ਰਾਜਪਾਲ ਕਟਾਰੀਆ ਦੀ ਪੈਦਲ ਯਾਤਰਾ ਜਲ੍ਹਿਆਂਵਾਲਾ ਬਾਗ ਵਿਖੇ ਸਮਾਪਤ, ਦਰਬਾਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਰਾਜਪਾਲ (Governor) ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਛੇਵੇਂ ਦਿਨ ਜਲ੍ਹਿਆਂਵਾਲਾ ਬਾਗ ਵਿਖੇ ਪੈਦਲ ਮਾਰਚ ਸਮਾਪਤ ਹੋਇਆ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ। ਇਹ ਮਾਰਚ ਭੰਡਾਰੀ ਪੁਲ ਤੋਂ ਸ਼ੁਰੂ ਹੋਇਆ।
ਇਸ ਤੋਂ ਪਹਿਲਾਂ ਸਵੇਰੇ ਰਾਜਪਾਲ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਮਨ ਸ਼ਾਂਤੀ ਨਾਲ ਭਰ ਗਿਆ।ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਗੁਰੂਘਰ ਵਿੱਚ ਵਾਹਿਗੁਰੂ ਦਾ ਆਸ਼ੀਰਵਾਦ ਲੈਣਾ ਜ਼ਰੂਰੀ ਹੈ, ਨਸ਼ਿਆਂ ਵਿਰੁੱਧ ਇਸ ਜੰਗ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਸ਼ੀਰਵਾਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਸ਼ਵ ਪੱਧਰੀ ਖੇਡ ਮੈਦਾਨ ਤਿਆਰ ਕਰਨੇ ਚਾਹੀਦੇ ਹਨ ਤਾਂ ਜੋ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਮਾਤਾ-ਪਿਤਾ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਖੇਤੀ ਅਤੇ ਕਾਰੋਬਾਰ ਵਿਚ ਸ਼ਾਮਲ ਕਰਨ ਅਤੇ ਉਨ੍ਹਾਂ ਵਿਚ ਮਿਹਨਤ ਦੀ ਆਦਤ ਪਾਉਣ ਕਿਉਂਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੈ।
ਰਾਜਪਾਲ ਨੇ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਸੰਤਾਂ, ਯੋਧਿਆਂ ਅਤੇ ਦੇਸ਼ ਭਗਤਾਂ ਦੀ ਧਰਤੀ ਹੈ। ਕਟਾਰੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਰ ਸੰਕਟ ਵਿੱਚ ਦੇਸ਼ ਦਾ ਸਾਥ ਦਿੱਤਾ ਹੈ। ਸਰਹੱਦੀ ਸੁਰੱਖਿਆ ਹੋਵੇ ਜਾਂ ਖੁਰਾਕ ਸਪਲਾਈ, ਪੰਜਾਬ ਹਮੇਸ਼ਾ ਮੋਹਰੀ ਰਿਹਾ ਹੈ। ਆਜ਼ਾਦੀ ਦੀ ਲਹਿਰ ਵਿੱਚ ਵੀ ਪੰਜਾਬੀਆਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ ਹੈ।
Published on: ਅਪ੍ਰੈਲ 8, 2025 12:43 ਬਾਃ ਦੁਃ