ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇਸ਼ ਭਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ
ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿਕ ਬਿਊਰੋ :
ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ 46 ਦਿਨਾਂ ਤੋਂ ਸੰਘਰਸ਼ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਸ਼ੰਭੂ ਸਰਹੱਦ ਨੂੰ ਖੋਲ੍ਹਣ ਵਿਰੁੱਧ ਦਾਇਰ ਪਟੀਸ਼ਨ ‘ਤੇ ਵੀ ਸੁਣਵਾਈ ਕਰੇਗੀ। 6 ਜਨਵਰੀ ਨੂੰ ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਡੱਲੇਵਾਲ ਗੱਲਬਾਤ ਲਈ ਤਿਆਰ ਹੈ। ਜਿਸ ਤੋਂ ਬਾਅਦ ਅਦਾਲਤੀ ਕਮੇਟੀ ਨੇ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ ਹੈ।
ਇਸ ਦੇ ਨਾਲ ਹੀ ਵੀਰਵਾਰ ਨੂੰ ਪੰਜਾਬ ਦੇ ਮੋਗਾ ‘ਚ ਮਹਾਪੰਚਾਇਤ ਦੌਰਾਨ ਸੰਯੁਕਤ ਕਿਸਾਨ ਮੋਰਚਾ (SKM) ਨੇ ਅੰਦੋਲਨ ਦਾ ਸਮਰਥਨ ਕੀਤਾ ਹੈ। ਇਸ ਸਬੰਧੀ ਅੱਜ (ਸ਼ੁੱਕਰਵਾਰ) ਕਿਸਾਨ ਆਗੂਆਂ ਦੀ 6 ਮੈਂਬਰੀ ਕਮੇਟੀ 101 ਕਿਸਾਨਾਂ ਨੂੰ ਲੈ ਕੇ ਖਨੌਰੀ ਬਾਰਡਰ ‘ਤੇ ਪਹੁੰਚੇਗੀ।ਇੱਥੇ SKM ਵੱਲੋਂ ਅੰਦੋਲਨ ਚਲਾ ਰਹੇ ਆਗੂਆਂ ਸਰਵਨ ਪੰਧੇਰ ਅਤੇ ਡੱਲੇਵਾਲ ਤੋਂ ਸਮਰਥਨ ਲਈ ਸਹਿਮਤੀ ਲਈ ਜਾਵੇਗੀ।
ਇਸ ਤੋਂ ਇਲਾਵਾ ਐੱਸਕੇਐੱਮ ਵੱਲੋਂ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਅੱਜ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ। ਜਿਕਰਯੋਗ ਹੈ ਕਿ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 11 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ।