ਸੰਘਰਸ਼ਸ਼ੀਲ ਮੁਲਾਜ਼ਮਾਂ ਤੇ ਐਸਮਾ ਲਾਉਣ ਦੀ ਪੁਰਜ਼ੋਰ ਨਿਖੇਧੀ : ਚੰਦਰ ਸ਼ੇਖਰ
ਮੋਹਾਲੀ, 9 ਦਸੰਬਰ, ਦੇਸ਼ ਕਲਿੱਕ ਬਿਓਰੋ :
ਸੀਟੂ ਦੀ ਪੰਜਾਬ ਅਤੇ ਚੰਡੀਗੜ੍ਹ ਦੀ ਰਾਜ ਕਮੇਟੀ ਦੇ ਪ੍ਰਧਾਨ ਸਾਥੀ ਮਹਾਂ ਸਿੰਘ ਰੌੜੀ ਅਤੇ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕੇਂਦਰੀ ਸਰਕਾਰ ਦੇ ਸਿੱਧੇ ਕੰਟਰੋਲ ਅਧੀਨ ਕੇਂਦਰੀ ਪ੍ਰਸ਼ਾਸਿਤ ਯੂ.ਟੀ. ਚੰਡੀਗੜ੍ਹ ਦੇ ਬਿਜਲੀ ਵਿਭਾਗ ਨੂੰ 31 ਦਸੰਬਰ ਤੱਕ ਨਿੱਜੀ ਕੰਪਨੀ ਦੇ ਹਵਾਲੇ ਕਰਨ ਦੇ ਨਿਰਣੇ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਉਨ੍ਹਾਂ ਨੇ ਦੋਸ਼ ਲਾਇਆ ਕਿ ਚੰਡੀਗੜ੍ਹ ਦਾ ਬਿਜਲੀ ਵਿਭਾਗ , ਬਿਜਲੀ ਪੈਦਾ ਹੀ ਨਹੀਂ ਕਰਦਾ ਸਗੋਂ ਸਰਕਾਰੀ ਅਦਾਰਿਆਂ ਤੋਂ ਬਿਜਲੀ ਖਰੀਦ ਕੇ ਚੰਡੀਗੜ੍ਹ ਦੇ ਹਰ ਤਰ੍ਹਾਂ ਦੇ ਖਪਤਕਾਰਾਂ ਨੂੰ ਬਾਕੀ ਰਾਜਾਂ ਤੋਂ ਸਸਤੀ ਤੇ ਨਿਰਵਿਘਨ ਬਿਜਲੀ ਵੇਚ ਕੇ ਵੀ ਹਰ ਸਾਲ ਚੋਖਾ ਮੁਨਾਫ਼ਾ ਕਮਾਉਂਦਾ ਹੈ ਅਤੇ ਇਸ ਵਿਭਾਗ ਨੇ ਅਰਬਾਂ ਰੁਪਏ ਦੇ ਅਸੈਟਸ ਵੀ ਬਣਾਏ ਹਨ।ਇਸ ਲਈ ਸੀਟੂ ਨੇ ਸੰਘਰਸ਼ਸ਼ੀਲ ਕਰਮਚਾਰੀਆਂ ਵਿਰੁੱਧ ਐਸਮਾ ਲਾਉਣ ਦੇ ਐਲਾਨ ਦੀ ਕਰੜੀ ਨਿਖੇਧੀ ਕੀਤੀ ਹੈ ਅਤੇ ਇਸ ਫਾਸ਼ੀ ਕਦਮ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।ਇਸ ਵਿਭਾਗ ਦਾ ਨਿੱਜੀਕਰਨ ਕਰਨਾ ਸੰਬਧਿਤ ਮੁਲਾਜ਼ਮਾਂ ਅਤੇ ਖਪਤਕਾਰਾਂ ਦੇ ਹਿੱਤਾਂ ਦਾ ਨੁਕਸਾਨ ਕਰਨ ਵਾਲਾ ਅਤੇ ਕਾਰਪੋਰੇਟ ਖੇਤਰ ਦੇ ਹਿਤਾਂ ਦੀ ਪੂਰਤੀ ਵਾਲਾ ਫੈਸਲਾ ਹੈ। ਸੀਟੂ ਸਰਕਾਰ ਤੋਂ ਮੰਗ ਕਰਦੀ ਹੈ ਉਹ ਇਸ ਲੋਕ ਵਿਰੋਧੀ ਫ਼ੈਸਲੇ ਨੂੰ ਫੌਰੀ ਵਾਪਸ ਲਵੇ।ਇਹ ਵੀ ਪੱਖ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ ਕਿ ਆਖਿਰ ਚੰਡੀਗੜ੍ਹ ਉੱਤੇ ਪੰਜਾਬ ਦਾ ਕਾਨੂੰਨੀ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਦੀ ਮਨਜੂਰੀ ਤੋਂ ਬਿਨ੍ਹਾਂ ਅਤੇ ਚੰਡੀਗੜ੍ਹ ਦੇ ਮੁਨਾਫ਼ਾ ਬਖ਼ਸ਼ ਬਿਜਲੀ ਵਿਭਾਗ ਦਾ ਨਿੱਜੀਕਰਨ. ਕੀ ਬਿਨ੍ਹਾਂ ਕਿਸੇ ਗੱਲ਼ਤ ਮਕਸਦ ਤੋਂ ਕੀਤਾ ਜਾ ਰਿਹਾ?ਸੀਟੂ ਦੇ ਆਗੂਆਂ ਨੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਦੇ ਨਿੱਜੀਕਰਨ ਵਿਰੋਧੀ ਸੰਘਰਸ਼ ਦੀ ਭਰਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ ਅਤੇ ਬਾਕੀ ਟਰੇਡ ਯੂਨੀਅਨਾਂ, ਸਮਾਜਿਕ ਸੰਗਠਨਾਂ ਆਦਿ ਨੂੰ ਇਸ ਨਿਆਂਈ ਸੰਘਰਸ਼ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।