ਦਲਜੀਤ ਕੌਰ
ਧੂਰੀ/ਸੰਗਰੂਰ, 7 ਅਪ੍ਰੈਲ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਧੂਰੀ ਦੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਸਰਕਾਰ ਦੁਆਰਾ ਆਰੰਭ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਰੇਕ ਸਕੂਲ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇ ਆਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ।
ਇਹ ਪ੍ਰਗਟਾਵਾ ਪੰਜਾਬ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਸਰਕਾਰੀ ਹਾਈ ਸਕੂਲ ਪਲਾਸੌਰ ਵਿਖੇ ਆਯੋਜਿਤ ਉਦਘਾਟਨੀ ਸਮਾਰੋਹ ਦੌਰਾਨ ਕੀਤਾ। ਦੋਵਾਂ ਸਖ਼ਸੀਅਤਾਂ ਨੇ ਸਕੂਲ ਵਿਖੇ 1.60 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਟਰੈਕ ਅਤੇ 2.80 ਲੱਖ ਦੀ ਲਾਗਤ ਵਾਲੇ ਬਾਥਰੂਮ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ। ਇਸ ਮੌਕੇ ਚੇਅਰਮੈਨ ਦਲਬੀਰ ਸਿੰਘ ਢਿੱਲੋ ਨੇ ਕਿਹਾ ਕਿ ਸਰਕਾਰੀ ਹਾਈ ਸਕੂਲ ਪਲਾਸੌਰ ਨੂੰ ਹੁਣ ਤੱਕ ਮਾਨ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ 19.40 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ।
ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ ਅਤੇ ਸਿੱਖਿਆ ਕ੍ਰਾਂਤੀ ਦਾ ਉਦੇਸ਼ ਵੀ ਲੋਕਾਂ ਨੂੰ ਸਰਕਾਰ ਦੇ ਉਦਮਾਂ ਬਾਰੇ ਜਾਣੂ ਕਰਵਾਉਣਾ ਹੈ ਤਾਂ ਜ਼ੋ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦਾ ਸਿ਼ਕਾਰ ਹੋਏ ਵਿਦਿਅਕ ਅਦਾਰਿਆਂ ਵਿੱਚ ਅਕਾਦਮਿਕ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋ ਰਹੇ ਵਿਦਿਆਰਥੀ ਪੱਖੀ ਉਪਰਾਲੇ ਸਭ ਦੇ ਸਾਹਮਣੇ ਲਿਆਂਦੇ ਜਾ ਸਕਣ।
ਸਰਕਾਰੀ ਸਕੂਲਾਂ ਦੇ ਸਾਲਾਨਾ ਨਤੀਜਿਆਂ ਵਿੱਚ ਵੱਡਾ ਸੁਧਾਰ ਹੋ ਰਿਹਾ ਹੈ ਅਤੇ ਸਾਡੇ ਵਿਦਿਆਰਥੀ ਹਰ ਖੇਤਰ ਵਿੱਚ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਨੇ ਸਕੂਲ ਦੇ ਹੈਡ ਮਿਸਟਰੈਸ ਨਵਕਿਰਨ ਸ਼ਰਮਾ ਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਿੱਖਿਆ ਕੋਆਰਡੀਨੇਟਰ ਦਰਸ਼ਨ ਸਿੰਘ, ਰਸ਼ਪਾਲ ਸਿੰਘ, ਸਤਿੰਦਰ ਸਿੰਘ ਚੱਠਾ, ਪਾਰਟੀ ਦੇ ਬਲਾਕ ਇੰਚਾਰਜ ਅਤੇ ਗ੍ਰਾਮ ਪੰਚਾਇਤ ਪਲਾਸੌਰ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।
Published on: ਅਪ੍ਰੈਲ 7, 2025 8:14 ਬਾਃ ਦੁਃ