ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ

ਚੰਡੀਗੜ੍ਹ/ਬਰਨਾਲਾ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ

 ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਰਨਾਲਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਸਿਵਲ, ਪੁਲਿਸ ਪ੍ਰਸ਼ਾਸਨ ਤੇ ਵਿਭਾਗੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ।  

 ਮੀਟਿੰਗ ਨੂੰ ਸੰਬੋਧਨ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇਹ ਵਿਆਪਕ ਮੁਹਿੰਮ ਜਾਰੀ ਰੱਖੀ ਜਾਵੇ। ਇਸ ਮੌਕੇ ਸਾਰੇ ਵਿਭਾਗਾਂ ਨੇ ਆਪਣੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 175 ਪੰਚਾਇਤਾਂ ਨੇ ਨਸ਼ਿਆਂ ਖ਼ਿਲਾਫ਼ ਅਹਿਦ ਲਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਅੱਗੇ ਲਿਆ ਕੇ ਦੂਜਿਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।

  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਲਾਈਟ ਐਂਡ ਸਾਊਂਡ ਸ਼ੋਅ ਨਸ਼ਿਆਂ ਵਿਰੁੱਧ ਕਰਵਾਇਆ ਗਿਆ ਹੈ ਜਿੱਥੇ ਕਰੀਬ 4000 ਲੋਕ ਸ਼ਾਮਲ ਹੋਏ ਅਤੇ ਹੁਣ ਪਿੰਡਾਂ ਵਿਚ ਨੁੱਕੜ ਨਾਟਕ ਕਰਵਾਏ ਜਾਣਗੇ।

 ਸੌਂਦ ਨੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨੁੱਕੜ ਨਾਟਕ ਹਰ ਪਿੰਡ ਅਤੇ ਸ਼ਹਿਰ ਵਿੱਚ ਕਰਾਏ ਜਾਣ ਅਤੇ ਜਾਗਰੂਕਤਾ ਬੋਰਡ ਜਨਤਕ ਥਾਵਾਂ ‘ਤੇ ਲਾਏ ਜਾਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦਲਦਲ ਵਿਚ ਫਸੇ ਵਿਅਕਤੀਆਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਵੀ ਵਿਆਪਕ ਯਤਨ ਕੀਤੇ ਜਾਣ।

   ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਨੇ ਪੁਲਿਸ ਦੇ ਤਲਾਸ਼ੀ ਅਭਿਆਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਬਾਰੇ ਜਾਣਕਾਰੀ ਦਿੱਤੀ।

     ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਲਈ ਪਿਛਲੀਆਂ ਸਰਕਾਰਾਂ ਨੇ ਕੁਝ ਨਹੀਂ ਕੀਤਾ ਜਦਕਿ ਪੰਜਾਬ ਦੀ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 3 ਸਾਲਾਂ ਤੋਂ ਨਸ਼ਿਆਂ ਅਤੇ ਨਸ਼ਾ ਤਸਕਰਾਂ ਵਿਰੁੱਧ ਐਕਸ਼ਨ ਲਿਆ ਜਾ ਰਿਹਾ ਹੈ ਅਤੇ ਸਾਰੇ ਜ਼ਿਲ੍ਹਿਆਂ ਵਿੱਚ ਮੰਤਰੀਆਂ ਨੂੰ ਮੁਹਿੰਮ ਤਹਿਤ ਜ਼ਿੰਮੇਵਾਰੀ ਦਿੱਤੀ ਹੈ।

  ਜ਼ਿਲ੍ਹਾ ਪ੍ਰਸ਼ਾਸ਼ਨ ਨੇ ਇਸ ਮੌਕੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵਲੋਂ ਇਸ ਮੁਹਿੰਮ ਤਹਿਤ 391 ਫਰਮਾਂ ਦੀ  ਚੈਕਿੰਗ ਕੀਤੀ ਗਈ ਅਤੇ 36 ਫਰਮਾਂ ‘ਤੇ ਊਣਤਾਈ ਦੇ ਮਾਮਲੇ ਵਿਚ ਬਣਦਾ ਐਕਸ਼ਨ ਲਿਆ ਗਿਆ।  3 ਫਰਮਾਂ ਸੀਲ ਕੀਤੀਆਂ ਗਈਆਂ ਅਤੇ 1 ਕਰੋੜ ਦੀ ਡਰੱਗ ਮਨੀ ਮਿਲੀ ਹੈ। 2 ਫਰਮਾਂ ਦੇ ਲਾਈਸੈਂਸ ਰੱਦ ਕੀਤੇ ਗਏ ਹਨ। ਇਸ ਤੋਂ ਇਲਾਵਾ 11 ਫਰਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ।

  ਜ਼ਿਕਰਯੋਗ ਹੈ ਕਿ ਬਰਨਾਲਾ ਪੁਲੀਸ ਨੇ ਮੁਹਿੰਮ ਤਹਿਤ 277 ਮੁਲਜ਼ਮ ਗ੍ਰਿਫਤਾਰ ਕੀਤੇ ਹਨ।  18 ਕਿਲੋ ਪੋਸਤ ਅਤੇ 7500 ਦੇ ਕਰੀਬ ਗੋਲੀਆਂ ਬਰਾਮਦ ਕੀਤੀਆਂ ਹਨ। ਨਸ਼ਾ ਤਸਕਰੀ ਦੇ ਮਾਮਲੇ ਵਿਚ ਇਕ ਘਰ ਵੀ ਢਾਹਿਆ ਗਿਆ ਹੈ।

 ਕਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਜ਼ਿਲ੍ਹਾ ਬਰਨਾਲਾ ਦੀਆਂ 175 ਪੰਚਾਇਤਾਂ ਨੇ ਨਸ਼ਿਆਂ ਖ਼ਿਲਾਫ਼ ਮਤੇ ਪਾ ਕੇ ਪੁਲੀਸ ਦਾ ਸਾਥ ਦੇਣ ਦਾ ਭਰੋਸਾ ਦਿੱਤਾ ਹੈ। ਸੌਂਦ ਨੇ ਕਿਹਾ ਕਿ ਜੇ ਇਸੇ ਤਰ੍ਹਾਂ ਲੋਕਾਂ ਦਾ ਸਾਥ ਮਿਲਦਾ ਰਿਹਾ ਤਾਂ ਅਸੀਂ ਜਲਦ ਹੀ ਇਹ ਜੰਗ ਜਿੱਤਾਂਗੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਪੁਲੀਸ ਵਲੋਂ ਸਲਾਮੀ ਦਿੱਤੀ ਗਈ।

ਮੀਟਿੰਗ ਮੌਕੇ ਵਿਧਾਇਕ ਲਾਭ ਸਿੰਘ ਉੱਗੋਕੇ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਹਰਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਤਵੰਤ ਸਿੰਘ, ਐੱਸ ਡੀ ਐਮ ਗੁਰਬੀਰ ਸਿੰਘ ਕੋਹਲੀ, ਐੱਸ ਡੀ ਐਮ ਹਰਕੰਵਲਜੀਤ ਸਿੰਘ, ਐੱਸ ਡੀ ਐਮ ਰਿਸ਼ਭ ਬਾਂਸਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Published on: ਅਪ੍ਰੈਲ 1, 2025 9:34 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।