ਅੰਮ੍ਰਿਤਸਰ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :
Amritsar News: ਅੰਮ੍ਰਿਤਸਰ ਦੇ ਗੁਰਦੁਆਰਾ ਸਾਹਿਬ ‘ਚ 8 ਸਾਲ ਦੇ ਨਾਬਾਲਗ ਲੜਕੇ ਨਾਲ ਕੁਕਰਮ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਅੰਮ੍ਰਿਤਸਰ ਦੇ ਭਿੰਡੀਸੈਦਾਂ ਦੇ ਪਿੰਡ ਗਲਾਰਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ। ਪੁਲਿਸ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਘਟਨਾ ਬੀਤੀ ਸ਼ਾਮ ਕਰੀਬ 6 ਵਜੇ ਦੀ ਹੈ, ਜਦੋਂ ਪੀੜਤ ਆਪਣੇ ਘਰ ਦੇ ਸਾਹਮਣੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਿਆ ਸੀ।
ਕਰੀਬ ਅੱਧੇ ਘੰਟੇ ਬਾਅਦ ਜਦੋਂ ਉਹ ਘਰ ਪਰਤਿਆ ਤਾਂ ਉਸ ਨੇ ਆਪਣੀ ਮਾਂ ਨੂੰ ਪੇਟ ਦਰਦ ਦੀ ਸ਼ਿਕਾਇਤ ਕੀਤੀ। ਜਦੋਂ ਉਹ ਟਾਇਲਟ ਗਿਆ ਤਾਂ ਉਸਦੀ ਮਾਂ ਨੇ ਦੇਖਿਆ ਕਿ ਉਸਦੇ ਪ੍ਰਾਈਵੇਟ ਪਾਰਟ ਵਿੱਚੋਂ ਖੂਨ ਵਹਿ ਰਿਹਾ ਸੀ। ਜਦੋਂ ਉਸ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਰੋਂਦੇ ਹੋਏ ਦੱਸਿਆ ਕਿ ਰਾਜਾ ਸਿੰਘ ਨਾਂ ਦਾ ਵਿਅਕਤੀ ਉਸ ਨੂੰ ਜ਼ਬਰਦਸਤੀ ਗੁਰਦੁਆਰੇ ਦੇ ਅੰਦਰ ਇਕ ਕਮਰੇ ਵਿਚ ਲੈ ਗਿਆ ਅਤੇ ਉਸ ਨਾਲ ਕੁਕਰਮ ਕੀਤਾ।
ਘਟਨਾ ਦੀ ਸੂਚਨਾ ਮਿਲਣ ‘ਤੇ ਪਰਿਵਾਰਕ ਮੈਂਬਰਾਂ ਨੇ ਲੜਕੇ ਨੂੰ ਤੁਰੰਤ ਸਿਵਲ ਹਸਪਤਾਲ ਲੋਪੋਕੇ ਵਿਖੇ ਪਹੁੰਚਾਇਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ।
ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਸ ਨੇ ਮੁਲਜ਼ਮ ਰਾਜਾ ਸਿੰਘ ਦੇ ਖਿਲਾਫ ਪੋਕਸੋ ਐਕਟ ਅਤੇ ਜਬਰ-ਜ਼ਨਾਹ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੀੜਤ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਸਬੀਰ ਸਿੰਘ ਦੇ ਕਹਿਣ ‘ਤੇ ਹੀ ਇਹ ਕੁਕਰਮ ਕੀਤਾ ਗਿਆ ਹੈ। ਜਿਸ ਕਾਰਨ ਜਸਬੀਰ ਸਿੰਘ ਦਾ ਨਾਂ ਵੀ ਐਫਆਈਆਰ ਵਿੱਚ ਸ਼ਾਮਲ ਹੋ ਗਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਭਾਰੀ ਤਣਾਅ ਅਤੇ ਗੁੱਸੇ ਦਾ ਮਾਹੌਲ ਹੈ।
Published on: ਅਪ੍ਰੈਲ 5, 2025 12:02 ਬਾਃ ਦੁਃ