ਚੰਡੀਗੜ੍ਹ, 23 ਅਪ੍ਰੈਲ: ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਬੁੱਧਵਾਰ ਨੂੰ ਪਹਿਲਗਾਮ ਵਿੱਚ ਸੈਲਾਨੀਆਂ ’ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ, ਇਸਨੂੰ ‘ਬਰਬਰਤਾ-ਪੂਰਨ ਅਤੇ ਕਾਇਰਤਾਨਾ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅੱਤਵਾਦੀ, ਗੈਂਗਸਟਰ ਅਤੇ ਸਮਾਜ ਵਿਰੋਧੀ ਹੋਰ ਤੱਤ ਮਿਲ ਕੇ ਇਲਾਕੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣ ਵਾਲਾ ਇਹ ਪਹਿਲਾ ਹਮਲਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਪੰਜਾਬ ਦੇ ਸੈਲਾਨੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਬੰਦੋਬਸਤ ਕਰ ਰਹੀ ਹੈ, ਜੋ ਇਸ ਸਮੇਂ ਕਸ਼ਮੀਰ ਦੇ ਇਲਾਕੇ ਵਿੱਚ ਫਸੇ ਹੋਏ ਹਨ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਚਾਰਾਜੋਈ ਕਰ ਰਹੇ ਹਨ।
ਉਨ੍ਹਾਂ ਜ਼ੋਰ ਦਿੰਦੇ ਹੋਏ ਕਿਹਾ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਕੋਈ ਵੀ ਧਰਮ ਨਿਰਦੋਸ਼ ਲੋਕਾਂ ’ਤੇ ਅਜਿਹੇ ਵਹਿਸ਼ੀ ਹਮਲਿਆਂ ਦੀ ਇਜਾਜ਼ਤ ਨਹੀਂ ਦਿੰਦਾ। ਉਨ੍ਹਾਂ ਨੇ ਪੰਜਾਬ ਪੁਲਿਸ ਦੀ ਸਰਗਰਮ ਭੂਮਿਕਾ ’ਤੇ ਜ਼ੋਰ ਦਿੱਤਾ, ਜੋ ਸਰਹੱਦੀ ਖੇਤਰਾਂ ਵਿੱਚ ਡੱਟ ਕੇ ਪਹਿਰੇਦਾਰੀ ਕਰ ਰਹੀ ਹੈ ਅਤੇ ਸੂਬੇ ਦੇ ਲੋਕਾਂ ਨੂੰ ਹਰ ਸਥਿਤੀ ਵਿੱਚ ਸ਼ਾਂਤ ਅਤੇ ਚੌਕਸ ਰਹਿਣ ਦੀ ਅਪੀਲ ਕੀਤੀ।
ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਕੇਂਦਰ ਸਰਕਾਰ ਨੂੰ, ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਰਾਸ਼ਟਰੀ ਅਖੰਡਤਾ ਲਈ ਖ਼ਤਰਾ ਪੈਦਾ ਕਰਨ ਵਾਲੀਆਂ ਤਾਕਤਾਂ ਵਿਰੁੱਧ ਡੱਟ ਕੇ, ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।
Published on: ਅਪ੍ਰੈਲ 23, 2025 9:12 ਬਾਃ ਦੁਃ