ਨਵੀਂ ਦਿੱਲੀ: 7 ਦਸੰਬਰ, ਦੇਸ਼ ਕਲਿੱਕ ਬਿਓਰੋ
ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਐਚ ਐਸ ਫੂਲਕਾ ਨੇ ਇੱਛਾ ਜ਼ਾਹਿਰ ਕੀਤੀ ਹੈ ਕਿ ਉਹ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਪਾਰਟੀ ਦੀ ਸੇਵਾ ਕਰਨੀ ਚਾਹੁੰਦੇ ਹਨ।
69 ਸਾਲਾ ਫੂਲਕਾ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਨ ਅਤੇ ਮਨੁੱਖੀ ਅਧਿਕਾਰ ਦੇ ਕਾਰਕੁਨ ਹਨ। ਉਨ੍ਹਾਂ ਨੇ 1984 ਦੇ ਦੰਗਾ ਪੀੜਤਾਂ ਦੇ ਕੇਸ ਸ਼ਿਰੋਮਣੀ ਕਮੇਟੀ ਵੱਲੋਂ ਲੜੇ ਅਤੇ ਅੱਜ ਵੀ ਲੜ ਰਹੇ ਹਨ। ਉਹ ਪੰਜਾਬ ਵਿਧਾਨ ਸਭਾ ਦੇ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਦੇ ਆਗੂ ਵੀ ਰਹੇ ਹਨ। ਸ੍ਰੀ ਹਰਵਿੰਦਰ ਸਿੰਘ ਫੂਲਕਾ 2017 ‘ਚ ਦਾਖਾ ਅਸੈਂਬਲੀ ਹਲਕੇ ਤੋਂ ਚੋਣ ਜਿੱਤੇ ਸਨ ਪਰ ਬਾਅਦ ਵਿੱਚ ਆਮ ਆਦਮੀ ਪਾਰਟੀ ਤੋਂ ਕਿਨਾਰਾ ਕਰ ਗਏ ਸਨ।
ਸੀ ਫੂਲਕਾ ਦਾ ਇਹ ਵਿਚਾਰ ਅਕਾਲ ਤਖਤ ਦੇ ਜੱਥੇਦਾਰ ਵੱਲੋਂ ਸੁਖਬੀਰ ਬਾਦਲ ਸਮੇਤ ਹੋਰ ਸੀਨੀਅਰ ਆਗੂਆਂ ਨੂੰ ਅਕਾਲ ਤਖਤ ਵੱਲੋਂ ਧਾਰਮਿਕ ਤੇ ਸਿਆਸੀ ਸਜ਼ਾ ਸੁਣਾਉਣ ਤੋ੍ਂ ਬਾਅਦ ਸਾਹਮਣੇ ਆਇਆ ਹੈ। ਸ੍ਰੀ ਫੂਲਕਾ ਨੇ ਇੱਕ ਟੀ ਵੀ ਚੈਨਲ ‘ਤੇ ਕਿਹਾ ਕਿ ਅਕਾਲੀ ਦਲ ਖੇਤਰੀ ਪਾਰਟੀ ਵਜੋਂ ਪੰਜਾਬ ਵਿੱਚ ਮਜ਼ਬੂਤ ਹੋਣਾ ਚਾਹੀਦਾ ਹੈ ਅਤੇ ਉਹ ਇਸ ਵਿੱਚ ਸ਼ਾਮਲ ਹੋ ਕੇ ਸੇਵਾ ਕਰਨ ਦੇ ਚਾਹਵਾਨ ਹਨ। ਇਸ ਸੰਬੰਧੀ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਵੀ ਗੱਲਬਾਤ ਕੀਤੀ ਸੀ।