IAS ਅਤੇ IPS ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ: ਮੁੱਖ ਮੰਤਰੀ

ਸਿੱਖਿਆ \ ਤਕਨਾਲੋਜੀ ਪੰਜਾਬ

ਘਨੌਰੀ ਕਲਾਂ (ਸੰਗਰੂਰ), 29 ਮਾਰਚ: ਦਲਜੀਤ ਕੌਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸੀਨੀਅਰ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ ਤਾਂ ਕਿ ਜੀਵਨ ਵਿੱਚ ਬੁਲੰਦੀਆਂ ਛੂਹਣ ਲਈ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ ਜਾ ਸਕੇ।
ਅੱਜ ਇੱਥੇ ‘ਸਕੂਲ ਆਫ ਐਮੀਨੈਂਸ’ ਵਿਖੇ ਹੋਈ ਮਾਪੇ-ਅਧਿਆਪਕ ਮਿਲਣੀ (PTM) ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਇਕ-ਇਕ ਸਰਕਾਰੀ ਸਕੂਲ ਦਾ ਮਾਰਗ ਦਰਸ਼ਨ ਕਰਨਗੇ ਅਤੇ ਉਥੋਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਰਾਹੀਂ ਸਿੱਖਿਆ ਦੇ ਮਾਹੌਲ ਨੂੰ ਹੋਰ ਸਾਜ਼ਗਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਅਧਿਕਾਰੀ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਗੇ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਲੋੜੀਂਦੀ ਸਿਖਲਾਈ ਨੂੰ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਧਿਕਾਰੀ ਇਨ੍ਹਾਂ ਸਕੂਲਾਂ ਦੇ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਅਧਿਕਾਰੀ ਬੌਸ ਵਜੋਂ ਨਹੀਂ ਸਗੋਂ ਰਾਹ ਦਸੇਰੇ ਵਜੋਂ ਸੇਧ ਦੇਣਗੇ। ਉਨ੍ਹਾਂ ਕਿਹਾ ਕਿ ਇਹ ਕੰਮ ਸਵੈ-ਇੱਛਤ ਸੇਵਾ ਹੋਵੇਗਾ ਅਤੇ ਇਸ ਵਿੱਚ ਦਿਲਚਸਪੀ ਰੱਖਣ ਵਾਲੇ ਅਧਿਕਾਰੀਆਂ ਨੂੰ ਆਪਣੀਆਂ ਪਹਿਲਾਂ ਤੋਂ ਨਿਰਧਾਰਤ ਡਿਊਟੀਆਂ ਦੇ ਨਾਲ-ਨਾਲ ਇਸ ਨੂੰ ਨਿਭਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਦੀ ਉਡਾਣ ਭਰਨ ਲਈ ਖੰਬ ਦੇਵੇਗਾ ਤਾਂ ਕਿ ਉਹ ਜ਼ਿੰਦਗੀ ਦੇ ਹਰੇਕ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਵਿਦਿਆਰਥੀਆਂ ਨੂੰ ਹਰੇਕ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਉਣਗੇ ਤਾਂ ਕਿ ਉਹ ਮਹੱਤਵਪੂਰਨ ਪ੍ਰੀਖਿਆਵਾਂ ਪਾਸ ਕਰਕੇ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਮਾਣ ਮਹਿਸੂਸ ਹੁੰਦਾ ਹੈ ਕਿ ਇਨ੍ਹਾਂ ਸਕੂਲਾਂ ਵਿੱਚ ਬਹੁਤ ਜ਼ਿਆਦਾ ਹੁਸ਼ਿਆਰ ਵਿਦਿਆਰਥੀ ਪੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਕੁੜੀਆਂ ਹਰ ਉਸ ਖੇਤਰ ਵਿੱਚ ਮੁੰਡਿਆਂ ਨਾਲੋਂ ਵੱਧ ਗਈਆਂ ਹਨ ਜਿਸ ਨੂੰ ਹੁਣ ਤੱਕ ਸਿਰਫ ਮਰਦਾਂ ਦਾ ਅਧਿਕਾਰ ਖੇਤਰ ਮੰਨਿਆ ਜਾਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੁੱਲ ਬਜਟ ਖਰਚ ਦੇ 11 ਫੀਸਦੀ ਬਜਟ ਵਜੋਂ 18,047 ਕਰੋੜ ਰੁਪਏ ਅਲਾਟ ਕਰਕੇ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਵਾਂ, ਖੁਸ਼ਹਾਲ ਅਤੇ ਪ੍ਰਗਤੀਸ਼ੀਲ ਪੰਜਾਬ ਬਣਾਉਣ ਵਿੱਚ ਮਦਦ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਿੱਖਿਆ ਖੇਤਰ ਦੇ ਵਿਕਾਸ ‘ਤੇ ਪੂਰਾ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੁੱਧੀਮਾਨ ਵਿਦਿਆਰਥੀ ਅਤੇ ਪ੍ਰਤਿਭਾਸ਼ਾਲੀ ਲੋਕ ਹਨ ਜੋ ਮਿਲ-ਜੁਲ ਕੇ ਸਭ ਕੁਝ ਸੰਭਵ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਕਿ ਮਿਆਰੀ ਸਿੱਖਿਆ ਰਾਹੀਂ ਆਮ ਆਦਮੀ ਦੇ ਜੀਵਨ ਨੂੰ ਬਦਲਿਆ ਜਾ ਸਕੇ।
ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਵਿੱਚ ਸਿੱਖਿਆ ਖੇਤਰ ਹੁਣ ਮਹੱਤਵਪੂਰਨ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਜਿਸ ਨਾਲ ਸਰਕਾਰੀ ਸਕੂਲਾਂ ਲਈ ਸ਼ਾਨਦਾਰ ਨਤੀਜੇ ਨਿਕਲਣਗੇ ਅਤੇ ਇਸ ਨਾਲ ਸਰਕਾਰ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਸੁਧਾਰ ਰਹੀ ਹੈ ਅਤੇ ਪੰਜਾਬ ਯਕੀਨਨ ਤੌਰ ‘ਤੇ ਦੇਸ਼ ਭਰ ਵਿੱਚ ਰੋਲ ਮਾਡਲ ਵਜੋਂ ਉਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਤੱਥਾਂ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਕਿ ਅਧਿਆਪਕਾਂ ਦੀਆਂ ਸੇਵਾਵਾਂ ਦੀ ਵਰਤੋਂ ਕਿਸੇ ਹੋਰ ਕੰਮ ਦੀ ਬਜਾਏ ਸਿਰਫ਼ ਸਿੱਖਿਆ ਦੇ ਉਦੇਸ਼ ਲਈ ਹੀ ਕੀਤੀ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਨਵੈਂਟ ਸਕੂਲਾਂ ਪੜ੍ਹੇ-ਲਿਖੇ ਸਿਆਸੀ ਆਗੂਆਂ ਨੇ ਕਦੇ ਵੀ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਸੁਧਾਰਨ ਲਈ ਕੱਖ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ-ਇੱਕ ਕਾਰਨ ਇਹ ਸੀ ਕਿ ਉਨ੍ਹਾਂ ਨੂੰ ਸੂਬੇ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਦੀ ਕੋਈ ਚਿੰਤਾ ਨਹੀਂ ਸੀ ਪਰ ਉਨ੍ਹਾਂ ਦੀ ਸਰਕਾਰ ਸਿੱਖਿਆ ਵਿੱਚ ਇਹ ਮਿਸਾਲੀ ਬਦਲਾਅ ਲਿਆਈ ਹੈ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਬੁਲੰਦੀ ਛੂਹਣ ਲਈ ਰਵਾਇਤੀ ਪਾਰਟੀਆਂ ਦੇ ਆਗੂਆਂ ਵਾਂਗ ਪੈਰਾਸ਼ੂਟ ਵਾਲਾ ਰਸਤਾ ਅਪਣਾਉਣ ਦੀ ਬਜਾਏ ਜ਼ਮੀਨੀ ਪੱਧਰ ‘ਤੇ ਵਿਚਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਉਹ ਲੋਕ ਹੁੰਦੇ ਹਨ ਜੋ ਪੂਰੀ ਦੁਨੀਆ ਨੂੰ ਜਿੱਤਣ ਲਈ ਜ਼ਮੀਨ ਤੋਂ ਉੱਠਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿਹਨਤੀ ਲੋਕਾਂ ਲਈ ਕੋਈ ਸੀਮਾ ਨਹੀਂ ਹੁੰਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਜੇ ਪਾਸੇ ਪੈਰਾਸ਼ੂਟਰ ਸਿੱਧੇ ਅਸਮਾਨ ਤੋਂ ਉਤਰਦੇ ਹਨ ਅਤੇ ਬਾਅਦ ਵਿੱਚ ਜਾਂ ਛੇਤੀ ਹੀ ਜ਼ਮੀਨ ‘ਤੇ ਡਿੱਗਣ ਲਈ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦਾ ਧਿਆਨ ਜ਼ਿੰਦਗੀ ਵਿੱਚ ਸਿਖਰਲਾ ਸਥਾਨ ਹਾਸਲ ਕਰਨ ‘ਤੇ ਹੋਣਾ ਚਾਹੀਦਾ ਹੈ ਜਿਸ ਲਈ ਸੂਬਾ ਸਰਕਾਰ ਹਰ ਲੋੜੀਂਦੀ ਮਦਦ ਪ੍ਰਦਾਨ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਨ ਹੈ ਕਿਉਂਕਿ ਇਹ ਪੀ.ਟੀ.ਐਮ. ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਭਰ ਦੇ ਲੱਖਾਂ ਮਾਪੇ ਆਪਣੇ ਬੱਚਿਆਂ ਨੂੰ ਦਿੱਤੀ ਜਾ ਰਹੀ ਪੜ੍ਹਾਈ, ਮਾਹੌਲ, ਪਾਠਕ੍ਰਮ ਅਤੇ ਹੋਰ ਪੱਖਾਂ ਬਾਰੇ ਪੁੱਛਗਿੱਛ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਅਧਿਆਪਕਾਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਸਮਝਾਉਣ ਦਾ ਮੌਕਾ ਵੀ ਪ੍ਰਦਾਨ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਸਾਲੀ ਬਦਲਾਅ ਹੈ ਕਿਉਂਕਿ ਅਜਿਹੇ ਪੀ.ਟੀ.ਐਮ ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਹੀ ਹੁੰਦੇ ਸਨ ਪਰ ਸਰਕਾਰੀ ਸਕੂਲਾਂ ਵਿੱਚੋਂ ਨਦਾਰਦ ਹੁੰਦੇ ਸਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਭਲਾਈ ਲਈ ਇੱਥੇ ਅਪਣਾਏ ਜਾ ਰਹੇ ਸਿੱਖਿਆ ਦੇ ਸਭ ਤੋਂ ਵਧੀਆ ਅਭਿਆਸਾਂ ਵਿੱਚੋਂ ਇੱਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਦੀ ਭਲਾਈ ਲਈ ਹਰ ਖੇਤਰ ਵਿੱਚ ਕਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿੱਥੇ ਤਿੰਨ ਕਰੋੜ ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਇਲਾਜ ਹੋਇਆ ਹੈ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਯੋਗਤਾ ਦੇ ਆਧਾਰ ‘ਤੇ 52,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਅਕਤੂਬਰ ਮਹੀਨੇ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਵੇਚਣ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਣ ਲਈ ਝੋਨਾ ਲਾਉਣ ਦੇ ਸਮੇਂ ਨੂੰ ਪਹਿਲਾਂ ਕਰਦਿਆਂ ਸੂਬਾ ਸਰਕਾਰ ਨੇ ਇਸ ਸਾਲ ਇਕ ਜੂਨ ਤੋਂ ਝੋਨਾ ਲਾਉਣ ਦਾ ਸੀਜ਼ਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਫ਼ਸਲ ਦੀ ਜ਼ੋਨ ਵਾਰ ਕਾਸ਼ਤ ਕੀਤੀ ਜਾਵੇਗੀ ਜਿਸ ਲਈ ਪੰਜਾਬ ਸਰਕਾਰ ਵੱਲੋਂ ਲੋੜੀਂਦੀ ਵਿਉਂਤਬੰਦੀ ਅਤੇ ਪ੍ਰਬੰਧ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਕਲੀ ਬੀਜਾਂ ਦੀ ਵਿਕਰੀ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਤੋਂ ਪਹਿਲਾਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਇਨਕਲਾਬੀ ਬਦਲਾਅ ਲਿਆਉਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੇ ਸਿੱਖਿਆ ਮਾਡਲ ਨੇ ਹੈਰਾਨੀਜਨਕ ਕੰਮ ਕੀਤਾ ਹੈ ਕਿਉਂਕਿ ਸ਼ਹਿਰਾਂ ਦੇ ਵਿਦਿਆਰਥੀ ਹੁਣ ਪਿੰਡਾਂ ਵਿੱਚ ਸਥਿਤ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਲਈ ਲਾਈਨਾਂ ਲਾ ਰਹੇ ਹਨ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਦੋਂ ਉਹ ਸੂਬੇ ਦਾ ਦੌਰਾ ਕਰ ਰਹੇ ਸਨ ਤਾਂ ਸਥਿਤੀ ਬਿਲਕੁਲ ਵੱਖਰੀ ਸੀ ਅਤੇ ਹੁਣ ਪਿਛਲੇ ਤਿੰਨ ਸਾਲਾਂ ਵਿੱਚ ਸੂਬੇ ਵਿੱਚ ਵਰਨਣਯੋਗ ਤਬਦੀਲੀਆਂ ਵੇਖੀਆਂ ਜਾ ਰਹੀਆਂ ਹਨ।
‘ਆਪ’ ਆਗੂ ਨੇ ਕਿਹਾ ਕਿ ਪਿਛਲੇ 75 ਸਾਲਾਂ ਦੇ ਮੁਕਾਬਲੇ ਪਿਛਲੇ ਤਿੰਨ ਸਾਲਾਂ ਵਿੱਚ ਬਹੁਤ ਵਧੀਆ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਸਿਰਫ਼ ਸਿੱਖਿਆ ਰਾਹੀਂ ਹੀ ਬਣਾਇਆ ਜਾ ਸਕਦਾ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਨੇ 2022 ਤੋਂ ਪਹਿਲਾਂ ਸੂਬੇ ਦੇ 50 ਤੋਂ ਵੱਧ ਕਸਬਿਆਂ, ਸ਼ਹਿਰਾਂ ਅਤੇ ਪਿੰਡਾਂ ਦੇ ਸਰਕਾਰੀ ਸਕੂਲਾਂ ਦਾ ਨਿੱਜੀ ਤੌਰ ‘ਤੇ ਦੌਰਾ ਕੀਤਾ ਸੀ ਜਿਨ੍ਹਾਂ ਦੀ ਸਥਿਤੀ ਖ਼ਰਾਬ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਦੀ ਗੱਲ ਹੈ ਕਿ ਅੱਜ ਸੂਬੇ ਦੇ ਸਕੂਲਾਂ ਦਾ ਮੁਹਾਂਦਰਾ ਪੂਰੀ ਤਰ੍ਹਾਂ ਬਦਲ ਗਿਆ ਹੈ, ਜੋ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਪ੍ਰਤੀਕ ਹੈ।
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਨੂੰ ਬਰਬਾਦ ਕਰ ਦਿੱਤਾ ਸੀ ਕਿਉਂਕਿ ਇਹ ਆਗੂ ਚਾਹੁੰਦੇ ਸਨ ਕਿ ਉਨ੍ਹਾਂ ਦੇ ਚਹੇਤਿਆਂ ਦੇ ਪ੍ਰਾਈਵੇਟ ਸਕੂਲ ਵਜੂਦ ਵਿੱਚ ਰਹਿਣ। ਉਨ੍ਹਾਂ ਕਿਹਾ ਕਿ ਹੁਣ ਧਿਆਨ ਸੂਬੇ ਭਰ ਦੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਅਤੇ ਸੁਧਾਰਨ ‘ਤੇ ਹੈ ਜੋ ਸੱਚਮੁੱਚ ਸ਼ਲਾਘਾਯੋਗ ਹੈ ਕਿਉਂਕਿ ਇਹ ਸੂਬੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਯਕੀਨੀ ਬਣਾ ਰਿਹਾ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸਰਕਾਰੀ ਸਕੂਲ ਦੇ ਹਰ ਵਿਦਿਆਰਥੀ ਨੂੰ ਮਿਆਰੀ ਸਿੱਖਿਆ ਦਿੱਤੀ ਜਾਵੇ ਜਿਸ ਨਾਲ ਉਨ੍ਹਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ।

Published on: ਮਾਰਚ 29, 2025 7:55 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।