ਦਲਜੀਤ ਕੌਰ
ਸੰਗਰੂਰ, 5 ਅਪ੍ਰੈਲ, 2025: ਹਾੜੀ ਦੇ ਸੀਜ਼ਨ ਦੀ ਸ਼ੁਰੂਆਤ ਦੇਸ਼ ਭਰ ਦੇ ਕਿਸਾਨਾਂ ਲਈ ਜਸ਼ਨ ਅਤੇ ਸ਼ੁਕਰਗੁਜ਼ਾਰੀ ਦਾ ਸਮਾਂ ਹੁੰਦਾ ਹੈ। ਇਸ ਸ਼ੁਭ ਮੌਕੇ ਨੂੰ ਮਨਾਉਣ ਲਈ, ਭਵਾਨੀਗੜ੍ਹ ਦੀ ਸ਼੍ਰੀ ਗੁਰੂ ਤੇਗ ਬਹਾਦਰ ਟਰੱਕ ਓਪਰੇਟਰਜ਼ ਯੂਨੀਅਨ ਵੱਲੋਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮਾਗਮ ਵਿੱਚ ਪੰਜਾਬ ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ ਅਤੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋ ਕੇ ਨਤਮਸਤਕ ਹੋਏ। ਇਸ ਮੌਕੇ ਹਲਕਾ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਪਿਤਾ ਗੁਰਨਾਮ ਸਿੰਘ ਭਰਾਜ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਵਿਧਾਇਕ ਰੰਧਾਵਾ ਨੇ ਆਪਣੇ ਸੰਬੋਧਨ ਵਿੱਚ ਸਾਰੇ ਯੂਨੀਅਨ ਮੈਂਬਰਾਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪਹਿਲੀ ਵਾਰ ਆਪਣੇ ਪਿਤਾ ਜੀ ਨਾਲ ਇਸ ਇਲਾਕੇ ਵਿੱਚ ਆਉਣ ਦਾ ਮੌਕਾ 1987 ਵਿੱਚ ਮਿਲਿਆ ਸੀ। ਉਨ੍ਹਾਂ ਕਿਹਾ ਕਿ ਅੱਜ ਸ਼੍ਰੀ ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਭਵਾਨੀਗੜ੍ਹ ਵਿੱਚ ਹੀ ਉਸ ਸਮੇਂ ਵਾਲਾ ਹੀ ਉਤਸ਼ਾਹ ਵੇਖਣ ਨੂੰ ਮਿਲਦਾ ਹੈ ਜਿੱਥੇ ਟਰਾਂਸਪੋਰਟਰ, ਟਰੱਕ ਡਰਾਈਵਰ, ਕੰਡਕਟਰ ਅਤੇ ਟਰਾਂਸਪੋਰਟ ਕਿੱਤੇ ਨਾਲ ਜੁੜੇ ਹੋਰ ਲੋਕ ਹਰ ਸਾਲ ਰਖਵਾਏ ਜਾਣ ਵਾਲੇ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਸ਼੍ਰੀ ਗੁਰੂ ਗੰਥ ਸਾਹਿਬ ਨੂੰ ਨਤਮਸਤਕ ਹੋਣ ਅਤੇ ਸ਼ੁਕਰਾਨੇ ਲਈ ਆਉਂਦੇ ਹਨ।
ਇਸ ਮੌਕੇ ਵਿਧਾਇਕ ਰੰਧਾਵਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਟਰਾਂਸਪੋਰਟ ਵਿੰਗ ਦਾ ਸੂਬਾ ਪ੍ਰਧਾਨ ਬਣਾਏ ਜਾਣ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਬਤੌਰ ਪ੍ਰਧਾਨ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਪੰਜਾਬ ਵਿੱਚ ਟਰਾਂਸਪੋਰਟ ਉਦਯੋਗ ਨੂੰ ਮੁੜ ਸੁਰਜੀਤ ਕਰਨ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਕੇ ਖਾਕਾ ਬਣਾਇਆ ਜਾਵੇ ਤਾਂ ਜੋ ਟਰਾਂਸਪੋਰਟ ਕਿੱਤੇ ਨਾਲ ਜੁੜੇ ਸਾਡੇ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਡਰਾਈਵਰੀ ਕਰਨ ਲਈ ਆਪਣੇ ਘਰ ਅਤੇ ਪਰਿਵਾਰ ਛੱਡ ਕੇ ਰੁਜ਼ਗਾਰ ਦੀ ਭਾਲ ਨਾ ਕਰਨੀ ਪਵੇ।
ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਭਵਾਨੀਗੜ੍ਹ ਬੜੀ ਕਰਮਾਂ ਵਾਲੀ ਹੈ ਜਿਸਦਾ ਨਾਮ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੇ ਨਾਮ ਤੇ ਰੱਖਿਆ ਗਿਆ ਹੈ ਜਿਸ ਤੇ ਸਦਾ ਹੀ ਗੁਰੂ ਸਾਹਿਬ ਦਾ ਓਟ ਆਸਰਾ ਰਿਹਾ ਹੈ ਜੋ ਕਿ ਪੰਜਾਬ ਦੀ ਸਭ ਤੋਂ ਵੱਡੀ ਟਰੱਕ ਯੂਨੀਅਨ ਹੈ। ਉਨ੍ਹਾਂ ਯੂਨੀਅਨ ਦੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਸੱਦਾ ਦਿੱਤਾ ਕਿ ਆਓ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਟਰਾਂਸਪੋਰਟ ਕਿੱਤੇ ਨਾਲ ਜੁੜੇ ਆੜ੍ਹਤੀਆ, ਕਾਰੋਬਾਰੀਆਂ, ਸਨਅਤਕਾਰਾਂ ਨੂੰ ਨਾਲ ਜੋੜ ਕੇ ਅੱਗੇ ਵਧੀਏ ਤਾਂ ਜੋ ਟਰਾਂਸਪੋਰਟ ਦਾ ਕਿੱਤਾ ਮੁੜ ਤੋਂ ਪ੍ਰਫੁੱਲਤ ਕੀਤਾ ਜਾ ਸਕੇ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਜਤਿੰਦਰ ਸਿੰਘ ਵਿੱਕੀ ਬਾਜਵਾ ਦੀ ਪ੍ਰਧਾਨਗੀ ਹੇਠ ਅਹੁਦੇਦਾਰਾਂ ਵੱਲੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਸਮੇਤ ਹੋਰਨਾਂ ਸ਼ਖਸ਼ੀਅਤਾਂ ਨੂੰ ਸਨਮਾਨਤ ਕੀਤਾ ਗਿਆ।
Published on: ਅਪ੍ਰੈਲ 5, 2025 9:02 ਬਾਃ ਦੁਃ