਂਦੀ ਹੈ। ਜਿਸ ਦੇ ਜਵਾਬ ਵਿੱਚ ਬਿਜਲੀ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਉਨਾਂ ਵੱਲੋਂ ਪੜਤਾਲ ਕਰਵਾਈ ਜਾਵੇਗੀ ਅਤੇ ਯੋਗ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਬਿਜਲੀ ਦੀ ਸਹੂਲਤ ਸਹੀ ਤਰੀਕੇ ਨਾਲ ਮਿਲ ਸਕੇ।
Published on: ਮਾਰਚ 27, 2025 4:06 ਬਾਃ ਦੁਃ