ਜਲੰਧਰ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਭਰ ਵਿੱਚ ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨਾਂ ਵੱਲੋਂ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਰੱਖੀ ਗਈ ਹੜਤਾਲ ਰੱਦ ਕਰ ਦਿੱਤੀ ਗਈ ਹੈ। ਇਹ ਫੈਸਲਾ ਯੂਨੀਅਨ ਆਗੂਆਂ ਨੇ ਸੂਬੇ ਦੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਲਿਆ। ਮੀਟਿੰਗ ਵਿੱਚ ਯੂਨੀਅਨ ਨਾਲ ਸਹਿਮਤੀ ਬਣਨ ਮਗਰੋਂ ਹੜਤਾਲ ਵਾਪਸ ਲੈ ਲਈ ਗਈ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਯੂਨੀਅਨ ਦੇ ਸੂਬਾ ਕਮੇਟੀ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਟਰਾਂਸਪੋਰਟ ਨੀਤੀ ਲਿਆਉਣ ਅਤੇ ਕਿਲੋਮੀਟਰ ਸਕੀਮ ਬੱਸਾਂ ਨੂੰ ਰੱਦ ਕਰਨ, ਪੀਆਰਟੀਸੀ ਅਤੇ ਪਨਬੱਸ ਦੇ ਠੇਕੇ ਦੇ ਮੁਲਾਜ਼ਮਾਂ ਨੂੰ ਸਰਕਾਰੀ ਮੁਲਾਜ਼ਮਾਂ ਵਾਂਗ ਲਾਭ ਅਤੇ ਤਨਖ਼ਾਹ ਦੇਣ ਸਮੇਤ ਕਈ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਯੂਨੀਅਨ ਦੇ ਹੱਕ ਵਿੱਚ ਹਾਂਪੱਖੀ ਫੈਸਲਾ ਆਉਣ ਮਗਰੋਂ ਹੜਤਾਲ ਵਾਪਸ ਲੈ ਲਈ ਗਈ। ਮੰਤਰੀ ਨੇ ਸਾਰੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਜਿਸ ਕਾਰਨ ਹੜਤਾਲ ਮੁਲਤਵੀ ਕਰ ਦਿੱਤੀ ਗਈ।
Published on: ਅਪ੍ਰੈਲ 6, 2025 12:25 ਬਾਃ ਦੁਃ