ਮਾਨਸਾ, 12 ਅਪ੍ਰੈਲ : ਦੇਸ਼ ਕਲਿੱਕ ਬਿਓਰੋ
ਪਿਛਲੇ ਦਿਨੀਂ ਗੁਰਪਤਵੰਤ ਸਿੰਘ ਪਨੂੰ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੇ ਖਿਲਾਫ਼ ਕੀਤੀ ਬਿਆਨਬਾਜ਼ੀ ਦੀ ਅਸੀਂ ਸਖ਼ਤ ਨਿਖੇਧੀ ਕਰਦੇ ਹਾਂ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਸਥਾਨਕ ਮੰਡੀ ਬੋਰਡ ਦੇ ਰੈਸਟ ਹਾਊਸ ਵਿਖੇ ਮਾਨਸਾ ਜਿ਼ਲ੍ਹੇ ਦੇ ਤਿੰਨੋਂ ਹਲਕਾ ਵਿਧਾਇਕਾਂ, ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ, ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਅਤੇ ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸਾਂਝੇ ਤੌਰ *ਤੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਅਜਿਹੇ ਸਮਾਜ ਵਿਰੋਧੀ ਅਨਸਰਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਮੂਸਤੈਦ ਹੈ।ਇਸ ਮੌਕੇ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਮਾਨਸਾ ਸ਼੍ਰੀ ਚਰਨਜੀਤ ਸਿੰਘ ਅੱਕਾਂਵਾਲੀ, ਡਾ. ਭਰਪੂਰ ਸਿੰਘ ਅਤੇ ਬਲਦੇਵ ਸਿੰਘ ਵੀ ਮੌਜੂਦ ਸਨ।
ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਜੀ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਸਿਰਫ਼ ਦਲਿਤਾਂ ਦੇ ਹੀ ਨਹੀਂ ਬਲਕਿ ਸਮੁੱਚੇ ਭਾਰਤ ਦੇ ਹਰ ਵਰਗ ਦੇ ਹਰਮਨ ਪਿਆਰੇ ਹਨ।ਉਨ੍ਹਾਂ ਦੁਆਰਾ ਲਿਖੇ ਸੰਵਿਧਾਨ ਦੀ ਵਿਸ਼ੇਸ਼ਤਾਂ ਹੈ ਕਿ ਪਿਛਲੇ 75 ਸਾਲਾਂ ਤੋਂ ਭਾਰਤ ਦੀ ਸਮੁੱਚੀ ਪ੍ਰਕ੍ਰਿਆ ਸੰਵਿਧਾਨ ਦੇ ਅਨੁਸਾਰ ਹੀ ਚੱਲ ਰਹੀ ਹੈ ਕਿਉਂਕਿ ਇਸ ਵਿੱਚ ਹਰ ਵਰਗ ਦੇ ਅਧਿਕਾਰਾਂ ਦੀ ਗੱਲ ਕੀਤੀ ਗਈ ਹੈ ਅਤੇ ਅਜਿਹੀ ਮਹਾਨ ਸਖ਼ਸ਼ੀਅਤ ਦੇ ਖਿਲਾਫ਼ ਗੁਰਪਤਵੰਤ ਸਿੰਘ ਪੰਨੂ ਵੱਲੋਂ ਜੋ ਗਲਤ ਟਿੱਪਣੀ ਕੀਤੀ ਗਈ ਹੈ ਜਿਸਨੂੰ ਕਿਸੇ ਵੀ ਕੀਮਤ *ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਕਿਸੇ ਵੀ ਤਰ੍ਹਾਂ ਦੀਆਂ ਧਮਕੀਆਂ ਤੋਂ ਨਹੀਂ ਡਰਨਗੇ ਅਤੇ 14 ਅਪ੍ਰੈਲ ਨੂੰ ਵੱਡੇ ਪੱਧਰ *ਤੇ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ।
ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਵੱਲੋਂ ਵਧੀਆ ਅਤੇ ਸੁਚੱਜੇ ਢੰਗ ਨਾਲ ਲਿਖਿਆ ਭਾਰਤ ਦਾ ਸੰਵਿਧਾਨ ਦੁਨੀਆ ਦੇ ਵਧੀਆ ਸੰਵਿਧਾਨਾਂ ਵਿੱਚੋਂ ਇੱਕ ਹੈ।ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਦੀ ਬਦੌਲਤ ਆਮ ਘਰਾਂ ਦੇ ਬੱਚਿਆਂ ਨੂੰ ਸੰਵਿਧਾਨਿਕ ਹੱਕ ਮਿਲਿਆ ਹੈ।ਉਨ੍ਹਾਂ ਕਿਹਾ ਕਿ ਦੇਸ਼ ਨੂੰ ਤੋੜਨ ਵਾਲੇ ਬਿਆਨਾਂ ਦੀ ਸਮਾਜ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹੈ।ਸਮਾਜ ਨੂੰ ਸੇਧ ਦੇਣ ਵਾਲੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਬਾਰੇ ਅਜਿਹੀ ਸ਼ਬਦਾਵਲੀ ਵਰਤਣ ਵਾਲੇ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਲੋਕ ਜਾਗਰੂਕ ਹੋ ਚੁੱਕੇ ਹਨ ਅਤੇ ਕਿਸੇ ਦੀਆਂ ਗੱਲਾਂ ਵਿੱਚ ਆ ਕੇ ਆਪਸੀ ਭਾਈਵਾਲਤਾ ਨੂੰ ਖ਼ਰਾਬ ਨਹੀਂ ਹੋਣ ਦੇਣਗੇ।
ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੇ ਸਮਾਜ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ ਹੈ। ਉਨ੍ਹਾਂ ਵੱਲੋਂ ਬਣਾਏ ਸੰਵਿਧਾਨ ਨੇ ਪੂਰੇ ਦੇਸ਼ ਨੂੰ ਆਪਸ ਵਿੱਚ ਜੋੜ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਨਾਲ ਮੁਸਤੈਦ ਹਨ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।ਪਨੂੰ ਵੱਲੋਂ ਦਿੱਤਾ ਬਿਆਨ ਸਮਾਜ ਨੂੰ ਵੰਡਣ ਦੀ ਕੋਸਿ਼ਸ਼ ਹੈ ਅਤੇ ਸਮਾਜ ਦਾ ਕੋਈ ਵੀ ਵਰਗ ਅਜਿਹੇ ਬਿਆਨਾਂ ਨੂੰ ਪਸੰਦ ਨਹੀਂ ਕਰਦਾ ਅਤੇ ਲੋਕ ਅਜਿਹੇ ਬਿਆਨਾਂ ਦੀ ਸਖ਼ਤ ਨਿੰਦਾ ਕਰਦੇ ਹਨ।
Published on: ਅਪ੍ਰੈਲ 12, 2025 6:17 ਬਾਃ ਦੁਃ