ਚੰਡੀਗੜ੍ਹ, 14 ਦਸੰਬਰ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਪੰਜਾਬ ਰਾਜ ਮਹਿਲਾ ਆਯੋਗ ਨੇ ਉਨ੍ਹਾਂ ਨੂੰ ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਕਹਿਣ ਦੇ ਮਾਮਲੇ ਵਿੱਚ ਚਾਰ ਦਿਨਾਂ ਦੇ ਅੰਦਰ ਹਾਜ਼ਰ ਹੋਣ ਲਈ ਕਿਹਾ ਹੈ।
ਮਹਿਲਾ ਆਯੋਗ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੋਹਾਲੀ ਵਿੱਚ ਕਿਹਾ ਕਿ ਇਸ ਮਾਮਲੇ ਵਿੱਚ ਆਯੋਗ ਨੇ ਧਾਮੀ ਨੂੰ ਚਾਰ ਦਿਨਾਂ ਵਿੱਚ ਪੇਸ਼ ਹੋ ਕੇ ਮਾਫੀਨਾਮਾ ਦੇਣ ਲਈ ਕਿਹਾ ਹੈ।ਮਾਮਲੇ ਵਿੱਚ ਬੀਬੀ ਜਗੀਰ ਕੌਰ ਵੱਲੋਂ ਕੋਈ ਬਿਆਨ ਨਾ ਆਉਣ ’ਤੇ ਗਿੱਲ ਨੇ ਕਿਹਾ ਕਿ ਉਨ੍ਹਾਂ ਦੀਆਂ ਆਪਣੀਆਂ ਸਮੱਸਿਆਵਾਂ ਹੋ ਸਕਦੀਆਂ ਹਨ ਪਰ ਅਸੀਂ ਆਪਣਾ ਕੰਮ ਜਾਰੀ ਰੱਖਾਂਗੇ।
ਅਸਲ ਵਿੱਚ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਵਿਅਕਤੀ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲੇ ਸਨ। ਧਾਮੀ ਦੀ ਰਿਕਾਰਡ ਕੀਤੀ ਗਈ ਗੱਲਬਾਤ ਅਤੇ ਬੀਬੀ ਜਗੀਰ ਕੌਰ ਲਈ ਕਹੀਆਂ ਗਈਆਂ ਗੱਲਾਂ ਦਾ ਆਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ।
ਇਸ ਤੋਂ ਬਾਅਦ ਧਾਮੀ ਦਾ ਸੋਸ਼ਲ ਮੀਡੀਆ ’ਤੇ ਜ਼ਬਰਦਸਤ ਵਿਰੋਧ ਸ਼ੁਰੂ ਹੋ ਗਿਆ। ਨਤੀਜੇ ਵਜੋਂ, ਉਹ ਮਾਫੀ ਮੰਗਣ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਗਏ। ਇਸ ਲਈ ਉਨ੍ਹਾਂ ਸਿੱਖ ਪੰਥ, ਬੀਬੀ ਜਗੀਰ ਕੌਰ ਅਤੇ ਸਾਰੀ ਇਸਤ੍ਰੀ ਸ਼੍ਰੇਣੀ ਤੋਂ ਮਾਫੀ ਮੰਗੀ ਸੀ।
ਉਨ੍ਹਾਂ ਨੇ ਕਿਹਾ ਕਿ ਇਸ ਗੁਨਾਹ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਿਹੜੀ ਵੀ ਸਜ਼ਾ ਦਿੱਤੀ ਜਾਵੇਗੀ, ਉਹ ਉਸਨੂੰ ਸਵੀਕਾਰ ਕਰਨਗੇ।ਉਨ੍ਹਾਂ ਕਿਹਾ ਸੀ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਇਸ ਮਾਮਲੇ ਵਿੱਚ ਜਾਰੀ ਕੀਤੇ ਜਾਣ ਵਾਲੇ ਹਰ ਹੁਕਮ ਦੀ ਪਾਲਣਾ ਕਰਨਗੇ।