ਚੰਡੀਗੜ੍ਹ, 30 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਕਿ ਇੱਕ ਨਵੀਨਤਮ ਪਹਿਲਕਦਮੀ ਹੈ ਜਿਸਦਾ ਉਦੇਸ਼ ਮਾਪਿਆਂ ਨੂੰ ਸਰਲ, ਖੇਡ-ਅਧਾਰਤ ਗਤੀਵਿਧੀਆਂ ਰਾਹੀਂ ਆਪਣੇ ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਪ੍ਰੋਗਰਾਮ ਬੱਚਿਆਂ ਦੀ ਬੁਨਿਆਦੀ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ, ‘ਆਰੰਭ’ ਪ੍ਰੋਗਰਾਮ ਅੱਠ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ: ਲੁਧਿਆਣਾ, ਐਸ ਏ ਐਸ ਨਗਰ, ਪਟਿਆਲਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਰੋਪੜ ਅਤੇ ਅੰਮ੍ਰਿਤਸਰ। ਇਹ ਪ੍ਰੋਗਰਾਮ ਜਲਦ ਸ਼ੁਰੂ ਹੋਣ ਦੀ ਉਮੀਦ ਹੈ ਅਤੇ ਭਵਿੱਖ ਵਿੱਚ ਰਾਜ ਭਰ ਵਿੱਚ ਵਿਸਥਾਰ ਲਈ ਇੱਕ ਮਾਡਲ ਵਜੋਂ ਕੰਮ ਕਰੇਗਾ।
ਮੰਤਰੀ ਨੇ ਹੋਰ ਵਿਆਖਿਆ ਕਰਦਿਆਂ ਕਿਹਾ ਕਿ ‘ਆਰੰਭ’ ਪ੍ਰੋਗਰਾਮ ਮਾਪਿਆਂ ਅਤੇ ਬੱਚਿਆਂ ਲਈ ਦਿਲਚਸਪ ਅਤੇ ਇੰਟਰਐਕਟਿਵ ਸਿੱਖਣ ਗਤੀਵਿਧੀਆਂ ਰਾਹੀਂ ਇੱਕ ਅਜਿਹਾ ਸਹਾਇਕ ਵਾਤਾਵਰਣ ਬਣਾਏਗਾ, ਜੋ ਬੱਚਿਆਂ ਦੇ ਬੌਧਿਕ, ਭਾਵਨਾਤਮਕ ਅਤੇ ਸਮਾਜਿਕ ਵਿਕਾਸ ਨੂੰ ਉਤਸ਼ਾਹਿਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਪੰਜਾਬ ਸਰਕਾਰ ਦੀ ਬੁਨਿਆਦੀ ਸਿੱਖਿਆ ਨੂੰ ਮਜ਼ਬੂਤ ਬਣਾਉਣ ਅਤੇ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਅਕਾਦਮਿਕ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ‘ਆਰੰਭ’ ਪ੍ਰੋਗਰਾਮ ਦੇ ਲਾਗੂ ਕਰਨ ਸੰਬੰਧੀ ਹੋਰ ਵੇਰਵੇ ਆਉਣ ਵਾਲੇ ਮਹੀਨਿਆਂ ਵਿੱਚ ਜਨਤਕ ਕੀਤੇ ਜਾਣਗੇ। ਉਨ੍ਹਾਂ ਪੰਜਾਬ ਦੇ ਮਾਪਿਆਂ ਅਤੇ ਸਿੱਖਿਅਕਾਂ ਨੂੰ ਸ਼ੁਰੂਆਤੀ ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਆਨੰਦਦਾਇਕ ਬਣਾਉਣ ਲਈ ਇਸ ਪਹਿਲਕਦਮੀ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।
ਮੰਤਰੀ ਨੇ ਅੰਤ ਵਿੱਚ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਅਜਿਹੀਆਂ ਯੋਜਨਾਵਾਂ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਉਣਗੀਆਂ।
Published on: ਮਾਰਚ 30, 2025 3:42 ਬਾਃ ਦੁਃ