ਕਰੋਨਾ ਵਰਗੇ ਵਾਇਰਸ ਨੂੰ ਲੈ ਪੰਜਾਬ ਸਰਕਾਰ ਹੋਈ ਚੌਕਸ, ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ
ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿਕ ਬਿਊਰੋ :
ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਸਨ। ਇਸ ਸਬੰਧੀ ਪੰਜਾਬ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਪਹਿਨਣ ਦੀ ਸਲਾਹ ਦਿਤੀ ਹੈ।
ਉਨ੍ਹਾਂ ਇਹ ਵੀ ਯਕੀਨੀ ਬਣਾਇਆ ਹੈ ਕਿ ਇਸ ਬਿਮਾਰੀ ਤੋਂ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ। ਨਾਲ ਹੀ ਪੰਜਾਬ ਵਿੱਚ ਅਜੇ ਤੱਕ ਇਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਦੇ ਸੰਪਰਕ ਵਿੱਚ ਹੈ ਅਤੇ ਵਾਇਰਸ ਦੇ ਫੈਲਣ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਤਿਆਰ ਹੈ।
ਇੰਨਾ ਹੀ ਨਹੀਂ, ਉਨ੍ਹਾਂ ਨੇ ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਅਤੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਇਹ ਵਾਇਰਸ ਕੋਰੋਨਾ ਜਿੰਨਾ ਖਤਰਨਾਕ ਨਹੀਂ ਹੈ। ਇਹ ਇੱਕ ਹਲਕਾ ਵਾਇਰਸ ਹੈ, ਜੋ ਫਲੂ ਵਰਗੇ ਲੱਛਣਾਂ ਦਾ ਕਾਰਨ ਬਣਦਾ ਹੈ। ਡਾ: ਬਲਬੀਰ ਸਿੰਘ ਨੇ ਕਿਹਾ ਕਿ ਇਹ ਘਾਤਕ ਨਹੀਂ ਹੈ।