ਚੰਡੀਗੜ੍ਹ, 1 ਅਪ੍ਰੈਲ: ਦੇਸ਼ ਕਲਿੱਕ ਬਿਓਰੋ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅਦਾਲਤ ਵੱਲੋਂ ਜ਼ੀਰਕਪੁਰ ਬਲਾਤਕਾਰ ਮਾਮਲੇ ਵਿੱਚ ਪਾਸਟਰ ਬਜਿੰਦਰ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਔਰਤਾਂ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਦੱਸਿਆ ਹੈ।
ਇੱਕ ਪ੍ਰੈਸ ਬਿਆਨ ਰਾਹੀਂ ਚੇਅਰਪਰਸਨ ਨੇ ਕਿਹਾ ਕਿ ਇਹ ਫੈਸਲਾ ਇਹ ਸੰਦੇਸ਼ ਦਿੰਦਾ ਹੈ ਕਿ ਔਰਤਾਂ ਵਿਰੁੱਧ ਅਪਰਾਧਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਰਾਹੀਂ ਨਿਆਂ ਨੂੰ ਯਕੀਨੀ ਬਣਾਇਆ ਜਾਵੇਗਾ। ਕਮਿਸ਼ਨ ਵੱਲੋਂ ਪਹਿਲਾਂ ਇਸ ਮਾਮਲੇ ਦਾ ਸਖ਼ਤ ਨੋਟਿਸ ਲਿਆ ਗਿਆ ਸੀ।
ਸ੍ਰੀਮਤੀ ਗਿੱਲ ਨੇ ਪੰਜਾਬ ਵਿੱਚ ਇਸ ਤਰ੍ਹਾਂ ਦੇ ਅਪਰਾਧਾਂ ਦੇ ਪੀੜਤਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਪੰਜਾਬ ਰਾਜ ਮਹਿਲਾ ਕਮਿਸ਼ਨ ਜਿਨਸੀ ਸ਼ੋਸ਼ਣ ਦੇ ਪੀੜਤਾਂ ਨੂੰ ਹਰ ਲੋੜੀਂਦੀ ਕਾਨੂੰਨੀ, ਭਾਵਨਾਤਮਕ ਅਤੇ ਪੁਨਰਵਾਸ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਜੇਕਰ ਤੁਹਾਨੂੰ ਜਾਂ ਤੁਹਾਡੇ ਕਿਸੇ ਜਾਣਕਾਰ ਨੂੰ ਮਦਦ ਦੀ ਲੋੜ ਹੈ, ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ। ਔਰਤਾਂ ਲਈ ਨਿਆਂ ਅਤੇ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ ਹੈ।”
Published on: ਅਪ੍ਰੈਲ 1, 2025 8:19 ਬਾਃ ਦੁਃ