ਚੰਡੀਗੜ੍ਹ: 30 ਦਸੰਬਰ, ਦੇਸ਼ ਕਲਿੱਕ ਬਿਓਰੋ
ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲਮੈਂਟ ਮਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਕਿਸਾਨ ਆਗੂ ਡੱਲੇਵਾਲ ਦੀ ਜਾਨ ਬਚਾਉਣ ਦੀ ਅਪੀਲ ਕੀਤੀ ਹੈ। ਉਨ੍ਹਾ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਕਿਹਾ ਹੈ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਲੰਮੇ ਸਮੇਂ ਤੋਂ ਜਾਰੀ ਸੰਘਰਸ਼ ਦੇ ਅਗਲੇ ਪੜਾਅ ‘ਤੇ, ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਜੀ ਨੂੰ ਆਪਣੀ ਜਾਨ ਦਾਅ ‘ਤੇ ਲਾਉਣੀ ਪਈ, ਪਰ ਬੇਦਰਦ ਕੇਂਦਰ ਸਰਕਾਰ ‘ਤੇ ਕੋਈ ਅਸਰ ਨਹੀਂ ਹੋ ਰਿਹਾ। ਕਿਸਾਨਾਂ ਦੀਆਂ ਸਾਰੀਆਂ ਮੰਗਾਂ ਕੇਂਦਰ ਸਰਕਾਰ ਨਾਲ਼ ਸੰਬੰਧਿਤ ਹਨ ਅਤੇ ਅਸੀਂ ਕੇਂਦਰ ਨੂੰ ਮੁੜ ਅਪੀਲ ਕਰਦੇ ਹਾਂ ਕਿ ਜ਼ਿੱਦ ਛੱਡ ਕੇ ਗੱਲਬਾਤ ਦੇ ਰਾਹ ਖੋਲ੍ਹੇ ਤਾਂ ਜੋ ਕਿਸਾਨਾਂ ਦਾ ਸੰਘਰਸ਼, ਪਰੇਸ਼ਾਨੀਆਂ ਅਤੇ ਉਹਨਾਂ ਦੇ ਨਾਲ਼-ਨਾਲ਼ ਆਮ ਲੋਕਾਂ ਦੀਆਂ ਮੁਸ਼ਕਿਲਾਂ ਵੀ ਖ਼ਤਮ ਹੋਣ।