ਮੋਹਾਲੀ: 6 ਦਸੰਬਰ, ਦੇਸ਼ ਕਲਿੱਕ ਬਿਓਰੋ
ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 349ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ।
ਐੱਸ ਏ ਐੱਸ ਨਗਰ () : ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 349ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਸੁੱਖਜੀਤ ਸਿੰਘ ਜੀ ਪੰਜ਼ੋਖਰਾ ਸਾਹਿਬ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਤਿਲਕ-ਜੰਝੂ ਦੀ ਰਾਖੀ ਲਈ ਦਿੱਤੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਵਿੱਚ ਵਿਸਥਾਰ ਸਹਿਤ ਸਰਵਣ ਕਰਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸ਼ਮਸ਼ੇਰ ਸਿੰਘ ਜੀ ਕਰਨਾਲ ਵਾਲੇ ਨੇ ਗੁਰਮਤਿ ਵਿਚਾਰਾਂ ਰਾਹੀਂ ਦੱਸਿਆ ਕਿ ਕਿਵੇਂ ਬਾਲ ਉਮਰੇ ਦਸਮ ਪਿਤਾ ਜੀ ਨੇ ਆਪਣੇ ਪਿਤਾ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਹਿੰਦੂ ਧਰਮ ਦੀ ਰਾਖੀ ਲਈ ਕੁਰਬਾਨੀ ਦੇਣ ਲਈ ਪ੍ਰੇਰਿਆ । ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਕਰਕੇ ਹੀ ਉਨ੍ਹਾਂ ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ । ਭਾਈ ਸੁਖਦੀਪ ਸਿੰਘ ਜੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲੇ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਇਸ ਤੋਂ ਇਲਾਵਾ ਭਾਈ ਨਿਰਭੈ ਸਿੰਘ ਜੀ, ਭਾਈ ਗਿਆਨ ਸਿੰਘ ਜੀ, ਭਾਈ ਹਰਜਿੰਦਰ ਸਿੰਘ ਜੀ, ਭਾਈ ਕੁਲਦੀਪ ਸਿੰਘ ਜੀ ਅੰਮ੍ਰਿਤਸਜ ਵਾਲੇ, ਮਿੱਤਰ ਪਿਅਰੇ ਨੂੰ ਕੀਰਤਨੀ ਜੱਥਾ, ਭਾਈ ਜਤਿੰਦਰ ਸਿੰਘ ਜੀ, ਭਾਈ ਮਹਿੰਦਰਪਾਲ ਸਿੰਘ ਜੀ, ਭਾਈ ਬਲਵਿੰਦਰ ਸਿੰਘ, ਭਾਈ ਸਤਿੰਦਰਪਾਲ ਸਿੰਘ ਜੀ, ਭਾਈ ਸੁਖਵਿੰਦਰ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਸੰਦੀਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਹਜਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ ।
ਇਸ ਮੌਕੇ ਪ੍ਰਬੰਧਕ ਕਮੇਟੀ ਗੁ: ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 10 ਦਸੰਬਰ ਨੂੰ ਦਸਵੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ, ਇੰਟਰਨੈਸ਼ਨਲ ਢਾਡੀ ਜੱਥਾ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ । ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਸਵੇਰੇ 10 ਵਜੇ ਅਰੰਭ ਹੋਵੇਗਾ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ।