ਬੁਢਲਾਡਾ, 12 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਡਿਊਟੀ ਦੌਰਾਨ ਮੁਲਾਜ਼ਮਾਂ ਉਤੇ ਦਰਖਤ ਡਿੱਗਣ ਕਾਰਨ ਇਕ ਦੀ ਮੌਤ ਅਤੇ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਬੀਤੇ ਰਾਤ ਨੂੰ ਡਿਊਟੀ ਦੌਰਾਨ ਨਗਰ ਕੌਂਸਲ ਦੇ ਕੱਚੇ ਮੁਲਾਜ਼ਮਾਂ ਉਤੇ ਦਰਖਤ ਡਿੱਗਿ ਗਿਆ। ਦਰਖੱਤ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ ਇਕ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੇ ਵਾਰਸਾਂ ਨੂੰ ਇਨਸਾਫ ਦਿਵਾਉਣ ਲਈ ਸਫ਼ਾਈ ਕਰਮਚਾਰੀਆਂ ਤੇ ਸੀਵਰੇਜ ਬੋਰਡ ਦੇ ਕੱਚੇ ਮੁਲਾਜਮਾਂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਚੌਕ ’ਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਫਾਈ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਨਗਰ ਕੌਂਸਲ ਦਾ ਕੱਚਾ ਕਰਮਚਾਰੀ ਸ਼ਿੰਦਾ ਸਿੰਘ ਜੋ ਕੱਲ੍ਹ ਆਪਣੀ ਡਿਊਟੀ ਦੌਰਾਨ ਕੁਦਰਤੀ ਆਫਤ ਦਾ ਸ਼ਿਕਾਰ ਹੋ ਗਿਆ। ਸਰਕਾਰ ਉਸਦੇ ਪਰਿਵਾਰ ਨੂੰ ਨੌਕਰੀ ਅਤੇ ਮੁੱਖ ਮੰਤਰੀ ਰਿਲੀਜ਼ ਫੰਡ ਵਿੱਚੋਂ 1 ਕਰੋੜ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕਰੇ ਅਤੇ ਜ਼ਖਮੀ ਦਾ ਇਲਾਜ ਮੁਫਤ ਕਰਵਾਏ। ਇਸ ਮੌਕੇ ਸੀਪੀਆਈ ਦੇ ਆਗੂ ਕਾਮਰੇਡ ਜਗਸੀਰ ਸਿੰਘ ਰਾਏਕੇ ਨੇ ਕਿਹਾ ਕਿ ਸਰਕਾਰ ਦੇ ਰਾਜ ਵਿੱਚ ਹਰ ਵਰਗ ਦੁੱਖੀ ਨਜ਼ਰ ਆ ਰਿਹਾ ਹੈ। ਉਨ੍ਹਾਂ ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਲਗਾਏ ਧਰਨੇ ਦਾ ਸਮਰਥਨ ਕਰਦਿਆਂ ਹਮਾਇਤ ਦੇਣ ਦਾ ਐਲਾਨ ਕੀਤਾ। ਉਨ੍ਹਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ’ਚ ਸਾਥ ਦੇਣਗੇ।
Published on: ਅਪ੍ਰੈਲ 12, 2025 7:54 ਬਾਃ ਦੁਃ