ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਪੰਜਾਬ

ਚੰਡੀਗੜ੍ਹ/ਗੁਰਦਾਸਪੁਰ, 29 ਮਾਰਚ: ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅੱਜ 7.18 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿਚੋਂ ਲੰਘਦੀ ਨਬੀਪੁਰ ਕੱਟ ਡਰੇਨ  ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਅਤੇ ਆਗੂ ਹਾਜ਼ਰ ਸਨ।

ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਵਿੱਚ 1960 ਵਿੱਚ ਬਣੀ ਇਹ ਨਬੀਪੁਰ ਡਰੇਨ ਦਾ 3.50 ਕਿੱਲੋਮੀਟਰ ਹਿੱਸਾ ਗੁਰਦਾਸਪੁਰ ਸ਼ਹਿਰ ਵਿੱਚ ਪੈਂਦਾ ਹੈ ਅਤੇ ਇਹ ਡਰੇਨ ਕੱਚੀ ਹੋਣ ਕਾਰਨ ਜਿੱਥੇ ਬਰਸਾਤੀ ਸੀਜ਼ਨ ਵਿੱਚ ਕਈ ਵਾਰ ਸ਼ਹਿਰ ਵਾਸੀਆਂ ਨੂੰ ਇਸਦੇ ਪਾਣੀ ਦੀ ਮਾਰ ਝੱਲਣੀ ਪੈਂਦੀ ਸੀ ਓਥੇ ਡਰੇਨ ਕੱਚੀ ਹੋਣ ਕਾਰਨ ਆਸ-ਪਾਸ ਦੇ ਇਲਾਕੇ ਦਾ ਜ਼ਮੀਨ ਹੇਠਲਾ ਪਾਣੀ ਵੀ ਦੂਸ਼ਿਤ ਹੋ ਰਿਹਾ ਸੀ।  

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਦੱਸਿਆ ਕਿ 7.18 ਕਰੋੜ ਰੁਪਏ ਦੀ ਲਾਗਤ ਨਾਲ ਨਬੀਪੁਰ ਡਰੇਨ  ਦੇ ਗੁਰਦਾਸਪੁਰ ਸ਼ਹਿਰ ਵਿਚਲੇ ਹਿੱਸੇ ਨੂੰ ਪੱਕਿਆਂ ਕੀਤਾ ਜਾਵੇਗਾ ਅਤੇ ਡਰੇਨ ਦੇ ਦੋਵੇਂ ਪਾਸੇ ਤਿੰਨ-ਤਿੰਨ ਫੁੱਟ ਰਸਤਾ ਵੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਡਰੇਨ ਦੇ ਕਿਨਾਰਿਆਂ ‘ਤੇ ਕਰੈਸ਼ ਬੈਰੀਅਰ ਲਗਾਉਣ ਤੋਂ ਇਲਾਵਾ ਇਸ ਦੀ ਬਿਊਟੀਫਿਕੇਸ਼ਨ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਡਰੇਨ ਪੱਕੀ ਹੋਣ ਨਾਲ ਜਿੱਥੇ ਇਸ ਦੇ ਓਵਰ ਫਲੋਅ ਹੋਣ ਉੱਪਰ ਰੋਕ ਲੱਗੇਗੀ, ਓਥੇ ਨਾਲ ਹੀ ਜ਼ਮੀਨ ਵਿੱਚ ਇਸ ਦਾ ਗੰਦਾ ਪਾਣੀ ਵੀ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨੇ ਵਿੱਚ ਇਸ ਪ੍ਰਾਜੈਕਟ ਨੂੰ ਮੁਕੰਮਲ ਕਰ ਲਿਆ ਜਾਵੇਗਾ।

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਚੇਅਰਮੈਨ ਰਮਨ ਬਹਿਲ ਦੀ ਮੰਗ ਉੱਪਰ ਨਬੀਪੁਰ ਕੱਟ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਨੂੰ ਚਾਰ ਕਿੱਲੋਮੀਟਰ ਹੋਰ ਵਧਾ ਕੇ ਪਿੰਡ ਖੋਖਰ ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਜਲ ਸਰੋਤ ਵਿਭਾਗ ਵੱਲੋਂ ਕਿਰਨ/ਸ਼ੱਕੀ ਨਾਲੇ ਦੀ ਸਫ਼ਾਈ ਕਰਨ ਦੇ ਨਾਲ ਇਸ ਦੀ ਰੀਲਾਈਨਿੰਗ ਦਾ ਪ੍ਰਾਜੈਕਟ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਸ਼ੱਕੀ ਨਾਲੇ ਦੇ ਰੀਲਾਈਨਿੰਗ ਪ੍ਰਾਜੈਕਟ ਸਬੰਧੀ ਰਿਪੋਰਟ ਤਿਆਰ ਕਰਨ ਦੇ ਆਦੇਸ਼ ਜਾਰੀ ਕੀਤੇ।

ਇਸ ਤੋਂ ਬਾਅਦ ਗੁਰਦਾਸਪੁਰ ਵਿਖੇ ਵਿਸ਼ਾਲ ਧੰਨਵਾਦੀ ਰੈਲੀ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਹੇ ਮੁਫ਼ਤ ਬਿਜਲੀ ਸਹੂਲਤ ਹੋਵੇ ਜਾਂ ਸਿਹਤ ਤੇ ਸਿੱਖਿਆ ਕ੍ਰਾਂਤੀ ਹੋਵੇ ਮਾਨ ਸਰਕਾਰ ਨੇ ਆਪਣੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਨਹਿਰੀ ਢਾਂਚੇ ਵਿੱਚ ਵੱਡਾ ਸੁਧਾਰ ਲਿਆਉਂਦਿਆਂ ਦਹਾਕਿਆਂ ਬਾਅਦ ਟੇਲਾਂ ਤੱਕ ਪਾਣੀ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਇਸ ਬਜਟ ਵਿੱਚ ਪਿੰਡਾਂ ਦੇ ਟੋਭਿਆਂ ਦੀ ਸਫ਼ਾਈ ਲਈ ਵਿਸ਼ੇਸ਼ ਫ਼ੰਡ ਰੱਖਿਆ ਹੈ ਜਿਸ ਨਾਲ ਟੋਭਿਆਂ ਦੀ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਦੀ ਉਮੀਦਾਂ ਉੱਪਰ ਪੂਰੀ ਤਰ੍ਹਾਂ ਖਰੀ ਉੱਤਰ ਰਹੀ ਹੈ ਅਤੇ ਸੂਬਾ ਵਾਸੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ।

ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਨਬੀਪੁਰ ਡਰੇਨ ਨੂੰ ਪੱਕਿਆਂ ਕਰਕੇ ਮਾਨ ਸਰਕਾਰ ਨੇ ਗੁਰਦਾਸਪੁਰ ਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਰੇਨ ਕੱਚੀ ਹੋਣ ਕਾਰਨ ਇਸ ਦੇ ਆਸ-ਪਾਸ ਦੀਆਂ ਕਾਲੋਨੀਆਂ ਦੇ ਵਾਸੀ ਨਰਕ ਦੀ ਜ਼ਿੰਦਗੀ ਬਤੀਤ ਕਰ ਰਹੇ ਸਨ, ਜਿਨ੍ਹਾਂ ਨੂੰ ਹੁਣ ਰਾਹਤ ਮਿਲੀ ਹੈ। ਉਨ੍ਹਾਂ ਨੇ ਨਬੀਪੁਰ ਡਰੇਨ ਨੂੰ ਪੱਕੀ ਕਰਨ ਦੇ ਪ੍ਰਾਜੈਕਟ ਨੂੰ 4 ਕਿੱਲੋਮੀਟਰ ਹੋਰ ਵਧਾਉਣ ਲਈ ਵੀ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।

ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਸੂਬੇ ਅੰਦਰ ਵੱਡੇ ਬਦਲਾਅ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਕਰਦਿਆਂ ਸਕੂਲ ਆਫ਼ ਐਮੀਂਨੇਸ਼ਨ ਬਣਾਏ ਗਏ ਹਨ ਅਤੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ ਸਹੂਲਤ ਨਾਲ 90 ਫ਼ੀਸਦੀ ਤੋਂ ਵੱਧ ਘਰਾਂ ਦੇ ਜ਼ੀਰੋ ਬਿੱਲ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਰਾਹੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਵਿੱਚ ਸੂਬਾ ਵਾਸੀਆਂ ਨੂੰ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ।

ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ ਨੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਉਪਲਬਧੀਆਂ ਬਾਰੇ ਵਿਸਥਾਰ ਵਿੱਚ ਦੱਸਿਆ। ਇਸ ਉਪਰੰਤ ਗੁਰਦਾਸਪੁਰ ਦੀ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।

Published on: ਮਾਰਚ 29, 2025 7:51 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।