ਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਤਾਪਮਾਨ ਆਮ ਨਾਲੋਂ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜਦੋਂ ਕਿ ਰਾਜ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਪਟਿਆਲਾ ਵਿੱਚ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 4.1 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 30 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ।
ਸੂਬੇ ਦੇ ਹੋਰ ਵੱਡੇ ਸ਼ਹਿਰਾਂ ਵਿੱਚ ਵੀ ਗਰਮੀ ਦਾ ਅਸਰ ਦੇਖਣ ਨੂੰ ਮਿਲਿਆ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 35.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਲੁਧਿਆਣਾ ਵਿੱਚ 35.1 ਡਿਗਰੀ ਸੈਲਸੀਅਸ ਅਤੇ ਅੰਮ੍ਰਿਤਸਰ ਵਿੱਚ 32.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਬਠਿੰਡਾ ਦਾ ਤਾਪਮਾਨ 33.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਤਾਪਮਾਨ ਹੋਰ ਵਧ ਸਕਦਾ ਹੈ। ਆਉਣ ਵਾਲੇ ਤਿੰਨ ਦਿਨਾਂ ‘ਚ ਸੂਬੇ ‘ਚ ਤਾਪਮਾਨ 3 ਤੋਂ 5 ਡਿਗਰੀ ਤੱਕ ਵਧ ਸਕਦਾ ਹੈ।
ਪੰਜਾਬ ਵਿੱਚ ਭਲਕ ਤੋਂ ਹੀਟ ਵੇਵ (Heat wave) ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 5 ਜ਼ਿਲਿਆਂ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਬਰਨਾਲਾ ‘ਚ ਹੀਟ ਵੇਵ ਦਾ ਅਸਰ ਦੇਖਣ ਨੂੰ ਮਿਲੇਗਾ। ਇਹ ਅਲਰਟ 6 ਅਪ੍ਰੈਲ ਤੋਂ 9 ਅਪ੍ਰੈਲ ਤੱਕ ਜਾਰੀ ਰਹੇਗਾ।
ਮੌਸਮ ਵਿਭਾਗ ਵੱਲੋਂ ਵਧਦੀ ਗਰਮੀ ਤੋਂ ਰਾਹਤ ਲਈ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪੰਜਾਬ ‘ਚ 9 ਅਪ੍ਰੈਲ ਤੋਂ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਇਸ ਤਰ੍ਹਾਂ ਦਾ ਮੌਸਮ 9 ਅਪ੍ਰੈਲ ਦੀ ਰਾਤ ਤੋਂ ਦੇਖਣ ਨੂੰ ਮਿਲੇਗਾ ਅਤੇ ਆਉਣ ਵਾਲੇ ਕੁਝ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।
Published on: ਅਪ੍ਰੈਲ 5, 2025 7:21 ਪੂਃ ਦੁਃ