ਨਵੀਂ ਦਿੱਲੀ, 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਬੀਤੇ ਦਿਨੀਂ ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਸੈਲਾਨੀਆਂ ਉਤੇ ਕੀਤੇ ਗਏ ਹਮਲੇ ਤੋਂ ਬਾਅਦ ਭਾਰਤ ਸਖਤ ਸਟੈਂਡ ਲੈ ਰਿਹਾ ਹੈ। ਭਾਰਤ ਸਰਕਾਰ ਵੱਲੋਂ ਬੁੱਧਵਾਰ ਦੀ ਰਾਤ ਨੂੰ ਪਾਕਿਸਤਾਨ ਦੇ ਟਾਪ ਦੇ ਡਿਪਲੋਮੈਟ ਨੂੰ ਤਲਬ ਕੀਤਾ ਗਿਆ। ਭਾਰਤ ਨੇ ਪਾਕਿਸਤਾਨ ਡਿਪਲੋਮੈਟ ਸਾਦ ਅਹਿਮਦ ਵੜੈਚ ਨੂੰ ਤਲਬ ਕਰਕੇ ਉਨ੍ਹਾਂ ਨੂੰ ਰਸਮੀ ‘ਪਰਸਨਲਾ ਨਾਨ ਗ੍ਰਾਟਾ’ ਨੋਟ ਦਿੱਤਾ।
ਜ਼ਿਕਰਯੋਗ ਹੈ ਕਿ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 26 ਨਿਰਦੋਸ਼ ਸੈਲਾਨੀਆਂ ਦੀ ਮੌਤ ਹੋ ਗਈ ਸੀ। ਇਸ ਹਮਲੇ ਤੋਂ ਬਾਅਦ ਬੀਤੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀਸੀਐਸ) ਦੀ ਅਹਿਮ ਮੀਟਿੰਗ ਹੋਈ। ਮੀਟਿੰਗ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਸਮੇਤ ਹੋਰ ਸੀਨੀਅਰ ਮੰਤਰੀ ਮੌਜੂਦ ਸਨ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਸੀਸੀਐਸ ਨੇ ਫੈਸਲਾ ਕੀਤਾ ਹੈ ਕਿ ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਤਾਇਨਾਤ ਰੱਖਿਆ, ਜਲ ਸੈਨਾ ਅਤੇ ਹਵਾਈ ਸਲਾਹਕਾਰਾਂ ਨੂੰ ਪਰਸੋਨ ਨਾਨ ਗ੍ਰਾਟਾ ਐਲਾਨ ਕੀਤਾ ਗਿਆ ਹੈ। ਉਸ ਨੂੰ ਇੱਕ ਹਫ਼ਤੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਭਾਰਤ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਤੋਂ ਆਪਣੇ ਫੌਜੀ ਸਲਾਹਕਾਰਾਂ ਨੂੰ ਵੀ ਵਾਪਸ ਬੁਲਾਏਗਾ।
Published on: ਅਪ੍ਰੈਲ 24, 2025 10:36 ਪੂਃ ਦੁਃ