ਚੰਡੀਗੜ੍ਹ, 24 ਅਪ੍ਰੈਲ: ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਆਂ ਵਿੱਚ ਸਪਾ ਸੈਂਟਰਾਂ, ਮੈਅ ਖਾਨਿਆਂ, ਸੈਲੂਨਾਂ, ਸੱਟਾ ਪੁਆਇੰਟਾਂ ਅਤੇ ਸਰਾਵਾਂ ਸਮੇਤ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਘੇਰਾਬੰਦੀ ਅਤੇ ਖੋਜ ਆਪ੍ਰੇਸ਼ਨ (ਕਾਸੋ) ਚਲਾਇਆ । ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ।
ਇਸ ਤਲਾਸ਼ੀ ਅਭਿਆਨ ਨੂੰ ਅੰਜਾਮ ਦੇਣ ਲਈ 2500 ਤੋਂ ਵੱਧ ਪੁਲਿਸ ਕਰਮੀਆਂ ਨੇ ਰਾਜ ਭਰ ਵਿੱਚ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਚੈਕਿੰਗ ਕੀਤੀ। ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਸਾਰੇ ਸੀਪੀ/ਐਸਐਸਪੀ ਨੂੰ ਵੱਧ ਤੋਂ ਵੱਧ ਪੁਲਿਸ ਫੋਰਸ ਤਾਇਨਾਤ ਕਰਨ ਲਈ ਕਿਹਾ ਗਿਆ ਸੀ।
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਮਨੁੱਖੀ ਅਧਿਕਾਰ ਅਤੇ ਕਾਨੂੰਨ ਵਿਵਸਥਾ ਨਰੇਸ਼ ਅਰੋੜਾ ਨੇ ਕਿਹਾ ਕਿ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਅਜਿਹੀਆਂ ਸੰਵੇਦਨਸ਼ੀਲ ਥਾਵਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਅੰਜਾਮ ਦੇਣ ਲਈ ਵਰਤਿਆ ਜਾ ਸਕਦਾ ਹੈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਇਹ ਆਪ੍ਰੇਸ਼ਨ ਚਲਾਇਆ ਹੈ। ਉਨ੍ਹਾਂ ਕਿਹਾ, ‘‘ਅਸੀਂ ਸਾਰੇ ਪੁਲਿਸ ਕਰਮਚਾਰੀਆਂ ਨੂੰ ਇਸ ਕਾਰਵਾਈ ਦੌਰਾਨ ਹਰੇਕ ਵਿਅਕਤੀ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਪੇਸ਼ ਆਉਣ ਦੇ ਸਖ਼ਤ ਨਿਰਦੇਸ਼ ਦਿੱਤੇ ਸਨ,’’।
ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਰਾਜ ਵਿੱਚ 87 ਸਪਾ ਸੈਂਟਰਾਂ, 24 ਮੈਅ ਖਾਨਿਆਂ, 666 ਸੈਲੂਨਾਂ, 25 ਸੱਟਾ ਪੁਆਇੰਟਾਂ ਅਤੇ 111 ਸਰਾਵਾਂ ’ਤੇ ਤਲਾਸ਼ੀ ਲਈ ।
ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਜਾਰੀ ਰੱਖਦਿਆਂ ਵੀਰਵਾਰ ਨੂੰ 448 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਸੂਬੇ ਭਰ ਵਿੱਚ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 71 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 55 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 7295 ਹੋ ਗਈ ਹੈ।
ਏਡੀਜੀਪੀ ਨੇ ਕਿਹਾ ਕਿ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 2.8 ਕਿਲੋ ਹੈਰੋਇਨ, 3.5 ਕਿਲੋ ਅਫੀਮ ਅਤੇ 1.08 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ 77 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 498 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ।
ਏਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੇ ਇਲਾਜ ਲਈ ਰਾਜ਼ੀ ਕੀਤਾ ਹੈ।
Published on: ਅਪ੍ਰੈਲ 24, 2025 9:12 ਬਾਃ ਦੁਃ