ਗੁਰਦਾਸਪੁਰ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ੇ ਰੋਕਣ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਪੈਦਲ ਯਾਤਰਾ ਸ਼ੁਰੂ ਕੀਤੀ ਹੈ। ਇਹ ਯਾਤਰਾ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋਈ। ਇਹ ਯਾਤਰਾ 6 ਅਪ੍ਰੈਲ ਤੱਕ ਗੁਰਦਾਸਪੁਰ ਵਿੱਚ ਰਹੇਗੀ। ਜਦਕਿ 7-8 ਅਪ੍ਰੈਲ ਨੂੰ ਰਾਜਪਾਲ ਕਟਾਰੀਆ ਅੰਮ੍ਰਿਤਸਰ ‘ਚ ਹੋਣਗੇ। ਰਾਜਪਾਲ ਵੱਲੋਂ ਪੰਜਾਬ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਕੱਢੀ ਗਈ ਇਹ ਪਹਿਲੀ ਪੈਦਲ ਯਾਤਰਾ ਹੈ।
ਇਸ ਮਾਰਚ ਦਾ ਮੁੱਖ ਉਦੇਸ਼ ਨਸ਼ਿਆਂ ਦੀ ਸਮੱਸਿਆ ਪ੍ਰਤੀ ਜਾਗਰੂਕਤਾ ਵਧਾਉਣਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਸਮਾਜ ਨੂੰ ਇਸ ਸੰਕਟ ਤੋਂ ਬਚਾਉਣ ਲਈ ਇਕਜੁੱਟ ਹੋਣਾ ਹੈ। ਰਾਜਪਾਲ ਕਟਾਰੀਆ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।
Published on: ਅਪ੍ਰੈਲ 3, 2025 10:39 ਪੂਃ ਦੁਃ