ਜੇਕਰ ਡੱਲੇਵਾਲ ਸਾਹਿਬ ਨੂੰ ਕੁਝ ਹੋ ਗਿਆ ਤਾਂ ਪੰਜਾਬ ਦੇ ਲੋਕ ਚੁੱਪ ਨਹੀਂ ਬੈਠਣਗੇ : ਰਾਜਾ ਵੜਿੰਗ
ਸ਼ੰਭੂ, 16 ਦਸੰਬਰ, ਦੇਸ਼ ਕਲਿੱਕ ਬਿਓਰੋ :
ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ਉਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਕਾਂਗਰਸ ਪੰਜਾਬ ਦੇ ਪ੍ਰਧਾਨ ਤੇ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸੀ ਆਗੂਆਂ ਸਮੇਤ ਮੁਲਾਕਾਤ ਕੀਤੀ। ਰਾਜਾ ਵੜਿੰਗ ਨੇ ਕਿ ਸੰਘਰਸ਼ੀ ਯੋਧੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਕਰੀਬ 20 ਦਿਨ ਹੋ ਗਏ ਹਨ ਜਗਜੀਤ ਸਿੰਘ ਡੱਲੇਵਾਲ ਨੇ ਕੁਝ ਨਹੀਂ ਖਾਂਧਾ। ਉਨ੍ਹਾਂ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਕਿਤੇ ਕੋਈ ਅਣਹੋਣੀ ਨਾ ਵਾਪਰ ਜਾਵੇ, ਇਸ ਤੋਂ ਪਹਿਲਾਂ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਮੰਨੇ।
ਰਾਜਾ ਵੜਿੰਗ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਅਪਣਾਇਆ ਜਾ ਰਿਹਾ ਰਵੱਈਆ ਬੇਹੱਦ ਨਿੰਦਣਯੋਗ ਹੈ। ਮੈਂ ਸਮੂਹ ਪੰਜਾਬੀਆਂ ਨੂੰ ਵੀ ਅਪੀਲ ਕਰਦਾ ਹਾਂ ਕਿ ਆਓ ਡੱਲੇਵਾਲ ਜੀ ਦਾ ਸਾਥ ਦੇਈਏ ਤੇ ਆਪਣੀ ਕਿਸਾਨੀ,ਆਪਣੇ ਅੰਨਦਾਤਾ ਨੂੰ ਬਚਾਉਣ ਲਈ ਹੰਭਲਾ ਮਾਰੀਏ। ਕਾਂਗਰਸ ਪਾਰਟੀ ਪਹਿਲਾਂ ਵੀ ਆਪਣੇ ਕਿਸਾਨ ਭਰਾਵਾਂ ਦੇ ਨਾਲ ਸੀ ਤੇ ਹੁਣ ਵੀ ਉਹਨਾਂ ਨਾਲ ਡਟ ਕੇ ਖੜ੍ਹੀ ਹੈ ਤੇ ਅੱਗੇ ਵੀ ਖੜ੍ਹੀ ਰਹੇਗੀ। ਅਸੀਂ ਆਪਣੇ ਹੱਕ ਲੈ ਕੇ ਹੀ ਦਮ ਲਵਾਂਗੇ। ਉਨ੍ਹਾਂ ਕਿਹਾ ਕਿ ਡੱਲੇਵਾਲ ਸਾਹਿਬ ਦੀ ਹਾਲਤ ਬਹੁਤ ਸੰਵੇਦਨਸ਼ੀਲ ਹੈ ਕਿਉਂਕਿ ਉਹ 21 ਦਿਨਾਂ ਤੋਂ ਕੁਝ ਨਹੀਂ ਖਾਧੇ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਡੱਲੇਵਾਲ ਸਾਹਿਬ ਨੂੰ ਕੁਝ ਹੋ ਗਿਆ ਤਾਂ ਪੰਜਾਬ ਤੇ ਦੇਸ਼ ਦੇ ਲੋਕ ਚੁੱਪ ਨਹੀਂ ਬੈਠਣਗੇ, ਫਿਰ ਤੁਹਾਡੀ ਕੁਰਸੀ ਵੀ ਸੁਰੱਖਿਅਤ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਮੈਂ ਕੋਈ ਧਮਕੀ ਨਹੀਂ ਦੇ ਰਿਹਾ, ਲੋਕ ਸਭਾ ਦਾ ਮੈਂਬਰ ਹੁੰਦਾ ਹੋਇਆ ਕੇਂਦਰ ਨੂੰ ਸਲਾਹ ਦੇ ਰਿਹਾ ਹੈ ਕਿ ਗ੍ਰਹਿ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਉਨ੍ਹਾਂ ਨਾਲ ਆ ਕੇ ਗੱਲ ਕਰਨ ਤੇ ਮੰਗਾਂ ਦਾ ਹੱਲ ਕਰਨ।